ਨਵਾਂਸ਼ਹਿਰ, 16 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਸੂਬੇ ਅੰਦਰ ਆਏ ਹੜ੍ਹਾਂ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਤੇ ਜ਼ਮੀਨਾਂ ਦੇ ਹੋਏ ਨੁਕਸਾਨ ਬਦਲੇ ਪੰਜਾਬ ਸਰਕਾਰ ਵਲੋਂ ਮੁਆਵਜ਼ਾ ਦੇਣ ਦੀ ਲੜੀ ਤਹਿਤ ਜ਼ਿਲ੍ਹੇ ਦੇ 60 ਕਿਸਾਨਾਂ ਨੂੰ 18 ਲੱਖ ਰੁਪਏ ਤੋਂ ਵੱਧ ਦਾ ਮੁਆਵਜ਼ਾ ਤਕਸੀਮ ਕੀਤਾ | ਸਥਾਨਕ ਐਸ. ਡੀ. ਐਮ. ਦਫ਼ਤਰ ਵਿਖੇ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਦੇ ਵਾਈਸ ਚੇਅਰਮੈਨ ਲਲਿਤ ਮੋਹਨ ਪਾਠਕ, ਮਾਰਕੀਟ ਕਮੇਟੀ ਦੇ ਚੇਅਰਮੈਨ ਗਗਨ ਅਗਨੀਹੋਤਰੀ ਤੇ ਐਸ. ਡੀ. ਐਮ. ਅਨਮਜਯੋਤ ਕੌਰ ਦੀ ਮੌਜੂਦਗੀ ਵਿਚ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਦਿੱਤੇ ਗਏ | ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦਿੰਦਿਆਂ ਲਲਿਤ ਮੋਹਨ ਪਾਠਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਮੁਆਵਜ਼ਾ ਦਿੱਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 7 ਪਿੰਡਾਂ ਦੇ 60 ਕਿਸਾਨਾਂ ਨੂੰ 18,25,261 ਰੁਪਏ ਫ਼ਸਲਾਂ ਤੇ ਜ਼ਮੀਨਾਂ ਦੇ ਨੁਕਸਾਨ ਬਦਲੇ ਦਿੱਤੇ ਗਏ ਹਨ ਅਤੇ ਆਉਂਦੇ ਦਿਨਾਂ ਵਿਚ ਬਾਕੀ ਰਹਿੰਦੇ ਕਿਸਾਨਾਂ ਤੇ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ | ਪੰਜਾਬ ਰਾਜ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਦੇ ਵਾਈਸ ਚੇਅਰਮੈਨ ਨੇ ਦੱਸਿਆ ਕਿ ਪਿੰਡ ਮੰਡਾਲਾ, ਤਾਜੋਵਾਲ, ਜੁਲਾਹਾ ਮਜਾਰਾ, ਤਲਵੰਡੀ ਸੀਬੂ, ਖ਼ੋਜਾ, ਚੱਕ ਇਲਾਹੀ ਬਖ਼ਸ਼ ਤੇ ਬੁਰਜ ਟਹਿਲ ਦਾਸ ਦੇ ਕਿਸਾਨਾਂ ਨੂੰ ਚੈੱਕ ਸੌਂਪੇ ਗਏ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਪੀੜਤਾਂ ਲਈ ਗਿਰਦਾਵਰੀ ਨਾਲੋਂ-ਨਾਲ ਕਰਵਾ ਕੇ ਮਿਥੀ ਡੈਡਲਾਈਨ ਤੋਂ ਪਹਿਲਾਂ ਹੀ ਮੁਆਵਜ਼ਾ ਦੇਣਾ ਯਕੀਨੀ ਬਣਾਇਆ ਹੈ |