ਹੁਸ਼ਿਆਰਪੁਰ, 4 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੀ.ਐੱਸ.ਐੱਮ.ਐੱਸ.ਯੂ. (ਪੰਜਾਬ ਦੇ 52 ਵਿਭਾਗਾਂ) ਦੀ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ, ਸੂਬਾ ਜਨਰਲ ਸਕੱਤਰ ਤਰਸੇਮ ਭੱਠਲ ਅਤੇ ਰਘਬੀਰ ਸਿੰਘ ਬਡਵਾਲ ਚੇਅਰਮੈਨ ਦੀ ਅਗਵਾਈ 'ਚ ਮੀਟਿੰਗ ਹੋਈ, ਜਿਸ 'ਚ ਫ਼ੈਸਲਾ ਕੀਤਾ ਗਿਆ ਕਿ ਮਨਿਸਟਰੀਅਲ ਕਾਮਿਆਂ ਵਲੋਂ 7 ਨਵੰਬਰ ਨੂੰ ਤਰਨਤਾਰਨ ਵਿਖੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ | ਰੋਸ ਰੈਲੀ ਸਬੰਧੀ ਜਾਣਕਾਰੀ ਦਿੰਦਿਆਂ ਮਨਿਸਟਰੀਅਲ ਸਟਾਫ਼ ਯੂਨੀਅਨ ਸਿੱਖਿਆ ਵਿਭਾਗ ਪੰਜਾਬ ਦੇ ਸੂਬਾ ਚੇਅਰਮੈਨ ਮਲਕੀਤ ਸਿੰਘ ਅੰਮਿ੍ਤਸਰ ਅਤੇ ਸੂਬਾ ਮੁੱਖ ਸਲਾਹਕਾਰ ਅਨਿਰੁਧ ਮੋਦਗਿਲ, ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਖੱਟੜਾ ਅਤੇ ਸੂਬਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਬਠਿੰਡਾ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮੁਲਾਜ਼ਮ ਮੰਗਾਂ ਨੂੰ ਬਿਲਕੁਲ ਅੱਖੋਂ ਪਰੋਖੇ ਕਰ ਦਿੱਤਾ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਆਪਣੇ ਪੌਣੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਮੁਲਾਜ਼ਮਾਂ ਦੀ ਕੋਈ ਮੰਗ ਵੀ ਪੂਰੀ ਨਹੀਂ ਕੀਤੀ | ਪੁਰਾਣੀ ਪੈਨਸ਼ਨ ਸਕੀਮ ਦਾ ਅਧੂਰਾ ਨੋਟੀਫ਼ਿਕੇਸ਼ਨ ਜਾਰੀ ਕੀਤੇ ਨੂੰ ਤੀਸਰੀ ਦੀਵਾਲੀ ਵੀ ਲੰਘ ਗਈ ਹੈ | ਉਨ੍ਹਾਂ ਦੱਸਿਆ ਕਿ ਮੰਗਾਂ ਸਬੰਧੀ ਕੈਬਨਿਟ ਸਬ ਕਮੇਟੀ ਵਲੋਂ ਜਥੇਬੰਦੀ ਨਾਲ ਮੀਟਿੰਗਾਂ ਵੀ ਕੀਤੀਆਂ ਗਈਆਂ, ਪ੍ਰੰਤੂ ਕਿਸੇ ਮੀਟਿੰਗ ਦੇ ਸਾਰਥਿਕ ਨਤੀਜੇ ਕੋਈ ਨਹੀਂ ਨਿਕਲਿਆ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮ ਮੰਗਾਂ ਨੂੰ ਲਾਗੂ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ 'ਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ |