ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਨਿਰਭੈ ਸਿੰਘ)-ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਮੌਕੇ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਆਉਣ ਵਾਲੀ ਸੰਗਤ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ 'ਤੇ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਸੰਗਤ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪਿੰਡ ਰਿਉਣਾ ਨੀਵਾਂ ਤੋਂ ਰੁੜਕੀ ਬੱਸ ਅੱਡਾ ਵਾਇਆ ਪੰਜੋਲੀ ਕਲਾਂ, ਨਲੀਨਾ ਖ਼ੁਰਦ ਤੇ ਨਲੀਨਾ ਕਲਾਂ ਤੱਕ ਦੀ ਕਰੀਬ 7 ਕਿਲੋਮੀਟਰ ਲੰਮੀ ਸੜਕ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਕੀਤਾ | ਉਨ੍ਹਾਂ ਦੱਸਿਆ ਕਿ ਇਸ ਸੜਕ 'ਤੇ 1.25 ਕਰੋੜ ਰੁਪਏ ਖ਼ਰਚ ਆਉਣਗੇ ਤੇ ਸੜਕ ਦਾ ਕੰਮ ਸ਼ਹੀਦੀ ਸਭਾ ਤੋਂ ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ | ਇਸ ਸੜਕ ਦੇ ਨਵ ਨਿਰਮਾਣ ਨਾਲ ਵੱਡੀ ਗਿਣਤੀ 'ਚ ਪਿੰਡਾਂ ਦੇ ਲੋਕ ਰਾਹਤ ਮਹਿਸੂਸ ਕਰਨਗੇ | ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਸ਼ਹੀਦੀ ਸਭਾ ਨੂੰ ਵੇਖਦੇ ਹੋਏ ਛੇਤੀ ਹੀ ਹਲਕੇ ਦੀਆਂ ਪ੍ਰਮੁੱਖ ਸੜਕਾਂ ਤੇ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਸਾਫ਼ ਸਫ਼ਾਈ ਦੀ ਮੁਹਿੰਮ ਵੀ ਜੰਗੀ ਪੱਧਰ 'ਤੇ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਸ਼ਹੀਦੀ ਸਭਾ ਤੋਂ ਪਹਿਲਾਂ ਹਲਕੇ ਦੀਆਂ ਸੜਕਾਂ ਦੀ ਨੁਹਾਰ ਬਦਲ ਦਿੱਤੀ ਜਾਵੇਗੀ | ਵਿਧਾਇਕ ਨੇ ਦੱਸਿਆ ਕਿ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਏ ਗਏ ਜਨਤਕ ਪਖਾਨਿਆਂ ਦੀ ਸਾਫ਼ ਸਫ਼ਾਈ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਕਰਵਾਈ ਜਾ ਰਹੀ ਹੈ ਅਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਆਉਂਦੀਆਂ ਸੜਕਾਂ 'ਤੇ ਲੱਗੀਆਂ ਸਟਰੀਟ ਲਾਈਟਾਂ ਦਾ ਕੰਮ ਵੀ ਕਰਵਾਇਆ ਜਾ ਰਿਹਾ ਹੈ |