ਫ਼ਤਹਿਗੜ੍ਹ ਸਾਹਿਬ, 20 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀ ਉੱਤਰੀ ਭਾਰਤ ਦੀ ਸਿਰਮੌਰ ਸਿੱਖਿਆ ਸੰਸਥਾ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਵਿੱਦਿਅਕ ਵਰ੍ਹੇ 2025-26 ਵਿਚ ਦਾਖ਼ਲਿਆਂ ਨੂੰ ਲੈ ਕੇ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਕਾਲਜ ਗਵਰਨਿੰਗ ਬਾਡੀ ਦੇ ਸਕੱਤਰ ਜਗਦੀਪ ਸਿੰਘ ਚੀਮਾ ਨੇ ਆਪਣੀ ਖ਼ੁਸ਼ੀ ਜ਼ਾਹਿਰ ਕਰਦਿਆਂ ਦੱਸਿਆ ਕਿ ਕਾਲਜ ਵਿਖੇ ਅੰਮਿ੍ਤਧਾਰੀ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਅੰਮਿ੍ਤਧਾਰੀ ਸਕਾਲਰਸ਼ਿਪ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਆਰਥਿਕ ਪੱਖੋਂ ਕਮਜ਼ੋਰ ਤੇ ਹੋਣਹਾਰ ਵਿਦਿਆਰਥੀਆਂ ਨੂੰ ਸਰਬੱਤ ਦਾ ਭਲਾ ਵਜ਼ੀਫ਼ਾ, ਕਾਲਜ ਸਟਾਫ਼ ਵਲੋਂ ਪੂਅਰ ਏਡ ਵਜ਼ੀਫ਼ਾ ਦੇਣ ਤੋਂ ਇਲਾਵਾ ਪ੍ਰੋਫੈਸ਼ਨਲ ਕੋਰਸਾਂ ਦੇ ਲੋੜਵੰਦ ਤੇ ਹੋਣਹਾਰ ਗੁਰਸਿੱਖ ਵਿਦਿਆਰਥੀਆਂ ਲਈ ਸਤਨਾਮ ਸਰਬ ਕਲਿਆਣ ਟਰੱਸਟ ਵਜ਼ੀਫ਼ਾ ਅਤੇ ਸਿੱਖ ਤੇ ਗੈਰ ਸਿੱਖ ਲੋੜਵੰਦ ਅਤੇ ਹੁਸ਼ਿਆਰ ਵਿਦਿਆਰਥੀਆਂ ਲਈ ਐਜੂਕੇਟ ਪੰਜਾਬ ਪ੍ਰੋਜੈਕਟ ਆਦਿ ਵਜ਼ੀਫ਼ੇ ਉਪਲਬਧ ਹਨ | ਉਨ੍ਹਾਂ ਦੱਸਿਆ ਕਿ ਲੋੜਵੰਦ ਵਿਦਿਆਰਥੀਆਂ ਨੂੰ ਪੋਸਟ ਮੈਟਿ੍ਕ ਸਕਾਲਰਸ਼ਿਪ ਦੇਣ ਤੋਂ ਇਲਾਵਾ ਕਾਲਜ ਦੇ ਪੁਰਾਣੇ ਵਿਦਿਆਰਥੀਆਂ, ਸਮਾਜ ਸੇਵਕਾਂ ਅਤੇ ਅਧਿਆਪਕਾਂ ਵਲੋਂ ਵੀ ਵੱਖ-ਵੱਖ ਸਕਾਲਰਸ਼ਿਪਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ | ਇਸ ਦੇ ਨਾਲ ਹੀ ਜ਼ਰੂਰਤਮੰਦ ਵਿਦਿਆਰਥੀਆਂ ਲਈ ਆਸਾਨ ਕਿਸ਼ਤਾਂ ਵਿਚ ਫ਼ੀਸਾਂ ਦੇਣ ਦੀ ਸਹੂਲਤ ਵੀ ਉਪਲਬਧ ਹੈ | ਇਸ ਮੌਕੇ ਕਾਲਜ ਦੇ ਵਾਈਸ ਪਿ੍ੰਸੀਪਲ ਤੇ ਐਡਮਿਸ਼ਨ ਕੋਆਰਡੀਨੇਟਰ ਡਾ. ਬਿਕਰਮਜੀਤ ਸਿੰਘ ਨੇ ਦੱਸਿਆ ਕਿ ਕਾਲਜ ਦਾ ਦਾਖ਼ਲਾ ਸੈੱਲ ਵਿਦਿਆਰਥੀਆਂ ਦੀ ਸਹੂਲਤ ਲਈ ਹਰ ਸ਼ਨੀਵਾਰ ਅਤੇ ਗਜ਼ਟਿਡ ਛੁੱਟੀ ਵਾਲੇ ਦਿਨ ਵੀ ਖੁੱਲ੍ਹਾ ਰਹਿੰਦਾ ਹੈ | ਇਸ ਮੌਕੇ ਕਾਲਜ ਦੇ ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ ਅਤੇ ਡਾ. ਜਗਦੀਸ਼ ਸਿੰਘ ਹਾਜ਼ਰ ਸਨ | ਵਰਨਣਯੋਗ ਹੈ ਕਿ ਕਾਲਜ ਵਿਖੇ ਉੱਚ ਕੋਟੀ ਦੀਆਂ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਖੇਡ ਸਟੇਡੀਅਮ, ਲੜਕੀਆਂ ਅਤੇ ਲੜਕਿਆਂ ਦੇ ਵੱਖੋ-ਵੱਖਰੇ ਹੋਸਟਲ ਅਤੇ ਪਲੇਸਮੈਂਟ ਸੈੱਲ ਵੀ ਕਾਰਜਸ਼ੀਲ ਹੈ |