ਪਟਿਆਲਾ, 17 ਅਕਤੂਬਰ (ਅ.ਸ. ਆਹਲੂਵਾਲੀਆ)-ਆਮ ਆਦਮੀ ਪਾਰਟੀ ਦੇ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਅਨੁਸੂਚਿਤ ਜਾਤੀ ਦੀ ਔਰਤ ਅਤੇ ਹੋਰਨਾਂ ਨਾਲ ਜਾਤੀ ਸੂਚਕ ਸ਼ਬਦਾਵਲੀ ਤੇ ਦੁਰਵਿਵਹਾਰ ਅਤੇ ਪ੍ਰੇਸ਼ਾਨ ਕਰਨ ਦੇ ਦੋਸ਼ ਵਿਚ ਅਦਾਲਤ ਸਖ਼ਤ ਸਜਾ ਸੁਣਾਈ ਹੈ, ਇਹ ਜਾਣਕਾਰੀ ਦਿੰਦਿਆਂ ਹੋਇਆ ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ, ਇਹ ਪਾਰਟੀ ਦੀ ਕਾਰਜਸ਼ੈਲੀ ਨੂੰ ਦਰਸਾਉਂਦਾ ਹੈ, ਵਿਧਾਇਕ ਵਿਰੁੱਧ ਕਾਰਵਾਈ ਨਾ ਕਰਕੇ, ਨੈਤਿਕਤਾ ਦਾ ਮਖ਼ੌਲ ਉਡਾਇਆ ਜਾ ਰਿਹਾ ਹੈ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਪ੍ਰਤੀ ਦੋਹਰਾ ਮਾਪਦੰਡਾਂ, ਵਿਤਕਰੇ ਅਤੇ ਅਪਮਾਨ ਕਰਨ ਵਰਗਾ ਸਲੂਕ ਕੀਤਾ ਜਾ ਰਿਹਾ ਹੈ ਜੋ ਅਤਿ ਨਿਰਾਸ਼ਾਜਨਕ ਅਤੇ ਨਿੰਦਣਯੋਗ ਹੈ | ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦਾ ਦਲਿਤ ਵਿਰੋਧੀ ਚਿਹਰਾ ਬੇਨਕਾਬ ਹੋਇਆ ਹੈ | ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਆਬਾਦੀ ਦਾ 35 ਫ਼ੀਸਦੀ ਹਿੱਸਾ ਬਣਨ ਵਾਲੇ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਸਤਿਕਾਰ ਅਤੇ ਰਾਜ ਸਭਾ 'ਚ ਪ੍ਰਤੀਨਿਧਤਾ ਪ੍ਰਦਾਨ ਕਰਨ ਵਿੱਚ ਆਮ ਆਦਮੀ ਪਾਰਟੀ ਅਸਫਲ ਸਾਬਤ ਹੋਈ ਹੈ | ਸ. ਕੈਂਥ ਨੇ ਕਿਹਾ ਕਿ ਪੰਜਾਬ ਵਿੱਚ ਸੱਤ ਰਾਜ ਸਭਾ ਸੀਟਾਂ ਹਨ, ਅਤੇ ਉਨ੍ਹਾਂ ਵਿਚੋਂ ਇਕ ਲਈ ਉਪ ਚੋਣ 24 ਅਕਤੂਬਰ ਨੂੰ ਹੋਣੀ ਹੈ | ਕਾਂਗਰਸ ਅਤੇ ਅਕਾਲੀ ਦਲ ਨੇ ਪੰਜਾਬ ਵਿਚ ਉਨ੍ਹਾਂ ਦੀ ਵੱਡੀ ਆਬਾਦੀ ਨੂੰ ਦੇਖਦੇ ਹੋਏ ਹਮੇਸ਼ਾ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਉਨ੍ਹਾਂ ਦਾ ਬਣਦਾ ਹਿੱਸਾ ਦਿੱਤਾ ਹੈ | ਹਾਲਾਂਕਿ, ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਉਨ੍ਹਾਂ ਦਾ ਬਣਦਾ ਹਿੱਸਾ ਦੇਣ ਤੋਂ ਇਨਕਾਰ ਕਰਕੇ ਉਨ੍ਹਾਂ ਨਾਲ ਧੋਖਾ ਕੀਤਾ ਹੈ, ਜਦੋਂ ਕਿ ਪਾਰਟੀ ਦੇ ਦਲਿਤ ਮੰਤਰੀ ਅਤੇ ਵਿਧਾਇਕ ਇਸ ਗੰਭੀਰ ਮੁੱਦੇ 'ਤੇ ਖ਼ਾਮੋਸ਼ ਹਨ, ਜੋ ਕਿ ਬਹੁਤ ਨਿੰਦਣਯੋਗ ਹੈ |