ਫ਼ਤਹਿਗੜ੍ਹ ਸਾਹਿਬ, 16 ਜੂਨ (ਬਲਜਿੰਦਰ ਸਿੰਘ)-ਨਜ਼ਦੀਕੀ ਪਿੰਡ ਭਗੜਾਣਾ ਸਥਿਤ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਵਿਖੇ ਹਾੜ ਦੀ ਸੰਗਰਾਂਦ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਲੜੀਵਾਰ ਗੁਰਮਤਿ ਸਮਾਗਮ ਕਰਵਾਇਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਜਥੇਦਾਰ ਜਸਮੇਰ ਸਿੰਘ ਬਲਸੂਆਂ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਵਿਖੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਤਹਿਤ ਸੰਗਰਾਂਦ, ਪੂਰਨਮਾਸ਼ੀ ਤੇ ਗੁਰੂ ਸਾਹਿਬਾਨ ਦੇ ਦਿਹਾੜਿਆਂ ਮੌਕੇ ਗੁਰਮਤਿ ਸਮਾਗਮ ਕਰਵਾਏ ਜਾਂਦੇ ਹਨ, ਜਿਸ 'ਚ ਇਲਾਕੇ ਦੀਆਂ ਸੰਗਤਾਂ ਵਧ-ਚੜ੍ਹ ਕੇ ਹਿੱਸਾ ਲੈਂਦੀਆਂ ਹਨ | ਉਨ੍ਹਾਂ ਦੱਸਿਆ ਕਿ ਹਾੜ ਦੀ ਸੰਗਰਾਂਦ ਮੌਕੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ, ਉਪਰੰਤ ਹਜ਼ੂਰੀ ਰਾਗੀ ਭਾਈ ਬਲਜਿੰਦਰ ਸਿੰਘ ਦੇ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਦੇ ਰਸ-ਭਿੰਨੇ ਸ਼ਬਦ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ | ਇਸ ਤੋਂ ਇਲਾਵਾ ਢਾਡੀ ਤੇ ਕਵੀਸ਼ਰੀ ਜਥਿਆਂ ਵਲੋਂ ਸੰਗਤਾਂ ਨੂੰ ਜੋਸ਼ੀਲੀਆਂ ਬਾਰਾਂ ਅਤੇ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ | ਸ੍ਰੀ ਸੁਖਮਨੀ ਸਾਹਿਬ ਜਥੇ ਦੀਆਂ ਬੀਬੀਆਂ ਤੇ ਸੰਗਤਾਂ ਵਲੋਂ ਸਮੂਹਿਕ ਰੂਪ 'ਚ ਸ੍ਰੀ ਚੌਪਹਿਰਾ ਸਾਹਿਬ ਦੇ ਜਾਪ ਕੀਤੇ ਗਏ, ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਅਤੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਸੇਵਾਦਾਰ ਗੁਰਪ੍ਰੀਤ ਸਿੰਘ, ਜੀਤ ਸਿੰਘ, ਸੁੱਚਾ ਸਿੰਘ, ਪ੍ਰੀਤਮ ਸਿੰਘ, ਰਿਟਾ. ਮੈਨੇਜਰ ਜਸਵੰਤ ਸਿੰਘ ਭਗੜਾਣਾ, ਜਸਵਿੰਦਰ ਸਿੰਘ, ਨਸੀਬ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਨੇ ਗੁਰਦੁਆਰਾ ਸਾਹਿਬ 'ਚ ਨਤਮਸਤਕ ਹੋ ਕੇ ਆਪਣੀ ਹਾਜ਼ਰੀ ਲਗਵਾਈ |