ਜਗਰਾਉਂ, 16 ਜੂਨ (ਸ਼ਮਸ਼ੇਰ ਸਿੰਘ ਗਾਲਿਬ, ਵਿਨੋਦ ਕੁਮਾਰ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਜਗਰਾਉਂ ਵਿਖੇ ਨਸ਼ਿਆਂ ਖ਼ਿਲਾਫ਼ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਹਲਕਾ ਜਗਰਾਉਂ ਦੇ ਕੋਆਰਡੀਨੇਟਰ ਵਿਕਰਮਜੀਤ ਸਿੰਘ ਥਿੰਦ, ਜ਼ਿਲ੍ਹਾ ਕੋਆਰਡੀਨੇਟਰ ਮਨਜੀਤ ਸਿੰਘ ਰਾਏਕੋਟ ਉਚੇਚੇ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਕੋਆਰਡੀਨੇਟਰ ਮਨਜੀਤ ਸਿੰਘ ਰਾਏਕੋਟ ਅਤੇ ਵਿਕਰਮਜੀਤ ਸਿੰਘ ਵਿੱਕੀ ਥਿੰਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਜਿੱਥੇ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੀਆਂ ਨਸ਼ੇ ਵੇਚ ਕੇ ਬਣਾਈਆਂ ਜਾਇਦਾਦਾਂ 'ਤੇ ਪੀਲਾ ਪੰਜਾ ਚਲਾਇਆ ਜਾ ਰਿਹਾ ਹੈ, ਉੱੇਥੇ ਸਕੂਲਾਂ, ਕਾਲਜਾਂ ਤੇ ਹੋਰ ਸੰਸਥਾਵਾਂ 'ਚ ਸੈਮੀਨਾਰ ਕਰਕੇ ਵਿਦਿਆਰਥੀਆਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਅੱਜ ਦੇ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਜੇਕਰ ਉਹ ਨਸ਼ਿਆਂ ਖ਼ਿਲਾਫ਼ ਜਾਗਰੂਕ ਹੋਣਗੇ ਤਾਂ ਉਹ ਅੱਗੇ ਲੋਕਾਂ ਨੂੰ ਨਸ਼ਿਆਂ ਨਾਲ ਹੁੰਦੇ ਸਮਾਜਿਕ, ਆਰਥਿਕ ਅਤੇ ਸਰੀਰਕ ਤੌਰ 'ਤੇ ਨੁਕਸਾਨ ਬਾਰੇ ਜਾਗਰੂਕ ਕਰਕੇ ਚੰਗੇ ਸਮਾਜ ਦੀ ਸਿਰਜਣਾ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਪੰਜਾਬ ਸਰਕਾਰ ਦੀ 'ਨਸ਼ਾ ਮੁਕਤ ਪੰਜਾਬ' ਮੁਹਿੰਮ ਦਾ ਸਾਥ ਦੇ ਕੇ ਨਸ਼ਿਆਂ ਦੇ ਸਫ਼ਾਏ ਲਈ ਯੋਗਦਾਨ ਪਾਉਣਾ ਚਾਹੀਦਾ ਹੈ | ਇਸ ਮੌਕੇ ਡਾਇਟ ਜਗਰਾਉਂ ਦੇ ਵਿਦਿਆਰਥੀਆਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਧਰਮਿੰਦਰ ਸਿੰਘ, ਗੁਰਪ੍ਰੀਤ ਸਿੰਘ, ਪ੍ਰਭਪ੍ਰੀਤ ਸਿੰਘ, ਗੁਰਭੇਜ ਸਿੰਘ, ਕੰਵਰ ਰਣਦੀਪ ਸਿੰਘ, ਗੁਰਕਿਰਪਾਲ ਸਿੰਘ, ਪਰਮਜੀਤ ਕੌਰ, ਪ੍ਰਭਾਤ ਕਪੂਰ, ਰਾਜਨ ਬਾਂਸਲ, ਮਨੋਹਰ ਸਿੰਘ, ਸੁਖਵਿੰਦਰ ਕੌਰ, ਅਮਨਦੀਪ ਸਿੰਘ, ਗੁਰਪ੍ਰੀਤ ਕੌਰ, ਵਿਨੈ ਗਰਗ ਤੇ ਵਿਨੈ ਕੁਮਾਰ ਆਦਿ ਹਾਜ਼ਰ ਸਨ |