ਮਿਆਣੀ, 31 ਅਗਸਤ (ਹਰਜਿੰਦਰ ਸਿੰਘ ਮੁਲਤਾਨੀ)- ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨਾਲ ਟਾਂਡਾ ਤੋਂ ਸ੍ਰੀ ਹਰਗੋਬਿੰਦਪੁਰ ਜਾਣ ਵਾਲੇ ਬਿਆਸ ਦਰਿਆ ਦੇ ਪੁਲ 'ਤੇ ਗਾਈਡ ਵਨ ਬੰਨ੍ਹ ਦਾ ਜਾਇਜ਼ਾ ਲਿਆ | ਉਨ੍ਹਾਂ ਮੌਕੇ 'ਤੇ ਸਥਿਤੀ ਦਾ ਨਿਰੀਖਣ ਕਰਦਿਆਂ ਅਧਿਕਾਰੀਆਂ ਨੂੰ ਧੁੱਸੀ ਬੰਨ੍ਹ ਦੀ ਮਜ਼ਬੂਤੀ ਅਤੇ ਸੁਰੱਖਿਆ ਲਈ ਤੁਰੰਤ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ | ਇਸ ਤੋਂ ਬਾਅਦ ਡਾ. ਰਵਜੋਤ ਸਿੰਘ ਪਿੰਡ ਮਿਆਣੀ ਦੇ ਰਾਹਤ ਕੈਂਪ ਪਹੁੰਚੇ, ਜਿੱਥੇ ਉਨ੍ਹਾਂ ਪ੍ਰਭਾਵਿਤ ਪਰਿਵਾਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਜ਼ਰੂਰਤਾਂ ਦਾ ਜਾਇਜ਼ਾ ਲਿਆ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਸੁਰੱਖਿਆ ਅਤੇ ਰਾਹਤ ਕਾਰਜਾਂ ਵਿਚ ਕੋਈ ਕਸਰ ਨਹੀਂ ਛੱਡ ਰਹੀ ਹੈ | ਉਨ੍ਹਾਂ ਭਰੋਸਾ ਦਿੱਤਾ ਕਿ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ | ਡਾ. ਰਵਜੋਤ ਸਿੰਘ ਨੇ ਕਿਹਾ ਕਿ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੀ ਅਗਵਾਈ ਹੇਠ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ, ਖਾਣਾ-ਪੀਣ ਵਾਲਾ ਪਾਣੀ ਅਤੇ ਹੋਰ ਜ਼ਰੂਰੀ ਸਹੂਲਤਾਂ ਲਗਾਤਾਰ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਨਿਗਰਾਨੀ ਹੇਠ ਡਾਕਟਰੀ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੰਬੰਧਿਤ ਵਿਭਾਗ ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਪੂਰੇ ਜ਼ੋਰ ਨਾਲ ਕੰਮ ਕਰ ਰਹੇ ਹਨ | ਉਨ੍ਹਾਂ ਅਧਿਕਾਰੀਆਂ ਨੂੰ ਰਾਹਤ ਅਤੇ ਪੁਨਰਵਾਸ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ | ਇਸ ਮੌਕੇ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ, ਐਸ.ਡੀ.ਐਮ ਪਰਮਪ੍ਰੀਤ ਸਿੰਘ, ਡੀ.ਐਸ.ਪੀ ਦਵਿੰਦਰ ਸਿੰਘ ਬਾਜਵਾ, ਤਹਿਸੀਲਦਾਰ ਮਨਪ੍ਰੀਤ ਸਿੰਘ, ਸਰਪੰਚ ਜਸਵੰਤ ਸਿੰਘ ਬਿੱਟੂ, ਬਲਾਕ ਪ੍ਰਧਾਨ ਲਖਵਿੰਦਰ ਸਿੰਘ ਸੇਠੀ, ਅਮਰਪ੍ਰੀਤ ਸਿੰਘ ਪਿ੍ੰਸ, ਜਸਵੰਤ ਸਿੰਘ ਅੰਬੀ ਅਤੇ ਹੋਰ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ |