ਭੂੰਦੜੀ, 15 ਅਕਤੂਬਰ (ਕੁਲਦੀਪ ਸਿੰਘ ਮਾਨ)-ਸੇਂਟ ਜੇਵੀਅਰ ਕਾਨਵੈਂਟ ਸਕੂਲ ਕੀੜੀ ਵਿਖੇ ਛਿਮਾਹੀ ਪ੍ਰੀਖਿਆ ਦੇ ਨਤੀਜੇ ਦੇ ਸੰਬੰਧ ਵਿਚ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਜਿਸ ਵਿਚ ਵਿਦਿਆਰਥੀਆਂ ਦੇ ਮਾਪਿਆਂ ਅਤੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਦੇ ਨਤੀਜੇ ਦੇਖਦੇ ਹੋਏ ਉਨ੍ਹਾਂ ਦੀ ਹੋਰ ਬਿਹਤਰ ਕਾਰਗੁਜ਼ਾਰੀ ਲਈ ਆਪਣੇ ਕੀਮਤੀ ਸੁਝਾਅ ਅਤੇ ਵਿਚਾਰ ਸਾਂਝੇ ਕੀਤੇ ਗਏ | ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ ਨੂੰ ਆਪਸੀ ਵਿਚਾਰ-ਵਟਾਂਦਰਾ ਰਾਹੀਂ ਹੱਲ ਕਰਨ ਲਈ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ ਗਿਆ | ਸਕੂਲ ਮੈਨੇਜਮੈਂਟ ਦੇ ਚੇਅਰਮੈਨ ਪ੍ਰਗਟ ਸਿੰਘ ਸੰਘਾ, ਮੈਨੇਜਿੰਗ ਡਾਇਰੈਕਟਰ ਮਨਦੀਪ ਸਿੰਘ ਢੱਟ, ਪਿ੍ੰਸੀਪਲ ਮੈਡਮ ਸ੍ਰੀਮਤੀ ਜਸਵੰਤ ਕੌਰ ਢੱਟ ਵਲੋਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਵਧੀਆ ਕਾਰਗੁਜ਼ਾਰੀ ਲਈ ਵਧਾਈ ਦਿੰਦਿਆਂ ਉਨ੍ਹਾਂ ਦੇ ਮਾਪਿਆਂ ਨੂੰ ਭਰੋਸਾ ਦਿੱਤਾ ਗਿਆ ਕਿ ਮਾਪਿਆਂ ਜਾਂ ਵਿਦਿਆਰਥੀਆਂ ਨੂੰ ਪੜ੍ਹਾਈ, ਅਨੁਸ਼ਾਸਨ ਅਤੇ ਵਿਵਹਾਰ ਨਾਲ ਸਬੰਧਿਤ ਕੋਈ ਵੀ ਸਮੱਸਿਆ ਹੋਈ ਤਾਂ ਉਸ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਉਦੇਸ਼ ਸਕੂਲ, ਘਰ ਅਤੇ ਸਮਾਜ ਵਿਚ ਬੱਚਿਆਂ ਦੀ ਭਲਾਈ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਬਿਹਤਰ ਸਮਝ ਤੇ ਤਾਲਮੇਲ ਪੈਦਾ ਕਰਨਾ ਸੀ | ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਦੇ ਸਹੀ ਵਿਕਾਸ ਲਈ ਮਾਪੇ ਅਧਿਆਪਕਾਂ ਦੇ ਸੰਪਰਕ ਵਿਚ ਰਹਿਣ ਤੇ ਆਪਣੇ ਬੱਚੇ ਹਰ ਕਿਰਿਆ ਨੂੰ ਧਿਆਨ ਨਾਲ ਵਾਚਣਾ ਤੇ ਅਸੀਂ ਮਿਲ ਕੇ ਬੱਚਿਆਂ ਨੂੰ ਸਹੀ ਰਾਹ 'ਤੇ ਚੱਲਣ ਲਈ ਪ੍ਰੇਰਿਤ ਕਰੀਏ |