ਡੈਮੋਕ੍ਰੈਟਿਕ ਟੀਚਰਜ਼ ਫਰੰਟ ਵਲੋਂ ਪੈਨਸ਼ਨ ਬਹਾਲੀ ਮਾਰਚ 'ਚ ਸ਼ਮੂਲੀਅਤ ਦਾ ਐਲਾਨ
ਅਜੀਤ ਡੈਸਕ
23-10-2025
ਜਗਰਾਉਂ, 22 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਅਧਿਆਪਕ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੀ ਸੂਬਾ ਪੱਧਰੀ ਭਰਵੀਂ ਮੀਟਿੰਗ ਸੂਬਾ ਪ੍ਰਧਾਨ ਦਿੱਗਵਿਜੇ ਪਾਲ ਸ਼ਰਮਾ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਲਏ ਗਏ ਫ਼ੈਸਲਿਆਂ ਦੀ ਜਾਣਕਾਰੀ ਦਿੰਦਿਆਂ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਦੱਸਿਆ ਕਿ ਸਿੱਖਿਆ ਕ੍ਰਾਂਤੀ ਦਾ ਢੋਲ ਪਿੱਟਣ ਵਾਲੀ 'ਆਪ' ਸਰਕਾਰ ਵਲੋਂ ਸੱਤ੍ਹਾ ਵਿਚ ਆਉਣ ਤੋਂ ਪਹਿਲਾਂ ਸੂਬੇ ਦੇ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਦੇਣ ਦਾ ਵਾਅਦਾ ਕੀਤਾ ਗਿਆ ਸੀ ਪ੍ਰੰਤੂ ਸੱਤ੍ਹਾ ਦੇ ਲਗਭਗ ਤਿੰਨ ਸਾਲ ਬੀਤਣ ਦੇ ਬਾਵਜੂਦ ਵੀ ਮੁਲਾਜ਼ਮਾਂ ਦੀ ਹੱਕੀ ਮੰਗ ਲਾਗੂ ਕਰਨ ਤੋਂ ਆਨਾਕਾਨੀ ਕੀਤੀ ਜਾ ਰਹੀ ਹੈ | ਜਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਲਖਵੀਰ ਸਿੰਘ ਹਰੀਕੇ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲੀ ਲਈ 2 ਨਵੰਬਰ ਨੂੰ ਤਰਨਤਾਰਨ ਵਿਖੇ ਕੀਤੀ ਜਾ ਰਹੀ ਰੋਸ ਰੈਲੀ ਵਿਚ ਸੂਬੇ ਭਰ ਵਿਚੋਂ ਲਗਭਗ ਪੰਜ ਸੌ ਅਧਿਆਪਕਾਂ ਦੀ ਸ਼ਮੂਲੀਅਤ ਕਰਵਾਈ ਜਾਵੇਗੀ | ਆਗੂਆਂ ਨੇ ਦੋਸ਼ ਲਾਇਆ ਕਿ ਸੂਬਾ ਸਰਕਾਰ ਵਲੋਂ ਪਹਿਲੀ ਵਾਰ ਮੁਲਾਜ਼ਮ ਹਿੱਤਾਂ ਨੂੰ ਅੱਖੋਂ-ਪਰੋਖੇ ਕਰਕੇ ਦੀਵਾਲੀ 'ਤੇ ਖਾਲੀ ਖੀਸਾ ਦਿਖਾਇਆ ਗਿਆ ਹੈ | ਸੂਬਾ ਪ੍ਰਧਾਨ ਦਿੱਗਵਿਜੇ ਪਾਲ ਸ਼ਰਮਾ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਭਰ ਵਿਚੋਂ ਅਧਿਆਪਕਾਂ ਵਲੋਂ ਜਥੇਬੰਦੀ ਨੂੰ ਲਗਭਗ 31 ਲੱਖ ਰੁਪਏ ਇਕੱਠੇ ਕਰਕੇ ਦਿੱਤੇ ਗਏ ਹਨ | ਜਿਸ ਵਿਚੋਂ ਹੁਣ ਤੱਕ ਗੁਰਦਾਸਪੁਰ, ਕਪੂਰਥਲਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ ਪਭਾਵਿਤ ਖੇਤਰਾਂ ਵਿਚ 12 ਲੱਖ ਰੁਪਏ ਖ਼ਰਚ ਕੀਤੇ ਜਾ ਚੁੱਕੇ ਹਨ | ਬਕਾਇਆ ਰਾਸ਼ੀ ਜਲਦੀ ਹੀ ਲੋੜਵੰਦ ਸਕੂਲੀ ਵਿਦਿਆਰਥੀਆਂ ਅਤੇ ਬਾਕੀ ਲੋੜਵੰਦ ਪਰਿਵਾਰਾਂ ਨੂੰ ਦਿੱਤੀ ਜਾਵੇਗੀ | ਅਧਿਆਪਕ ਆਗੂਆਂ ਨੇ ਮੰਗ ਕੀਤੀ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਵਿਦਿਆਰਥੀ ਦੀ ਬੋਰਡ ਦੀ ਫ਼ੀਸ ਸਮੇਤ ਸਮੁੱਚੀ ਫ਼ੀਸ ਮੁਆਫ਼ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਜਥੇਬੰਦੀ ਕੇਵਲ ਆਪਣੇ ਵਿੱਤੀ ਲਾਭਾਂ ਲਈ ਹੀ ਸੰਘਰਸ਼ ਨਹੀਂ ਕਰਦੀ ਸਗੋਂ ਲੋਕ ਹਿਤਾਂ ਲਈ ਵੀ ਹਮੇਸ਼ਾਂ ਸਰਗਰਮ ਰਹਿੰਦੀ ਹੈ |