ਹੁਸ਼ਿਆਰਪੁਰ, 23 ਅਕਤੂਬਰ (ਹਰਪ੍ਰੀਤ ਕੌਰ)-ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਨੇ ਹੁਸ਼ਿਆਰਪੁਰ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਹੁਸ਼ਿਆਰਪੁਰ ਦੇ ਪਿੰਡ ਬੈਂਚਾ ਦੇ ਵਸਨੀਕ ਕਿ੍ਸ਼ਨ ਗੋਪਾਲ ਨੂੰ ਉਸ ਦੇ ਪੁੱਤਰ ਕੇਸ਼ਵ ਸਮੇਤ ਹੁਸ਼ਿਆਰਪੁਰ 'ਚ ਇਕ ਜਿਊਲਰੀ ਸਟੋਰ 'ਤੇ ਮਿੱਥ ਕੇ ਕਤਲ ਕਰਨ ਲਈ ਕੀਤੀ ਗੋਲੀਬਾਰੀ ਦੇ ਸਬੰਧ ਵਿੱਚ ਗਿ੍ਫ਼ਤਾਰ ਕੀਤਾ ਹੈ | ਇਹ ਜਾਣਕਾਰੀ ਐਸ.ਐਸ.ਪੀ ਸੰਦੀਪ ਮਲਿਕ ਨੇ ਵੀਰਵਾਰ ਨੂੰ ਇੱਥੇ ਦਿੱਤੀ | ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ 'ਚੋਂ 32 ਕੈਲੀਬਰ ਪਿਸਤੌਲ ਤੇ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ | ਇਸ ਤੋਂ ਇਲਾਵਾ ਉਨ੍ਹਾਂ ਦਾ ਮੋਟਰਸਾਈਕਲ ਜਿਸ 'ਤੇ ਉਹ ਸਵਾਰ ਸਨ, ਨੂੰ ਵੀ ਜ਼ਬਤ ਕੀਤਾ ਗਿਆ ਹੈ | ਐਸ.ਐਸ.ਪੀ ਨੇ ਕਿਹਾ ਕਿ ਗਿ੍ਫ਼ਤਾਰ ਕੀਤੇ ਗਏ ਦੋਵੇਂ ਵਿਅਕਤੀ ਹੁਸ਼ਿਆਰਪੁਰ ਦੇ ਗਣਪਤੀ ਜਿਉਲਰਜ਼ 'ਤੇ 18 ਅਕਤੂਬਰ ਨੂੰ ਕੀਤੀ ਗਈ ਗੋਲੀਬਾਰੀ ਵਿੱਚ ਸ਼ਾਮਿਲ ਸਨ | ਉਨ੍ਹਾਂ ਕਿਹਾ ਕਿ ਹਮਲੇ ਤੋਂ ਬਾਅਦ ਦੁਕਾਨ ਮਾਲਕ ਨੂੰ ਇੱਕ ਅਣਪਛਾਤੇ ਵਿਦੇਸ਼ੀ ਨੰਬਰ ਤੋਂ ਧਮਕੀ ਮਿਲੀ ਸੀ, ਜਿਸ ਵਿੱਚ ਉਸ ਵੱਲੋਂ 20 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ | ਇਸ ਸਬੰਧੀ ਮਾਹਿਲਪੁਰ ਥਾਣੇ ਵਿਚ ਧਾਰਾ 336, 324 (4) ਅਤੇ 3 (5) ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕੀਤਾ ਗਿਆ ਸੀ | ਐਸ.ਐਸ.ਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਜਾਂਚ ਜਾਰੀ ਹੈ | ਉਨ੍ਹਾਂ ਕਿਹਾ ਕਿ ਗਹਿਣਿਆਂ ਦੀ ਦੁਕਾਨ 'ਤੇ ਹਮਲੇ ਤੋਂ ਬਾਅਦ ਜ਼ਿਲ੍ਹਾ ਪੁਲਿਸ ਦੀਆਂ ਟੀਮਾਂ ਨੇ ਸਾਂਝੇ ਤੌਰ 'ਤੇ ਮਾਮਲੇ ਦੀ ਜਾਂਚ ਕੀਤੀ ਤੇ ਇਸ ਮਾਮਲੇ ਵਿੱਚ ਸ਼ੱਕੀਆਂ ਦੀ ਪਛਾਣ ਕੀਤੀ ਗਈ | ਪੁਲਿਸ ਟੀਮਾਂ ਨੇ ਪਿੰਡ ਮਹਿਦੂਦਪੁਰ ਵਿਖੇ ਕਿ੍ਸ਼ਨ ਗੋਪਾਲ ਅਤੇ ਕੇਸ਼ਵ ਨੂੰ ਜਦੋਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਪੁਲਿਸ ਪਾਰਟੀ 'ਤੇ ਗੋਲੀਬਾਰੀ ਕਰ ਦਿੱਤੀ | ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ | ਐਸ.ਐਸ.ਪੀ ਨੇ ਦੱਸਿਆ ਕਿ ਇਸ ਸਬੰਧ ਵਿਚ ਮਾਹਿਲਪੁਰ ਥਾਣੇ 'ਚ ਧਾਰਾ 109, 221, 132 ਅਤੇ 3 (5) ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ |