ਫ਼ਤਹਿਗੜ੍ਹ ਸਾਹਿਬ, 31 ਅਗਸਤ (ਮਨਪ੍ਰੀਤ ਸਿੰਘ)-ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਅੱਜ ਐਸ. ਡੀ. ਐਮ ਅਰਵਿੰਦ ਕੁਮਾਰ ਗੁਪਤਾ, ਜ਼ਿਲ੍ਹਾ ਮਾਲ ਅਫ਼ਸਰ ਕਰੁਨ ਗੁਪਤਾ ਤੇ ਹੋਰਨਾਂ ਅਧਿਕਾਰੀਆਂ ਤੇ ਪਾਰਟੀ ਵਰਕਰਾਂ ਸਮੇਤ ਸਰਹਿੰਦ ਚੋਅ ਵਿਚ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਭਾਰੀ ਬਰਸਾਤ ਕਾਰਨ ਪੰਜਾਬ ਦੇ 8-9 ਜ਼ਿਲਿ੍ਹਆਂ ਵਿਚ ਆਏ ਹੜ੍ਹਾਂ ਕਾਰਨ ਕਾਫ਼ੀ ਨੁਕਸਾਨ ਪੁੱਜਾ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਉਨ੍ਹਾਂ ਜ਼ਿਲਿ੍ਹਆਂ ਵਿਚ ਵਿਆਪਕ ਪੱਧਰ 'ਤੇ ਬਚਾਅ ਕਾਰਜ ਜਾਰੀ ਹਨ | ਵਿਧਾਇਕ ਰਾਏ ਨੇ ਦੱਸਿਆ ਕਿ ਸਰਹਿੰਦ ਚੋਅ ਵਿਚ ਪਾਣੀ ਦਾ ਪੱਧਰ ਨੀਵਾਂ ਹੋਣ ਕਾਰਨ ਆਲੇ-ਦੁਆਲੇ ਵੱਸਦੇ ਲੋਕਾਂ ਨੂੰ ਹਾਲ ਦੀ ਘੜੀ ਇਸ ਤੋਂ ਕੋਈ ਖ਼ਤਰਾ ਨਹੀਂ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ 24 ਘੰਟੇ ਚੌਕਸ ਹੈ ਅਤੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦੇ ਨਾਲ-ਨਾਲ ਹਰੇਕ ਸਬ ਡਵੀਜ਼ਨ ਵਿਚ ਵੀ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ | ਵਿਧਾਇਕ ਨੇ ਦੱਸਿਆ ਕਿ ਅੱਜ ਦਿਨ ਸਮੇਂ ਹੋਈ ਭਾਰੀ ਬਰਸਾਤ ਕਾਰਨ ਸਰਹਿੰਦ ਸ਼ਹਿਰ ਵਿਚ ਨੀਵੀਂਆਂ ਥਾਵਾਂ ਉੱਤੇ ਪਾਣੀ ਖੜ੍ਹਨ ਦੀ ਸਮੱਸਿਆ ਆਈ ਸੀ ਪਰ ਪ੍ਰਸ਼ਾਸਨ ਵਲੋਂ ਉਸ ਪਾਣੀ ਦੀ ਨਿਕਾਸੀ ਦਾ ਵੀ ਨਾਲ- ਨਾਲ ਢੁਕਵਾਂ ਪ੍ਰਬੰਧ ਕੀਤਾ ਗਿਆ ਹੈ ਅਤੇ ਹਲਕਾ ਵਾਸੀਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਵੇਗੀ | ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਹਲਕੇ ਅਧੀਨ ਆਉਂਦੇ ਚੋਅ ਅਤੇ ਬਰਸਾਤੀ ਨਾਲਿਆਂ ਵਿਚ ਪਾਣੀ ਦੇ ਵਹਾਅ ਵਿਚ ਰੁਕਾਵਟ ਪਾਉਣ ਵਾਲੀ ਬੂਟੀ ਨੂੰ ਨਾਲ-ਨਾਲ ਕੱਢਣਾ ਯਕੀਨੀ ਬਣਾਉਣ | ਉਨ੍ਹਾਂ ਨੇ ਪ੍ਰਸ਼ਾਸਨਿਕ ਪ੍ਰਬੰਧਾਂ ਉੱਤੇ ਵੀ ਤਸੱਲੀ ਦਾ ਪ੍ਰਗਟਾਵਾ ਕੀਤਾ |