ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗਿਆਨ ਪ੍ਰਚੰਡ-3 ਪ੍ਰਸ਼ਨੋਤਰੀ ਮੁਕਾਬਲੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਗਿਆਨੀ ਦਿੱਤ ਸਿੰਘ ਆਡੀਟੋਰੀਅਮ ਵਿਚ ਕਰਵਾਏ ਗਏ | ਇਸ ਮੁਕਾਬਲੇ ਵਿਚ ਸ਼੍ਰੋਮਣੀ ਕਮੇਟੀ ਦੇ 46 ਸਕੂਲਾਂ ਦੇ 138 ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਸ ਦੌਰਾਨ ਅੱਜ ਹੋਏ ਫਾਈਨਲ ਮੁਕਾਬਲੇ ਵਿਚ ਬਾਬਾ ਗੁਰਦਿੱਤਾ ਜੀ ਪਬਲਿਕ ਸਕੂਲ ਜਿੰਦਵੜੀ ਰੋਪੜ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਇਕ ਲੱਖ ਰੁਪਏ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਨਡਾਲਾ ਕਪੂਰਥਲਾ ਨੇ ਦੂਸਰਾ ਸਥਾਨ ਪ੍ਰਾਪਤ ਕਰਕੇ 75 ਹਜ਼ਾਰ ਰੁਪਏ ਅਤੇ ਭਾਈ ਨੰਦ ਲਾਲ ਪਬਲਿਕ ਸਕੂਲ ਸ੍ਰੀ ਆਨੰਦਪੁਰ ਸਾਹਿਬ ਜ਼ਿਲ੍ਹਾ ਰੋਪੜ ਨੇ ਤੀਸਰਾ ਸਥਾਨ ਹਾਸਲ ਕਰਕੇ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਪ੍ਰਾਪਤ ਕੀਤੀ | ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡ. ਹਰਜਿੰਦਰ ਸਿੰਘ ਧਾਮੀ ਵਲੋਂ ਚੌਥੇ ਸਥਾਨ 'ਤੇ ਆਉਣ ਵਾਲੇ ਭਾਈ ਬਹਿਲੋ ਜੀ ਪਬਲਿਕ ਸਕੂਲ ਫਫੜੇ ਭਾਈਕੇ ਮਾਨਸਾ ਨੂੰ 25 ਹਜ਼ਾਰ ਰੁਪਏ ਦੇ ਸਪੈਸ਼ਲ ਇਨਾਮ ਨਾਲ ਸਨਮਾਨਿਤ ਕੀਤਾ ਗਿਆ | ਪ੍ਰਸ਼ਨੋਤਰੀ ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀਆਂ ਦਾ ਸਨਮਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡ. ਹਰਜਿੰਦਰ ਸਿੰਘ ਧਾਮੀ, ਸਾਬਕਾ ਪ੍ਰਧਾਨ ਪ੍ਰੋ. ਕਿ੍ਪਾਲ ਸਿੰਘ ਬਡੂੰਗਰ, ਸ਼੍ਰੋਮਣੀ ਕਮੇਟੀ ਦੇ ਵਿੱਦਿਆ ਸਕੱਤਰ ਸੁਖਮਿੰਦਰ ਸਿੰਘ, ਡਿਪਟੀ ਡਾਇਰੈਕਟਰ ਬੀਬੀ ਸਤਵੰਤ ਕੌਰ, ਭਾਈ ਰਵਿੰਦਰ ਸਿੰਘ ਖ਼ਾਲਸਾ ਮੈਂਬਰ ਅੰਤਿ੍ੰਗ ਕਮੇਟੀ, ਐਡ. ਅਮਰਦੀਪ ਸਿੰਘ ਧਾਰਨੀ, ਭਾਈ ਅਵਤਾਰ ਸਿੰਘ ਰਿਆ ਤੇ ਰਘਵੀਰ ਸਿੰਘ ਸਹਾਰਨਮਾਜਰਾ ਮੈਂਬਰਾਨ ਸ਼੍ਰੋਮਣੀ ਕਮੇਟੀ, ਪਿ੍ਤਪਾਲ ਸਿੰਘ ਪਾਲੀ, ਕਾਲਜ ਪਿ੍ੰਸੀਪਲ ਡਾ. ਲਖਬੀਰ ਸਿੰਘ, ਮਾਤਾ ਗੁਜਰੀ ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ, ਝਾੜ ਸਾਹਿਬ ਕਾਲਜ ਤੇ ਪਿ੍ੰਸੀਪਲ ਡਾ. ਰਾਜਿੰਦਰ ਕੌਰ ਵਲੋਂ ਕੀਤਾ ਗਿਆ | ਇਸ ਮੌਕੇ ਐਡ. ਧਾਮੀ ਤੇ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੁਆਰਾ ਵਿਦਿਆਰਥੀਆਂ ਨੂੰ ਵਿਦਿਅਕ ਖੇਤਰ ਦੇ ਨਾਲ-ਨਾਲ ਧਾਰਮਿਕ ਖੇਤਰ ਨਾਲ ਜੋੜਨ ਲਈ ਗਿਆਨ ਪ੍ਰਚੰਡ ਦੇ ਮੁਕਾਬਲੇ ਕਰਵਾਉਣੇ ਇਕ ਵੱਡਾ ਉੱਦਮ ਹੈ | ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਹਰੇਕ ਸਾਲ ਕਰਵਾਏ ਜਾਣੇ ਚਾਹੀਦੇ ਹਨ ਤਾਂ ਜੋ ਵਿਦਿਆਰਥੀਆਂ ਵਿਚ ਭਵਿੱਖ ਪ੍ਰਤੀ ਹੋਰ ਉਤਸ਼ਾਹ ਮਿਲਦਾ ਹੈ | ਇਸ ਮੌਕੇ 'ਤੇ ਇੰਜੀ. ਸੁਖਮਿੰਦਰ ਸਿੰਘ ਨੇ ਕਿਹਾ ਕਿ ਡਾਇਰੈਕਟਰੇਟ ਆਫ਼ ਐਜੂਕੇਸ਼ਨ ਵਲੋਂ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਨਿਸ਼ਚੇ ਅਕੈਡਮੀ ਚਲਾਈ ਜਾ ਰਹੀ ਹੈ, ਜਿਸ ਵਿਚ ਸਾਬਤ ਸੂਰਤ ਸਿੱਖ ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ ਅਤੇ ਪੀ.ਸੀ.ਐਸ ਸੀ ਦੀਆਂ ਤਿਆਰੀਆਂ ਨੂੰ ਲੈ ਕੇ ਮੁਫ਼ਤ ਕੋਚਿੰਗ ਦਿੱਤੀ ਜਾਂਦੀ ਹੈ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਸਕੂਲਾਂ ਦੇ ਮੁਖੀ, ਅਧਿਆਪਕ ਅਤੇ ਵਿਦਿਆਰਥੀ ਵੀ ਹਾਜ਼ਰ ਸਨ |