ਮਾਹਿਲਪੁਰ, 23 ਅਕਤੂਬਰ (ਰਜਿੰਦਰ ਸਿੰਘ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਸੂਬਾ ਪ੍ਰਧਾਨ ਸਤੀਸ਼ ਰਾਣਾ, ਬਲਾਕ ਪ੍ਰਧਾਨ ਨਰਿੰਦਰ ਅਜਨੋਹਾ, ਮੱਖਣ ਸਿੰਘ ਲੰਗੇਰੀ ਅਤੇ ਅਮਰਜੀਤ ਕੁਮਾਰ ਨੇ ਸਾਂਝੇ ਤੌਰ 'ਤੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਹਰ ਵਰਗ ਨਾਲ ਧੱਕਾ ਅਤੇ ਸ਼ੋਸ਼ਣ ਕੀਤਾ ਜਾ ਰਿਹਾ ਹੈ | ਤਿਉਹਾਰਾਂ ਤੇ ਸਰਕਾਰ ਵੱਲੋਂ ਕੋਈ ਮਹਿੰਗਾਈ ਭੱਤੇ ਦਾ ਐਲਾਨ ਨਾ ਕਰਨ ਦੇ ਰਵੱਈਏ ਨੇ ਵੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਨਿਰਾਸ਼ ਕੀਤਾ | ਆਗੂਆਂ ਨੇ ਕਿਹਾ ਕਿ ਮਾਣ ਭੱਤੇ 'ਤੇ ਕੰਮ ਕਰਦੀਆਂ ਮਿਡ ਡੇ ਮੀਲ ਵਰਕਰਾਂ ਅਤੇ ਇੰਨਸੈਂਟਿਵ 'ਤੇ ਕੰਮ ਕਰਦੀਆਂ ਆਸ਼ਾ ਵਰਕਰਾਂ, ਆਊਟਸੋਰਸਿੰਗ ਮੁਲਾਜ਼ਮ ਅਤੇ ਫੈਸੀਲੀਟੇਟਰ ਮੁਲਾਜ਼ਮਾਂ ਦਾ ਰੁਜ਼ਗਾਰ ਦੇ ਨਾਂਅ 'ਤੇ ਪੂਰੀ ਤਰ੍ਹਾਂ ਸ਼ੋਸ਼ਣ ਕੀਤਾ ਜਾ ਰਿਹਾ ਹੈ ਜਿਨ੍ਹਾਂ ਨੂੰ ਸਰਕਾਰ ਵੱਲੋਂ ਨਿਰਧਾਰਿਤ ਘੱਟੋ ਘੱਟ ਉਜਰਤ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਮੁਲਾਜ਼ਮਾਂ ਨੂੰ ਮਹਿੰਗਾਈ ਭੱਤਾ ਕੇਂਦਰ ਨਾਲੋਂ 16% ਘੱਟ ਦਿੱਤਾ ਜਾ ਰਿਹਾ ਹੈ, ਤਨਖ਼ਾਹ ਕਮਿਸ਼ਨ ਦੇ ਬਕਾਏ, ਪੁਰਾਣੀ ਪੈਨਸ਼ਨ ਬਹਾਲ ਕਰਨ, ਪੈਨਸ਼ਨਰਾਂ ਲਈ 2.59 ਗੁਣਾਂਕ, ਪ੍ਰੋਵੇਸ਼ਨਲ ਪੀਰੀਅਡ ਦੇ ਨਾਂ ਤੇ ਮੁਲਾਜ਼ਮਾਂ ਦਾ ਆਰਥਿਕ ਸ਼ੋਸ਼ਣ, ਜਬਰੀ ਥੋਪਿਆ ਕੇਂਦਰੀ ਪੇਅ-ਕਮਿਸ਼ਨ, ਏ.ਸੀ.ਪੀ ਅਤੇ 37 ਤਰ੍ਹਾਂ ਦੇ ਭੱਤੇ ਬੰਦ ਕੀਤੇ ਹੋਏ ਹਨ | ਇਸ ਮੌਕੇ ਆਗੂਆਂ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 16 ਨਵੰਬਰ ਨੂੰ ਮੁਲਾਜ਼ਮ-ਪੈਨਸ਼ਨਰ ਸਾਂਝਾ ਫ਼ਰੰਟ ਵੱਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿਚ ਵੱਡੇ ਪੱਧਰ ਤੇ ਸ਼ਾਮਲ ਹੋਣ ਦੀ ਅਪੀਲ ਕੀਤੀ | ਇਸ ਮੌਕੇ ਸਲਾਹਕਾਰ ਸੁਨੀਲ ਸ਼ਰਮਾ, ਸੰਜੀਵ ਧੂਤ, ਸੁਰਜੀਤ ਰਾਜਾ, ਗੁਰਪ੍ਰੀਤ ਸਿੰਘ, ਉਂਕਾਰ ਸਿੰਘ, ਜਸਵਿੰਦਰ ਸਿੰਘ, ਅਜੇ ਕੁਮਾਰ, ਸੁਰਜੀਤ ਸਿੰਘ, ਬਲਜੀਤ ਸਿੰਘ, ਬਲਜਿੰਦਰ ਸਿੰਘ, ਹਰਪ੍ਰੀਤ ਸਿੰਘ, ਸਰਬਜੀਤ ਸਿੰਘ ਆਦਿ ਹਾਜ਼ਰ ਸਨ |