ਫ਼ਤਹਿਗੜ੍ਹ ਸਾਹਿਬ, 21 ਜੂਨ (ਮਨਪ੍ਰੀਤ ਸਿੰਘ)-11ਵੇਂ ਅੰਤਰ ਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੁਲਿਸ ਵਲੋਂ ਪ੍ਰਸ਼ਾਸਨ ਦੇ ਸਹਿਯੋਗ ਨਾਲ 'ਸੀ.ਐੱਮ. ਦੀ ਯੋਗਸ਼ਾਲਾ' ਅਧੀਨ ਬ੍ਰਾਹਮਣ ਮਾਜਰਾ ਦੇ ਸਰਕਾਰੀ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਵਿਖੇ ਯੋਗ ਕੈਂਪ ਦਾ ਆਯੋਜਨ ਕੀਤਾ ਗਿਆ | ਇਸ ਵਿਚ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਕੇਂਦਰ ਵਿਖੇ ਜੇਰੇ ਇਲਾਜ ਵਿਅਕਤੀਆਂ ਨੂੰ ਤੰਦਰੁਸਤ ਹੋਣ ਲਈ ਪ੍ਰੇਰਿਤ ਕਰਦਿਆਂ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਪ੍ਰਮਾਤਮਾ ਨੇ 84 ਲੱਖ ਜੂਨੀਆਂ ਤੋਂ ਬਾਅਦ ਇਨਸਾਨ ਦੀ ਜੂਨੀ ਸਾਨੂੰ ਬਖ਼ਸ਼ੀ ਹੈ, ਜਿਸ ਲਈ ਸਾਡਾ ਫ਼ਰਜ਼ ਬਣਦਾ ਹੈ ਕਿ ਪ੍ਰਮਾਤਮਾ ਦੀ ਦਿੱਤੀ ਇਸ ਦਾਤ ਨੂੰ ਸਹੀ ਰਾਹ 'ਤੇ ਲੈ ਕੇ ਜਾਈਏ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਕਿਹਾ ਨਸ਼ਿਆਂ ਦਾ ਖ਼ਾਤਮਾ ਕਰਨ ਲਈ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਅਧੀਨ ਜ਼ਿਲੇ੍ਹ ਵਿਚ ਪੁਲਿਸ ਵਲੋਂ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ਾ ਪੀੜਤਾਂ ਦਾ ਮੁਫ਼ਤ ਇਲਾਜ ਕਰਵਾ ਕੇ ਉਨ੍ਹਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵੀ ਠੋਸ ਉਪਰਾਲੇ ਕੀਤੇ ਜਾ ਰਹੇ ਹਨ | ਇਸ ਮੌਕੇ ਐੱਸ.ਪੀ (ਐੱਚ) ਹਰਵੰਤ ਕੌਰ, ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ ਸਮੇਤ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਵਿਚ ਜੇਰੇ ਇਲਾਜ ਵਿਅਕਤੀਆਂ ਨੇ ਭਾਗ ਲਿਆ | ਇਸ ਮੌਕੇ ਡਾ. ਪ੍ਰਤਿਭਾ ਸ਼ਰਮਾ ਆਯੁਰਵੈਦਿਕ ਮੈਡੀਕਲ ਅਫ਼ਸਰ, ਵੈਦ ਚਮਕੌਰ ਸਿੰਘ ਅਤੇ ਯੋਗਾ ਟਰੇਨਰ ਅਮਨਦੀਪ ਕੌਰ ਤੇ ਗੁਰਜੀਤ ਕੌਰ ਨੇ ਯੋਗ ਦੀਆਂ ਵੱਖ-ਵੱਖ ਕਿਰਿਆਵਾਂ ਕਰਵਾਈਆਂ |