ਹੁਸ਼ਿਆਰਪੁਰ, 20 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇੱਕ ਵਿਸ਼ੇਸ਼ ਸਮਾਰੋਹ 'ਚ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਜਿਨ੍ਹਾਂ ਨੇ ਜੰਗ ਵਰਗੀਆਂ ਸਥਿਤੀਆਂ 'ਚ ਆਪਣੀ ਡਿਊਟੀ ਤੋਂ ਵੱਧ ਕੇ ਕੰਮ ਕਰਦੇ ਹੋਏ ਸ਼ਾਨਦਾਰ ਸੇਵਾਵਾਂ ਦਿੱਤੀਆਂ | ਇਸ ਪ੍ਰੋਗਰਾਮ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੀਤੀ ਅਤੇ ਇਨ੍ਹਾਂ ਕਰਮਚਾਰੀਆਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਸੰਕਟ ਦੇ ਸਮੇਂ ਅਜਿਹੇ ਸਮਰਪਿਤ ਕਰਮਚਾਰੀਆਂ ਦਾ ਯੋਗਦਾਨ ਪ੍ਰਸ਼ਾਸਨ ਲਈ ਪ੍ਰੇਰਨਾਦਾਇਕ ਹੈ | ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਕਿਸੇ ਵੀ ਜ਼ਿਲ੍ਹੇ ਦੇ ਸੁਚਾਰੂ ਕੰਮਕਾਜ ਵਿੱਚ ਕਰਮਚਾਰੀਆਂ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਹੁੰਦੀ ਹੈ, ਅਤੇ ਜਦੋਂ ਇਹ ਕਰਮਚਾਰੀ ਸੰਕਟ ਦੇ ਸਮੇਂ ਵਿੱਚ ਵੀ ਅਣਥੱਕ ਅਤੇ ਬਿਨਾਂ ਰੁਕੇ ਸੇਵਾ ਕਰਦੇ ਹਨ, ਤਾਂ ਉਹ ਸੱਚੇ 'ਯੋਧੇ' ਕਹਾਉਣ ਦੇ ਹੱਕਦਾਰ ਹੁੰਦੇ ਹਨ | ਉਨ੍ਹਾਂ ਕਿਹਾ ਕਿ ਸਥਿਤੀ ਕੋਈ ਵੀ ਹੋਵੇ, ਹਰ ਸਥਿਤੀ ਵਿਚ ਇਨ੍ਹਾਂ ਕਰਮਚਾਰੀਆਂ ਨੇ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਈ ਅਤੇ ਜਨਤਕ ਹਿੱਤ ਨੂੰ ਸਭ ਤੋਂ ਉੱਪਰ ਰੱਖਿਆ | ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਪ੍ਰਸ਼ਾਸਨ ਭਵਿੱਖ ਵਿੱਚ ਵੀ ਅਜਿਹੇ ਮਿਹਨਤੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮਾਨਤਾ ਦਿੰਦਾ ਰਹੇਗਾ | ਸਮਾਗਮ 'ਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਬੀਰ ਕੌਰ ਭੁੱਲਰ ਅਤੇ ਸਹਾਇਕ ਕਮਿਸ਼ਨਰ ਓਸ਼ੀ ਮੰਡਲ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਇਨ੍ਹਾਂ ਦੋਵਾਂ ਅਧਿਕਾਰੀਆਂ ਨੇ ਸਨਮਾਨਿਤ ਕਰਮਚਾਰੀਆਂ ਦੀ ਪ੍ਰਸੰਸਾ ਵੀ ਕੀਤੀ | ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ |