ਕੁਹਾੜਾ, 16 ਜੂਨ (ਸੰਦੀਪ ਸਿੰਘ ਕੁਹਾੜਾ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਸਿੱਖਿਆ ਵਿਭਾਗ ਵਿਚ ਪਿਛਲੇ ਪੰਜ ਸਾਲ ਤੋਂ ਸੇਵਾ ਨਿਭਾ ਰਹੇ ਮੁੱਖ ਅਧਿਆਪਕਾਂ ਨੂੰ ਨੌਕਰੀ ਤੋਂ ਹਟਾਉਣ ਦੇ ਫ਼ੈਸਲੇ ਨੂੰ ਮੰਦਭਾਗਾ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਰੋਜ਼ਗਾਰ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਦੂਜੇ ਪਾਸੇ ਪੰਜਾਬ ਦੇ ਸਿੱਖਿਆ ਵਿਭਾਗ ਵਿੱਚ ਭਰਤੀ ਕੀਤੇ ਗਏ 29 ਮੁੱਖ ਅਧਿਆਪਕਾਂ ਨੂੰ ਨੌਕਰੀ ਤੋਂ ਹਟਾਉਣ ਦੇ ਫ਼ੈਸਲੇ ਨਾਲ ਅਧਿਆਪਕ ਵਰਗ ਵਿਚ ਭਾਰੀ ਰੋਸ ਹੈ¢ ਯੂਨੀਅਨ ਪ੍ਰਧਾਨ ਢਿੱਲੋਂ ਨੇ ਅਧਿਆਪਕਾਂ ਦੀਆਂ ਪਿਛਲੇ ਪੰਜ ਸਾਲ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਸੇਵਾਵਾਂ ਬਹਾਲ ਕਰਨ ਦੀ ਮੰਗ ਕੀਤੀ ਗਈ | ਉਨ੍ਹਾਂ ਕਿਹਾ ਕਿ ਮਾਨਯੋਗ ਹਾਈਕੋਰਟ ਦੇ ਸਿੰਗਲ ਬੈਂਚ ਵਲੋਂ 2020 ਵਿੱਚ ਇਨ੍ਹਾਂ ਮੁੱਖ ਅਧਿਆਪਕਾਂ ਨੂੰ ਭਰਤੀ ਕਰਨ ਦਾ ਹੁਕਮ ਸੁਣਾਇਆ ਗਿਆ | ਜਦੋਂ ਕਿ ਦੂਜੇ ਪਾਸੇ ਅਯੋਗ ਕੀਤੇ ਗਏ ਮੁੱਖ ਅਧਿਆਪਕਾਂ ਨੇ ਇਸ ਭਰਤੀ ਦੇ ਖ਼ਿਲਾਫ਼ ਮਾਨਯੋਗ ਅਦਾਲਤ ਵਿਚ ਕੇਸ ਲਾਇਆ, ਜਿਸ ਦਾ ਫ਼ੈਸਲਾ ਆਉਣਾ ਅਜੇ ਬਾਕੀ ਹੈ¢ ਯੂਨੀਅਨ ਆਗੂ ਅਲਬੇਲ ਸਿੰਘ ਘੁਡਾਣੀ ਸਲਾਹਕਾਰ, ਦਵਿੰਦਰ ਸਿੰਘ ਗੁਰੂ, ਜਸਪਾਲ ਸਿੰਘ, ਹਰਜਿੰਦਰ ਸਿੰਘ ਖੱਖ, ਪੈੱ੍ਰਸ ਸਕੱਤਰ ਮਨਦੀਪ ਸਿੰਘ ਸੇਖੋਂ, ਹਰਪ੍ਰੀਤ ਸਿੰਘ ਅਤੇ ਅਲਬੇਲ ਸਿੰਘ ਪੁੜੈਣ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਕੇਸ 'ਤੇ ਹਮਦਰਦੀ ਨਾਲ ਵਿਚਾਰ ਕਰਦਿਆਂ ਮੁੱਖ ਅਧਿਆਪਕਾਂ ਦੀਆਂ ਸੇਵਾਵਾਂ ਵਿਭਾਗ ਵਿਚ ਬਹਾਲ ਕੀਤੀਆਂ ਜਾਣ¢