ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਸ਼ਹਿਰ ਵਾਸੀਆਂ ਨਾਲ ਕੀਤਾ ਆਪਣਾ ਵਾਅਦਾ ਪੂਰਾ ਕਰਦਿਆਂ ਗਊਸ਼ਾਲਾ ਬਾਜ਼ਾਰ ਦੇ ਸੜਕ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ | ਉਨ੍ਹਾਂ ਕਿਹਾ ਕਿ 50 ਲੱਖ ਦੀ ਲਾਗਤ ਨਾਲ ਬਣਨ ਵਾਲੀ ਇਸ ਆਲੀਸ਼ਾਨ ਸੜਕ ਦੇ ਨਿਰਮਾਣ ਨੂੰ ਦੋ ਭਾਗਾਂ ਵਿਚ ਵੰਡਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਇਕ ਭਾਗ 'ਚ ਭਾਰੀ ਵਾਹਨਾਂ ਦੀ ਆਵਾਜਾਈ ਦੇ ਮੱਦੇਨਜ਼ਰ ਇੰਡਸਟਰੀਅਲ ਟਾਈਲਾਂ ਲਗਾਈਆਂ ਜਾ ਰਹੀਆਂ ਹਨ ਜਦ ਕਿ ਦੂਜੇ ਭਾਗ ਵਿਚ ਸੜਕ ਨੂੰ ਚਾਰ ਇੰਚ ਕਟਿੰਗ ਕਰਕੇ ਲੁੱਕ-ਬੱਜਰੀ ਨਾਲ ਬਣਾਇਆ ਜਾ ਰਿਹਾ ਹੈ | ਵਿਧਾਇਕ ਜਿੰਪਾ ਨੇ ਕਿਹਾ ਕਿ ਸ਼ਹਿਰ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਦੀ ਉਸਾਰੀ ਤੇ ਮੁਰੰਮਤ ਦਾ ਕੰਮ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ | ਉਨ੍ਹਾਂ ਸਪੱਸ਼ਟ ਕੀਤਾ ਕਿ ਬਾਰਿਸ਼ਾਂ ਕਾਰਨ ਉਸਾਰੀ ਵਿਚ ਕੁਝ ਦੇਰੀ ਹੋਈ ਹੈ, ਪਰ ਨਗਰ ਨਿਗਮ ਵਲੋਂ ਵਿਕਾਸ ਕਾਰਜਾਂ ਨੂੰ ਲੈ ਕੇ ਕੋਈ ਢਿੱਲ ਨਹੀਂ ਵਰਤੀ ਜਾ ਰਹੀ | ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕ ਨਿਰਮਾਣ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਤੇ ਇਹ ਯਕੀਨੀ ਬਣਾਇਆ ਜਾਵੇ ਕਿ ਟਿਕਾਊ ਅਤੇ ਮਜ਼ਬੂਤ ਸੜਕਾਂ ਜਨਤਾ ਲਈ ਉਪਲਬਧ ਹੋਣ | ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਤੋਂ ਇਲਾਵਾ ਕੌਂਸਲਰ, ਨਗਰ ਨਿਗਮ ਦੇ ਅਧਿਕਾਰੀ ਅਤੇ ਇਲਾਕਾ ਨਿਵਾਸੀ ਵੱਡੀ ਗਿਣਤੀ 'ਚ ਮੌਜੂਦ ਸਨ |