07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਹਜ਼ਾਰਾਂ ਏਕੜ ਜ਼ਮੀਨ ਐਕਵਾਇਰ ਕਰਨ ਦਾ ਪੰਜਾਬ ਕਿਸਾਨ ਯੂਨੀਅਨ ਕਰੇਗੀ ਡੱਟਵਾਂ ਵਿਰੋਧ

ਅਜੀਤ ਡੈਸਕ 20-06-2025
ਰਾਏਕੋਟ, 19 ਜੂਨ (ਬਲਵਿੰਦਰ ਸਿੰਘ ਲਿੱਤਰ)-ਸੱਤ੍ਹਾਧਾਰੀ ਧਿਰ ਇਕ ਪਾਸੇ ਕਿਸਾਨ ਹਿਤੈਸ਼ੀ ਪਾਰਟੀ ਹੋਣ ਦਾ ਢੰਢੋਰਾ ਪਿੱਟ ਰਹੀ ਹੈ ਪ੍ਰੰਤੂ ਕਿਸਾਨਾਂ ਦੀ ਮਰਜ਼ੀ ਤੋਂ ਵਗੈਰ ਉਨ੍ਹਾਂ ਦੀਆਂ ਜ਼ਮੀਨਾਂ ਹੜੱਪਣ ਦੀ ਨੀਅਤ ਨਾਲ ਸਰਕਾਰ ਕਿਸਾਨ ਵਿਰੋਧੀ ਹੋਣ ਦਾ ਸਬੂਤ ਦੇ ਰਹੀ ਹੈ | ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਵਲੋਂ ਕਿਸਾਨਾਂ ਦੀ ਵਾਹੀਯੋਗ ਜ਼ਮੀਨ ਨੂੰ ਲੈਂਡ ਪੂਲਿੰਗ ਨੀਤੀ ਤਹਿਤ ਐਕਵਾਇਰ ਕਰਨ ਦੀ ਤਜਵੀਜ਼ ਪ੍ਰਵਾਨ ਕਰਨ ਨਾਲ ਹਜ਼ਾਰਾਂ ਏਕੜ ਜ਼ਮੀਨ ਦੇ ਮਾਲਕਾਂ ਦਾ ਭਵਿੱਖ ਖ਼ਤਰੇ ਵਿਚ ਪੈ ਜਾਵੇਗਾ, ਉੱਥੇ ਹੀ ਕਿਸਾਨਾਂ ਦੀ ਸਹਿਮਤੀ ਤੋਂ ਬਿਨ੍ਹਾਂ ਜ਼ਮੀਨ ਹਾਸਲ ਕਰਨਾ ਕਿਸਾਨਾਂ ਦੇ ਹੱਕਾਂ ਤੇ ਹਿੱਤਾਂ 'ਤੇ ਸਿੱਧਾ ਡਾਕਾ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਇਸ ਸਬੰਧੀ ਪ੍ਰਗਟਾਵਾ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਜਥੇਬੰਦਕ ਸਕੱਤਰ ਡਾ: ਗੁਰਚਰਨ ਸਿੰਘ ਬੜਿੰਗ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਲਾਡੀ ਭੈਣੀ ਬੜਿੰਗਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਇਸ ਨੀਤੀ ਨੂੰ ਪੰਜਾਬ ਅਤੇ ਕਿਸਾਨ ਦੀ ਹੋਂਦ 'ਤੇ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਖੇਤੀਬਾੜੀ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ | ਇਸ ਖੇਤਰ ਨੇ ਜਿੱਥੇ ਸੂਬੇ ਨੂੰ ਖੁਸ਼ਹਾਲ ਬਣਾਇਆ ਹੈ, ਉੱਥੇ ਹੀ ਸਮੁੱਚੇ ਮੁਲਕ ਨੂੰ ਅਨਾਜ਼ ਪੱਖੋਂ ਆਤਮ-ਨਿਰਭਰ ਬਣਾਉਣ ਵਿਚ ਵੱਡੀ ਭੂਮਿਕਾ ਨਿਭਾਈ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਚੋਣਵੇਂ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਵਾਲੀ ਹੈ ਅਤੇ ਸਰਕਾਰ ਦੇ ਇਸ ਫ਼ੈਸਲੇ ਤੋਂ ਇੰਝ ਜਾਪਦਾ ਹੈ ਜਿਵੇਂ ਸਰਕਾਰ ਪੰਜਾਬ ਦੇ ਕਿਸਾਨਾਂ ਦੀਆਂ ਵਾਹੀਯੋਗ ਜ਼ਮੀਨਾਂ ਐਕਵਾਇਰ ਕਰਕੇ ਪੰਜਾਬ 'ਚੋਂ ਖੇਤੀ ਨੂੰ ਜੜ੍ਹੋਂ ਪੁੱਟਣਾ ਚਾਹੁੰਦੀ ਹੈ, ਜਿਸ ਦਾ ਪੰਜਾਬ ਕਿਸਾਨ ਯੂਨੀਅਨ ਸਖ਼ਤ ਵਿਰੋਧ ਕਰਦੀ ਹੈ |
ਪਿਛਲੀ ਖ਼ਬਰ ਪੰਚਾਇਤੀ ਵਿਭਾਗ ਨੇ ਪਿੰਡ ਪੱਤੀ ਮੁਲਤਾਨੀ ਦੀ ਪੰਚਾਇਤੀ ਜ਼ਮੀਨ ਦੱਸ ਕੇ ਲੋਕਾਂ ਦੇ ਕਬਜ਼ੇ ਹੇਠਲੇ ਕਰੀਬ 40 ਏਕੜ ਰਕਬੇ ਦ... ਅਗਲੀ ਖ਼ਬਰ ਅਚਾਨਕ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।