ਨਵਾਂਸ਼ਹਿਰ, 31 ਅਗਸਤ (ਦੀਦਾਰ ਸਿੰਘ ਸ਼ੇਤਰਾ)-ਮੁੱਢਲਾ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ ਨੇ ਉਪ ਸਿਹਤ ਕੇਂਦਰ ਲੰਗੜੋਆ ਦਾ ਅਚਨਚੇਤ ਦੌਰਾ ਕੀਤਾ ਅਤੇ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ, ਡਾਕੂਮੈਂਟੇਸ਼ਨ ਤੇ ਸਾਫ-ਸਫਾਈ ਪ੍ਰਬੰਧਾਂ ਦਾ ਨਿਰੀਖਣ ਕੀਤਾ | ਇਸ ਮੌਕੇ ਡਾ. ਗੀਤਾਂਜਲੀ ਸਿੰਘ ਨੇ ਇਸ ਉਪ ਸਿਹਤ ਕੇਂਦਰ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ 'ਤੇ ਸੰਤੁਸ਼ਟੀ ਪ੍ਰਗਟ ਕੀਤੀ | ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਜੀਵਾਣੂਆਂ ਤੇ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਹੁੰਦਾ ਹੈ, ਇਸ ਲਈ ਲੋੜੀਂਦੀਆਂ ਸਾਵਧਾਨੀਆਂ ਵਰਤੀਆਂ ਜਾਣ ਅਤੇ ਜੀਵਾਣੂਆਂ ਤੇ ਦੂਸ਼ਿਤ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਢੁਕਵੇਂ ਕਦਮ ਉਠਾਉਣ ਦੇ ਨਾਲ-ਨਾਲ ਲੋਕਾਂ ਵਿੱਚ ਜਾਗਰੂਕਤਾ ਫੈਲਾਈ ਜਾਵੇ | ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਬਰਸਾਤ ਦੇ ਮੌਸਮ ਵਿੱਚ ਆਮ ਨਾਗਰਿਕਾਂ ਨੂੰ ਸਿਹਤ ਸਿੱਖਿਆ ਦਿੱਤੀ ਜਾਵੇ | ਇਸ ਮੌਕੇ ਉਹਨਾਂ ਵਿਸ਼ੇਸ਼ ਤੌਰ 'ਤੇ ਕਿਹਾ ਕਿ ਬਰਸਾਤ ਦੌਰਾਨ ਸੱਪ ਦੇ ਕੱਟਣ ਦੀਆਂ ਘਟਨਾਵਾਂ ਆਮ ਹਨ, ਇਸ ਲਈ ਕੋਸ਼ਿਸ਼ ਕਰੋ ਕਿ ਖੜ੍ਹੇ ਪਾਣੀ ਵਿੱਚ ਨਾ ਜਾਓ |