ਸਮੁੰਦੜਾ, 24 ਨਵੰਬਰ (ਤੀਰਥ ਸਿੰਘ ਰੱਕੜ)- ਕਿਰਤੀ ਕਿਸਾਨ ਯੂਨੀਅਨ ਵੱਲੋਂ ਪਿੰਡ ਸਿਕੰਦਰਪੁਰ, ਰਸੂਲਪੁਰ, ਚਾਹਲਪੁਰ ਆਦਿ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਮਨਾਏ ਜਾ ਰਹੇ ਫਤਹਿ ਦਿਵਸ ਦੀ ਤਿਆਰੀ ਲਈ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ | ਇਸ ਮੌਕੇ ਇਲਾਕੇ ਦੇ ਸਮੂਹ ਕਿਸਾਨਾਂ ਨੂੰ ਚੰਡੀਗੜ੍ਹ ਵਿਖੇ ਪਹੁੰਚਣ ਦੀ ਅਪੀਲ ਕੀਤੀ ਗਈ | ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਹਰਮੇਸ਼ ਸਿੰਘ ਢੇਸੀ ਅਤੇ ਜ਼ਿਲ੍ਹਾ ਸਕੱਤਰ ਕੁਲਵਿੰਦਰ ਸਿੰਘ ਚਾਹਲ ਅਤੇ ਕੁਲਵੰਤ ਸਿੰਘ ਗੋਲੇਵਾਲ ਨੇ ਕਿਹਾ ਕਿ ਭਾਰਤ ਸਰਕਾਰ ਅਸਿੱਧੇ ਢੰਗ ਨਾਲ ਬਿਜਲੀ ਬਿੱਲ 2020 ਲਾਗੂ ਕਰਨ 'ਤੇ ਤੁਲੀ ਹੋਈ ਹੈ | ਜਿਸ ਨਾਲ ਬਿਜਲੀ ਦਾ ਪ੍ਰਬੰਧ ਸਿੱਧੇ ਤੌਰ 'ਤੇ ਭਾਰਤ ਸਰਕਾਰ ਦੇ ਅਧੀਨ ਆ ਜਾਵੇਗਾ ਅਤੇ ਚਿੱਪ ਵਾਲੇ ਮੀਟਰ ਲਾ ਕੇ ਕਿਸਾਨਾਂ ਅਤੇ ਘਰੇਲੂ ਖਪਤਕਾਰਾਂ ਨੂੰ ਮਿਲਦੀ ਮੁਫ਼ਤ ਬਿਜਲੀ ਦੀ ਸਹੂਲਤ ਨੂੰ ਖ਼ਤਮ ਕਰ ਦਿੱਤਾ ਜਾਵੇਗਾ | ਉਹਨਾਂ ਕਿਹਾ ਕਿ ਪਹਿਲਾਂ ਭਾਖੜਾ ਡੈਮ ਅਤੇ ਹੁਣ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਪੰਜਾਬ ਦਾ ਹੱਕ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਹੜ੍ਹ ਪੀੜਤਾਂ ਨੂੰ ਮੁਆਵਜਾ ਦੇਣ ਦੀ ਥਾਂ ਸਿਰਫ ਲਾਰੇ ਹੀ ਲਗਾਏ ਜਾ ਰਹੇ ਹਨ | ਗੰਨਾ ਮਿੱਲ੍ਹਾਂ ਨੂੰ ਚਾਲੂ ਨਹੀਂ ਕੀਤਾ ਜਾ ਰਿਹਾ ਅਤੇ ਨਾ ਹੀ ਗੰਨੇ ਦੇ ਰੇਟ ਵਿੱਚ ਵਾਧਾ ਕੀਤਾ ਜਾ ਰਿਹਾ ਹੈ | ਇਸ ਕਰਕੇ ਕਿਸਾਨਾਂ ਨੂੰ ਲਾਮਬੰਦ ਹੋਣ ਦੀ ਲੋੜ ਹੈ | ਮੀਟਿੰਗਾਂ ਵਿੱਚ ਜਥੇਬੰਦੀ ਦੇ ਬਲਾਕ ਆਗੂ ਸੰਦੀਪ ਸਿੰਘ ਮਿੰਟੂ ਸਿਕੰਦਰਪੁਰ, ਅਮਰੀਕ ਸਿੰਘ, ਗੁਰਮੁਖ ਸਿੰਘ, ਸੰਤੋਖ ਸਿੰਘ ਰਸੂਲਪੁਰ, ਗੁਰਦੀਪ ਸਿੰਘ ਚਾਹਲਪੁਰ, ਤਰਸੇਮ ਸਿੰਘ ਅਤੇ ਲਖਵੀਰ ਸਿੰਘ ਆਦਿ ਵੀ ਹਾਜ਼ਰ ਸਨ |