ਗੜ੍ਹਦੀਵਾਲਾ, 31 ਅਗਸਤ (ਚੱਗਰ)-ਬਾਬਾ ਦੀਪ ਸਿੰਘ ਸੇਵਾ ਦਲ ਸੁਸਾਇਟੀ ਗੜ੍ਹਦੀਵਾਲਾ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਜਿਹੜੇ ਬੀਤੇ 10-12 ਦਿਨਾਂ ਤੋਂ ਸੁਸਾਇਟੀ ਦੀ ਪੂਰੀ ਟੀਮ ਦੇ ਨਾਲ ਪੰਜਾਬ ਦੇ ਵੱਖ-ਵੱਖ ਹੜ੍ਹ ਪੀੜਤ ਪਿੰਡਾਂ ਦੇ ਲੋਕਾਂ ਦੀ ਸੇਵਾ ਕਰ ਰਹੇ ਹਨ, ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਾਰੇ ਪਿੰਡਾਂ ਿ'ਚੋਂ ਜਦੋਂ ਤੱਕ ਪਾਣੀ ਦਾ ਪੱਧਰ ਹੇਠਾਂ ਨਹੀਂ ਆ ਜਾਂਦਾ, ਸੁਸਾਇਟੀ ਲੋਕਾਂ ਦੀ ਸੇਵਾ ਕਰਦੀ ਰਹੇਗੀ | ਉਨ੍ਹਾਂ ਦੱਸਿਆ ਕਿ ਸੁਸਾਇਟੀ ਦੇ 30 ਤੋਂ 35 ਸੇਵਾਦਾਰ ਇਸ ਸਮੇਂ ਦਿਨ-ਰਾਤ ਮਿਹਨਤ ਕਰਕੇ ਹੜ੍ਹ ਪੀੜਤ ਪਿੰਡਾਂ ਵਿਚ ਲੋਕਾਂ ਨੂੰ ਸਹਾਇਤਾ ਰਾਸ਼ੀ ਵੰਡ ਰਹੇ ਹਨ | ਉਨ੍ਹਾਂ ਦੱਸਿਆ ਕਿ ਬਹੁਤ ਥਾਵਾਂ 'ਤੇ ਦਰਿਆਵਾਂ ਦੇ ਧੁੱਸੀ ਬੰਨ੍ਹ ਟੁੱਟਣ ਨਾਲ ਵੱਖ-ਵੱਖ ਡੇਰਿਆਂ ਅਤੇ ਨਾਲ ਲੱਗਦੇ ਕਈ ਪਿੰਡਾਂ ਵਿਚ ਲਗਭਗ 6 ਤੋਂ 10 ਫੁੱਟ ਤੱਕ ਪਾਣੀ ਵੜ ਗਿਆ ਅਤੇ ਲੋਕ ਘਰਾਂ ਦੀਆਂ ਛੱਤਾਂ 'ਤੇ ਰਹਿ ਕੇ ਗੁਜ਼ਾਰਾ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਲੋਕਾਂ ਦੀ ਮਦਦ ਲਈ ਸੁਸਾਇਟੀ ਵੱਲੋਂ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀਆਂ ਗਈਆਂ ਕਿਸ਼ਤੀਆਂ ਰਾਹੀ ਪਹੁੰਚ ਕੇ ਲੋਕਾਂ ਨੂੰ ਰਾਸ਼ਨ ਸਮੱਗਰੀ ਦੇ ਨਾਲ-ਨਾਲ ਪਸ਼ੂਆਂ ਦੇ ਰਹਾ ਚਾਰਾ, ਤੂੜੀ ਤੇ ਹੋਰ ਲੋੜੀਂਦਾ ਸਮਾਨ ਦਿੱਤਾ ਜਾ ਰਿਹਾ ਹੈ, ਜਦ ਕਿ ਘਰਾਂ 'ਚ ਫਸੇ ਲੋਕਾਂ ਨੂੰ ਕਿਸ਼ਤੀਆਂ ਰਾਹੀਂ ਬਾਹਰ ਕੱਢਿਆ ਗਿਆ ਹੈ | ਇਸ ਮੌਕੇ ਉਨ੍ਹਾਂ ਗੜ੍ਹਦੀਵਾਲਾ, ਟਾਂਡਾ, ਮੁਕੇਰੀਆਂ ਦੀਆਂ ਸਮੂਹ ਜਥੇਬੰਦੀਆਂ ਅਤੇ ਵਿਦੇਸ਼ਾਂ ਵਿਚ ਵੱਸਦੇ ਸਮੂਹ ਉਨ੍ਹਾਂ ਵੀਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਹੜੇ ਇਸ ਮੁਸ਼ਕਲ ਸਮੇਂ ਸੁਸਾਇਟੀ ਦੇ ਸੁਨੇਹੇ 'ਤੇ ਲੋਕਾਂ ਦੀ ਮਦਦ ਕਰ ਰਹੇ ਹਨ |