ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 355ਵਾਂ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਜਿਸ ਦੌਰਾਨ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਵਲੋਂ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ | ਇਸ ਤੋਂ ਪਹਿਲਾਂ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਪ੍ਰਭਾਤ ਫੇਰੀਆਂ ਵੀ ਕੱਢੀਆਂ ਗਈਆਂ | ਇਸ ਸਮਾਗਮ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਚੇਚੇ ਤੌਰ 'ਤੇ ਹਾਜ਼ਰੀ ਲਗਵਾਈ ਜਦੋਂਕਿ ਇਸ ਮੌਕੇ 'ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਭਾਈ ਰਵਿੰਦਰ ਸਿੰਘ ਖ਼ਾਲਸਾ ਮੈਂਬਰ ਅੰਤਿੰ੍ਰਗ ਕਮੇਟੀ, ਜਥੇਦਾਰ ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਟਰੱਸਟ ਮੈਂਬਰ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਸਮਾਗਮ ਦੌਰਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਜਿੰਦਰ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਰਸਭਿੰਨਾ ਸ਼ਬਦ ਕੀਰਤਨ ਸਰਵਣ ਕਰਵਾਇਆ ਅਤੇ ਭਾਈ ਜਗਦੀਪ ਸਿੰਘ ਵਲੋਂ ਕਥਾ ਕੀਤੀ ਗਈ | ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡ. ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਥਾਪੜਾ ਲੈ ਕੇ ਮਾਧੋ ਦਾਸ ਬੈਰਾਗੀ ਤੋਂ ਬੰਦਾ ਸਿੰਘ ਬਹਾਦਰ ਬਣੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਨੇ ਜ਼ੁਲਮ ਖ਼ਿਲਾਫ਼ ਲੜਦਿਆਂ ਪੰਜਾਬ 'ਚੋਂ ਜਾਬਰ ਮੁਗ਼ਲ ਹਕੂਮਤ ਦੀਆਂ ਜੜ੍ਹਾਂ ਹਿਲਾ ਦਿੱਤੀਆਂ ਸਨ | ਆਰਥਿਕ ਤੇ ਸਮਾਜਿਕ ਸੁਧਾਰ ਕਰਕੇ ਉਨ੍ਹਾਂ ਨੇ ਪੰਜਾਬ ਨੂੰ ਐਨਾ ਮਜ਼ਬੂਤ ਕੀਤਾ ਕਿ ਫਿਰ ਲੰਮੇ ਸਮੇਂ ਤੱਕ ਕੋਈ ਵੈਰੀ ਪੰਜਾਬ ਵੱਲ ਤੱਕਣ ਦਾ ਹੌਂਸਲਾ ਵੀ ਨਾ ਕਰ ਸਕਿਆ | ਉਨ੍ਹਾਂ ਕਾਲਜ ਵਲੋਂ ਸਵੈ ਸੇਵਾ ਨਾਲ ਕਰਵਾਏ ਗਏ ਸ੍ਰੀ ਸਹਿਜ ਪਾਠ ਦੀ ਪ੍ਰਸ਼ੰਸਾ ਕਰਦਿਆਂ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ | ਸ. ਧਾਮੀ ਨੇ ਸਹਿਜ ਪਾਠ ਦੀ ਸੇਵਾ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ | ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਜਥੇਦਾਰ ਅਵਤਾਰ ਸਿੰਘ ਰਿਆ ਅਤੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਵਿਦਿਆਰਥੀਆਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਜੀ ਵਲੋਂ ਦੱਸੇ ਗਏ ਆਦਰਸ਼ਾਂ ਅਤੇ ਮੁੱਲਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਲਖਵੀਰ ਸਿੰਘ ਨੇ ਸਮਾਗਮ ਵਿਚ ਸ਼ਾਮਿਲ ਸ਼ਖ਼ਸੀਅਤਾਂ, ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਭਾਈ ਰਵਿੰਦਰ ਸਿੰਘ ਖ਼ਾਲਸਾ, ਰਘਬੀਰ ਸਿੰਘ ਸਹਾਰਨਮਾਜਰਾ, ਭਾਈ ਰਣਜੀਤ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਕਾਲਜ ਪਿ੍ੰਸੀਪਲ ਡਾ. ਲਖਵੀਰ ਸਿੰਘ, ਡਾ. ਕਸ਼ਮੀਰ ਸਿੰਘ ਡਾਇਰੈਕਟਰ ਪਿ੍ੰਸੀਪਲ ਮਾਤਾ ਗੁਜਰੀ ਕਾਲਜ ਤੋਂ ਇਲਾਵਾ ਵਿਦਿਆਰਥੀ ਅਤੇ ਸਟਾਫ਼ ਮੈਂਬਰ ਹਾਜ਼ਰ ਸਨ | ਸਮਾਗਮ ਦੀ ਸਮਾਪਤੀ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ ਅਤੇ ਕਾਲਜ ਦੇ ਵਿਦਿਆਰਥੀਆਂ ਤੇ ਸਟਾਫ਼ ਵਲੋਂ ਲੰਗਰ ਵਰਤਾਉਣ ਦੀ ਸੇਵਾ ਨਿਭਾਈ ਗਈ |