ਜਗਰਾਉਂ, 15 ਜੂਨ (ਹਰਵਿੰਦਰ ਸਿੰਘ ਖ਼ਾਲਸਾ)-'ਮਾਨਸ ਕੀ ਜਾਤ ਸਭੈ ਏਕੋ ਪਹਿਚਾਨਬੋ' ਦੇ ਮਿਸ਼ਨ ਨੂੰ ਪ੍ਰਚਾਰਨ ਲਈ ਬਾਬਾ ਜਸਵੰਤ ਸਿੰਘ ਬਾਊ ਵਲੋਂ ਸ਼ੁਰੂ ਕੀਤੀ ਮੁਹਿੰਮ ਦੀ ਲੜੀ ਵਿਚ ਜਗਰਾਉਂ ਦੇ ਗੁਰਦੁਆਰਾ ਸਾਹਿਬ ਦਸਮੇਸ਼ ਨਗਰ ਵਿਖੇ ਹੋਏ ਤਿੰਨ ਰੋਜ਼ਾ ਸਮਾਗਮਾਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ | ਇਸ ਸਮਾਗਮ ਦੀ ਇਹ ਵਿਸ਼ੇਸ਼ਤਾ ਰਹੀ ਕਿ ਇਹ ਸਮਾਗਮ ਅੰਮਿ੍ਤ ਵੇਲੇ ਤੋਂ ਸ਼ੁਰੂ ਹੋ ਕੇ ਦੇਰ ਰਾਤ ਤੱਕ ਨਿਰੰਤਰ ਚੱਲਦੇ ਰਹੇ ਤੇ ਸੰਗਤਾਂ ਗੁਰਬਾਣੀ ਕੀਰਤਨ, ਕਥਾ, ਗੁਰਮਤਿ ਵਿਚਾਰਾਂ ਦਾ ਆਨੰਦ ਮਾਣਦੀਆਂ ਰਹੀਆਂ | ਸਮਾਗਮ ਦੇ ਪ੍ਰਬੰਧਕਾਂ ਅਪਾਰ ਸਿੰਘ, ਗਿਆਨੀ ਰਣਜੀਤ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਦੇਸ਼ ਦੇ ਕੋਨੇ ਕੋਨੇ ਵਿਚ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਇੰਨ੍ਹਾਂ ਸਮਾਗਮਾਂ 'ਚ ਗੁਰਬਾਣੀ ਕੀਰਤਨ, ਗੁਰਮਤਿ ਵਿਚਾਰਾਂ ਦਾ ਸੰਗਤਾਂ ਨੇ ਲਾਹਾ ਲਿਆ | ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿਚ ਅੰਮਿ੍ਤ ਸੰਚਾਰ ਵੀ ਕਰਵਾਇਆ ਗਿਆ, ਜਿਸ ਵਿਚ 13 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ |