ਭਾਮੀਆਂ ਕਲਾਂ/ਲੁਧਿਆਣਾ, 16 ਅਕਤੂਬਰ (ਜਤਿੰਦਰ ਭੰਬੀ)-ਦਿਨ-ਬ-ਦਿਨ ਗੰਧਲੇ ਹੋ ਰਹੇ ਵਾਤਾਵਰਣ ਨੂੰ ਹੋਰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਯਤਨ ਕਰਦੇ ਹੋਏ ਪਟਾਕੇ ਰਹਿਤ ਹਰੀ ਦੀਵਾਲੀ ਮਨਾਉਣੀ ਚਾਹੀਦੀ ਹੈ | ਇਹ ਪ੍ਰਗਟਾਵਾ ਲੈਂਡ ਮਾਰਟਗੇਜ ਬੈਂਕ ਦੇ ਚੇਅਰਮੈਨ ਸੁਰਿੰਦਰਪਾਲ ਸਿੰਘ ਹੁੰਦਲ ਹਵਾਸ ਅਤੇ ਯੂਥ ਕਾਂਗਰਸੀ ਆਗੂ ਭੁਪਿੰਦਰ ਸਿੰਘ ਚੌਹਾਨ ਨੇ ਵਧ ਰਹੇ ਪ੍ਰਦੂਸ਼ਣ ਤੋਂ ਚਿੰਤਤ ਹੁੰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਦੀਵਾਲੀ ਦੇ ਤਿਉਹਾਰ ਮੌਕੇ ਚਲਾਏ ਜਾਣ ਵਾਲੇ ਬੇਤਹਾਸ਼ਾ ਪਟਾਕਿਆਂ ਨਾਲ ਵਾਤਾਵਰਣ ਗੰਧਲਾ ਹੋਣ ਨਾਲ ਸਾਹ ਲੈਣਾ ਵੀ ਔਖਾ ਹੋ ਜਾਂਦਾ ਹੈ | ਇਸ ਕਰਕੇ ਪਟਾਕੇ ਚਲਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਪਟਾਕੇ ਚਲਾਉਣ ਨਾਲ ਜਿੱਥੇ ਵਾਤਾਵਰਣ ਗੰਧਲਾ ਹੁੰਦਾ ਹੀ ਹੈ, ਉਥੇ ਹੀ ਕਈ ਵਾਰ ਕਈ ਥਾਵਾਂ 'ਤੇ ਅੱਗ ਲੱਗਣ ਵਰਗੀਆਂ ਘਟਨਾਵਾਂ ਵੀ ਸਾਹਮਣੇ ਆਉਂਦੀਆਂ ਹਨ |ਚੌਹਾਨ ਤੇ ਹਵਾਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਦੀਵਾਲੀ ਦੇ ਤਿਉਹਾਰ ਮੌਕੇ ਆਪਣੇ ਬੱਚਿਆਂ ਨੂੰ ਪਟਾਕਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜ਼ਰੂਰ ਜਾਣਕਾਰੀ ਦੇਣ ਅਤੇ ਬੱਚਿਆਂ ਨੂੰ ਹਰੀ ਦੀਵਾਲੀ ਮਨਾਉਣ ਲਈ ਉਤਸ਼ਾਹਿਤ ਕੀਤਾ ਜਾਵੇ ਤਾਂ ਜੋ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ |