ਚੌਂਕੀਮਾਨ, 16 ਜੂਨ (ਤੇਜਿੰਦਰ ਸਿੰਘ ਚੱਢਾ)-ਪੰਜਾਬ ਸਰਕਾਰ ਵਲੋਂ ਪੁਲਿਸ ਜ਼ਬਰ ਕਰਕੇ ਸੰਘਰਸਸ਼ੀਲ ਸਾਥੀਆਂ ਨੂੰ ਜੇਲਾਂ ਵਿਚ ਬੰਦ ਕੀਤਾ ਹੋਇਆ ਹੈ, ਸੰਘਰਸ਼ ਦੇ ਦਬਾਅ ਸਦਕਾ ਜੇਲ੍ਹੀਂ ਡੱਕੇ ਵੱਡੀ ਗਿਣਤੀ ਵਿਚ ਮਜ਼ਦੂਰਾਂ ਨੂੰ ਰਿਹਾਅ ਕਰ ਦਿੱਤਾ ਗਿਆ ਪਰ ਅਜੇ ਵੀ ਔਰਤਾਂ ਸਮੇਤ ਕੁਝ ਸਾਥੀ ਜੇਲ੍ਹਾਂ ਵਿਚ ਬੰਦ ਹਨ ਤੇ ਸੰਗਰੂਰ ਪ੍ਰਸ਼ਾਸਨ ਵਲੋਂ ਜ਼ਮੀਨ ਪ੍ਰਾਪਤੀ ਸੰਘਰਸ ਕਮੇਟੀ ਦੇ ਆਗੂ ਬਿੱਕਰ ਸਿੰਘ ਹਥੋਆ ਨੂੰ ਵਾਅਦਾ ਖ਼ਿਲਾਫ਼ੀ ਕਰਕੇ ਧੋਖੇ ਨਾਲ ਗੱਲਬਾਤ ਲਈ ਬੁਲਾਕੇ ਗਿ੍ਫ਼ਤਾਰ ਕੀਤਾ ਗਿਆ ਹੈ ਤੇ ਸਰਕਾਰ ਦੀ ਇਸ ਵਾਅਦਾ ਖ਼ਿਲਾਫ਼ੀ ਦੇ ਗਿ੍ਫ਼ਤਾਰ ਮਜ਼ਦੂਰਾਂ ਤੇ ਆਗੂਆਂ ਨੂੰ ਤੁਰੰਤ ਰਿਹਾਅ ਕਰਵਾਉਣ ਲਈ ਭਗਵੰਤ ਮਾਨ ਦੇ ਪੁਤਲੇ ਫੂਕਣ ਦੇ ਸੂਬਾਈ ਸੱਦੇ ਤਹਿਤ ਅੱਜ ਪਿੰਡ ਸਿੱਧਵਾਂ ਕਲਾਂ ਤੇ ਗਗੜਾ ਵਿਖੇ ਪੰਜਾਬ ਸਰਕਾਰ ਤੇ ਸੰਗਰੂਰ ਪ੍ਰਸਾਸ਼ਨ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਸੁਖਦੇਵ ਸਿੰਘ ਮਾਣੂੰਕੇ ਤੇ ਇਲਾਕਾ ਪ੍ਰਧਾਨ ਕੁਲਵੰਤ ਸਿੰਘ ਸੋਨੀ ਸਿੱਧਵਾਂ ਨੇ ਕਿਹਾ ਕਿ ਭਗਵੰਤ ਮਾਨ ਦਾ ਮਜ਼ਦੂਰ ਵਿਰੋਧੀ ਚਿਹਰਾ ਨੰਗਾ ਹੋ ਚੁੱਕਾ ਹੈ ਤੇ ਪੰਜਾਬ ਸਰਕਾਰ ਲੋਕਾਂ ਦੇ ਵਾਅਦੇ ਪੂਰੇ ਕਰਨ ਵਿਚ ਨਾਕਾਮ ਸਾਬਿਤ ਹੋਈ ਹੈ ਤੇ ਇਕਤੱਰਤਾ ਨੇ ਜ਼ੋਰਦਾਰ ਮੰਗ ਕੀਤੀ ਕਿ ਗਿ੍ਫਤਾਰ ਮਜਦੂਰਾਂ ਤੇ ਆਗੂਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਤੇ ਦਲਿਤ ਮਜਦੂਰਾਂ ਦੀਆਂ ਮੰਗਾਂ ਦਾ ਹੱਲ ਕੀਤਾ ਜਾਵੇ | ਉਕਤ ਆਗੂਆਂ ਨੇ ਦੱਸਿਆ ਕਿ ਜ਼ਮੀਨੀ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਬੇਗਮਪੁਰਾ ਵਸਾਉਣ ਲਈ ਜ਼ਮੀਨ ਦੇ ਸੁਧਾਰ ਲੈਂਡ ਸੀਲਿੰਗ ਐਕਟ ਨੂੰ ਲਾਗੂ ਕਰਵਾਉਣ ਲਈ ਜ਼ਮੀਨੀ ਘੋਲ ਲੜਿਆ ਜਾ ਰਿਹਾ ਹੈ ਜਿਸ ਨੂੰ ਭਗਵੰਤ ਮਾਨ ਸਰਕਾਰ ਦਬਾਉਣਾ ਚਾਹੁੰਦੀ ਹੈ ਜਿਸ ਤਹਿਤ ਮਜ਼ਦੂਰਾਂ ਤੇ ਆਗੂਆਂ ਨੂੰ ਗਿ੍ਫਤਾਰ ਕੀਤਾ ਗਿਆ ਹੈ ਪਰ ਸੰਘਰਸ਼ ਕਮੇਟੀ ਹਰ ਹਾਲਤ ਵਿਚ ਦਲਿਤ ਮਜ਼ਦੂਰਾਂ ਨੂੰ ਹੱਕ ਦਿਵਾਕੇ ਰਹੇਗੀ | ਇਸ ਮੌਕੇ ਵੱਡੀ ਗਿਣਤੀ ਵਿਚ ਮਜ਼ਦੂਰ ਵੀਰ ਹਾਜ਼ਰ ਸਨ |