ਫ਼ਤਹਿਗੜ੍ਹ ਸਾਹਿਬ, 21 ਜੂਨ (ਰਵਿੰਦਰ ਮੌਦਗਿਲ)-ਪਿੰਡ ਮੀਰਪੁਰ ਵਾਸੀਆਂ ਨੇ ਬਿਨਾਂ ਬੋਲੀ ਦਿੱਤੇ ਪੰਚਾਇਤੀ ਜ਼ਮੀਨ 'ਚ ਫ਼ਸਲ ਬੀਜਣ ਵਾਲਿਆਂ ਖ਼ਿਲਾਫ਼ ਕਾਰਵਾਈ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਮੰਗ ਪੱਤਰ ਸੌਂਪਿਆ | ਇਸ ਸਬੰਧੀ ਪਿੰਡ ਦੇ ਸਾਬਕਾ ਸਰਪੰਚ ਹਰਵਿੰਦਰ ਸਿੰਘ ਅਤੇ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਕੁਝ ਵਿਅਕਤੀਆਂ ਵਲੋਂ ਪੰਚਾਇਤੀ ਜ਼ਮੀਨ ਦੀ ਬੋਲੀ ਦਿੱਤੇ ਬਿਨਾਂ ਕੁਝ ਏਕੜ ਵਿਚ ਫ਼ਸਲ ਦੀ ਬਿਜਾਈ ਕੀਤੀ ਗਈ ਹੈ, ਜੋ ਕਾਨੂੰਨੀ ਤੌਰ 'ਤੇ ਸਹੀ ਨਹੀਂ ਹੈ | ਉਨ੍ਹਾਂ ਕਿਹਾ ਕਿ ਮਾਮਲਾ ਪੰਚਾਇਤ ਦੇ ਧਿਆਨ ਵਿਚ ਹੋਣ ਦੇ ਬਾਵਜੂਦ ਉਕਤ ਵਿਅਕਤੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ | ਇਸ ਸਬੰਧੀ ਸਰਪੰਚ ਹਰਜੋਤ ਕੌਰ ਨਾਲ ਸੰਪਰਕ ਕਰਨ ਲਈ ਫ਼ੋਨ ਕੀਤਾ ਤਾਂ ਉਨ੍ਹਾਂ ਦੇ ਪਤੀ ਰਣਜੋਧ ਸਿੰਘ ਨੇ ਮੰਨਿਆ ਕਿ ਕੁਝ ਵਿਅਕਤੀਆਂ ਵਲੋਂ ਬਿਨਾਂ ਬੋਲੀ ਦਿੱਤੇ ਪੰਚਾਇਤੀ ਜ਼ਮੀਨ ਵਿਚ ਫ਼ਸਲ ਦੀ ਬਿਜਾਈ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਮਾਮਲਾ ਪੰਚਾਇਤ ਦੇ ਧਿਆਨ ਵਿਚ ਆ ਗਿਆ ਹੈ ਤੇ ਹੁਣ ਉਕਤ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ |