ਹੁਸ਼ਿਆਰਪੁਰ, 23 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿਚ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ 4 ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ 27 ਅਕਤੂਬਰ ਤੋਂ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਚਲਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਅਫ਼ਸਰ ਹਰਵੰਤ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਵਿਚ ਡੇਅਰੀ ਫਾਰਮਰਜ਼ ਨੂੰ ਐਡਵਾਂਸ ਡੇਅਰੀ ਫਾਰਮਿੰਗ ਬਾਰੇ ਜਾਣਕਾਰੀ ਦਿੱਤੀ ਜਾਵੇਗੀ | ਇਸ ਸਿਖਲਾਈ ਪ੍ਰੋਗਰਾਮ ਵਿਚ ਭਾਗ ਲੈਣ ਵਾਲਾ ਸਿੱਖਿਆਰਥੀ ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ, ਘੱਟ ਤੋਂ ਘੱਟ ਦਸਵੀਂ ਜਮਾਤ ਪਾਸ ਹੋਵੇ ਅਤੇ ਉਸ ਦੀ ਉਮਰ 18 ਤੋਂ 55 ਸਾਲ ਹੋਵੇ | ਉਨ੍ਹਾਂ ਕਿਹਾ ਕਿ ਇਸ ਸਿਖਲਾਈ ਕੋਰਸ ਦੀ ਫ਼ੀਸ 5000 ਰੁਪਏ ਜਨਰਲ ਸ਼੍ਰੇਣੀ ਲਈ ਅਤੇ 4000 ਰੁਪਏ ਅਨੁਸੂਚਿਤ ਜਾਤੀ ਦੇ ਸਿੱਖਿਆਰਥੀਆਂ ਲਈ ਹੋਵੇਗੀ | ਸਿਖਲਾਈ ਲੈਣ ਦੇ ਚਾਹਵਾਨ ਆਪਣੇ ਦਸਤਾਵੇਜ਼ ਜਿਵੇਂ ਕਿ ਪੜ੍ਹਾਈ ਦਾ ਸਰਟੀਫਿਕੇਟ, ਆਧਾਰ ਕਾਰਡ, ਵੋਟਰ ਕਾਰਡ, ਜਾਤੀ ਦਾ ਸਰਟੀਫਿਕੇਟ ਅਤੇ 2 ਪਾਸਪੋਰਟ ਸਾਈਜ਼ ਫ਼ੋਟੋਆਂ ਨਾਲ ਲੈ ਕੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਮਿੰਨੀ ਸਕੱਤਰੇਤ, ਚੌਥੀ ਮੰਜ਼ਿਲ, ਕਮਰਾ ਨੰਬਰ 439 ਵਿਖੇ 25 ਅਕਤੂਬਰ ਤੱਕ ਦਫ਼ਤਰੀ ਕੰਮਕਾਜ ਦੇ ਸਮੇਂ ਦੌਰਾਨ ਸੰਪਰਕ ਕਰ ਸਕਦੇ ਹਨ |