ਹੁਸ਼ਿਆਰਪੁਰ , 23 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ ਭੱਤਾ ਵਰਕਰਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤੇ ਜਾਣ ਦੇ ਰੋਸ ਵਜੋਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਸਥਾਨਕ ਪੈਨਸ਼ਨਰ ਭਵਨ 'ਚ ਸੂਬਾ ਪੱਧਰੀ ਮੀਟਿੰਗ ਕਰਕੇ 16 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਧਾਨ ਸਭਾ ਹਲਕੇ ਧੂਰੀ ਵਿਚ ਸੂਬਾ ਪੱਧਰੀ ਰੈਲੀ ਅਤੇ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਗਿਆ | ਸਾਂਝੇ ਫ਼ਰੰਟ ਦੇ ਕਨਵੀਨਰ ਭਜਨ ਸਿੰਘ ਗਿੱਲ ਦੀ ਪ੍ਰਧਾਨਗੀ 'ਚ ਹੋਈ ਮੀਟਿੰਗ ਉਪਰੰਤ ਸੂਬਾ ਕਨਵੀਨਰਾਂ ਧਨਵੰਤ ਸਿੰਘ ਭੱਠਲ, ਰਣਜੀਤ ਸਿੰਘ ਰਾਣਵਾਂ, ਕਰਮ ਸਿੰਘ ਧਨੋਆ, ਸਤੀਸ਼ ਰਾਣਾ, ਜਰਮਨਜੀਤ ਸਿੰਘ, ਗੁਰਪ੍ਰੀਤ ਸਿੰਘ ਗੰਡੀਵਿੰਡ, ਗੁਲਜ਼ਾਰ ਖਾਨ, ਅਮਰੀਕ ਸਿੰਘ ਕੰਗ, ਮਨਜਿੰਦਰ ਸਿੰਘ, ਰਾਧੇ ਸ਼ਿਆਮ ਤੇ ਜਗਦੀਸ਼ ਚਾਹਲ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਕੇਂਦਰ ਅਤੇ ਗੁਆਂਢੀ ਸੂਬਿਆਂ ਦੀਆਂ ਸਰਕਾਰਾਂ ਨਾਲੋਂ 16 ਫ਼ੀਸਦੀ ਮਹਿੰਗਾਈ ਭੱਤਾ ਘੱਟ ਦੇ ਰਹੀ ਹੈ | ਇਸੇ ਤਰ੍ਹਾਂ ਪੈਨਸ਼ਨਰਾਂ 'ਤੇ 2.59 ਦਾ ਗੁਣਾਂਕ ਲਾਗੂ ਕਰਨ, ਆਪਣੀ ਸਰਕਾਰ ਦੁਆਰਾ ਪੁਰਾਣੀ ਪੈਨਸ਼ਨ ਦੇਣ ਸੰਬੰਧੀ ਜਾਰੀ ਕੀਤੇ ਨੋਟੀਫ਼ਿਕੇਸ਼ਨ ਨੂੰ ਲਾਗੂ ਕਰਨ ਅਤੇ ਰਹਿੰਦੇ ਬੋਰਡ/ ਕਾਰਪੋਰੇਸ਼ਨਾਂ ਦੇ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਆਦਿ ਮੰਗਾਂ ਪੂਰੀਆਂ ਕਰਨ ਤੋਂ ਲਗਪਗ ਇਨਕਾਰੀ ਹੋ ਚੁੱਕੀ ਹੈ | ਆਗੂਆਂ ਸੁਰਿੰਦਰ ਰਾਮ ਕੁੱਸਾ, ਕੁਲਵਰਨ ਸਿੰਘ, ਐਨ.ਡੀ. ਤਿਵਾੜੀ, ਹਰਦੀਪ ਟੋਡਰਪੁਰ, ਸੁਰਿੰਦਰ ਪੁਆਰੀ, ਨਿਰਭੈ ਸਿੰਘ, ਰਛਪਾਲ ਸਿੰਘ, ਜ਼ੈਲ ਸਿੰਘ ਨੇ ਕਿਹਾ ਕਿ 27 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧੂਰੀ ਸਥਿਤ ਦਫ਼ਤਰ ਵਿਖੇ ਪੁੱਜ ਕੇ ਸਾਂਝੇ ਫ਼ਰੰਟ ਵਲੋਂ ਮੁੱਖ ਮੰਤਰੀ ਦੇ ਨਾਮ 16 ਨਵੰਬਰ ਦੀ ਰੈਲੀ ਦਾ ਨੋਟਿਸ ਦਿੱਤਾ ਜਾਵੇਗਾ ਅਤੇ ਰੈਲੀ ਦੇ ਪ੍ਰਬੰਧਾਂ ਸੰਬੰਧੀ ਅੰਤਿਮ ਰੂਪ ਰੇਖਾ ਉਲੀਕੀ ਜਾਵੇਗੀ | ਇਸ ਮੌਕੇ ਸੁਖਵਿੰਦਰ ਸਿੰਘ ਲੀਲ, ਸਰਬਜੀਤ ਸਿੰਘ, ਚਮਕੌਰ ਸਿੰਘ, ਕੇਵਲ ਸਿੰਘ ਬਨਵੈਤ, ਬਲਵਿੰਦਰ ਸਿੰਘ ਬਾਜਵਾ, ਰਮਨਜੀਤ ਸੰਧੂ, ਬਿੱਕਰ ਸਿੰਘ, ਦਰਸ਼ਨ ਸਿੰਘ ਆਦਿ ਵੀ ਹਾਜ਼ਰ ਸਨ |