ਫ਼ਤਹਿਗੜ੍ਹ ਸਾਹਿਬ, 23 ਅਕਤੂਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਪਵਿੱਤਰ ਦਿਹਾੜੇ ਮੌਕੇ ਐਜੂਕੇਸ਼ਨਲ ਸੋਸ਼ਲ ਵੈੱਲਫੇਅਰ ਸੁਸਾਇਟੀ ਅਤੇ ਸਿੱਖਿਆ ਵਿਭਾਗ ਵਲੋਂ ਸੰਗਤੀ ਰੂਪ ਵਿਚ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ | ਜਿਸ ਵਿਚ ਯੂਨੀਵਰਸਿਟੀ ਦੇ ਅਧਿਆਪਕਾਂ, ਵਿਦਿਆਰਥੀਆਂ ਅਤੇ ਨਾਨ ਟੀਚਿੰਗ ਸਟਾਫ਼ ਮੈਂਬਰਾਂ ਨੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਅਰਦਾਸ ਵਿਚ ਹਿੱਸਾ ਲਿਆ | ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਪਰਿਤ ਪਾਲ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਪ੍ਰਕਾਸ਼ਮਾਨ ਅਬਿਨਾਸ਼ੀ ਗਿਆਨ ਮਨੁੱਖਤਾ ਨੂੰ ਦਇਆ, ਧਰਮ ਅਤੇ ਏਕਤਾ ਦੇ ਰਸਤੇ ਤੇ ਲੈ ਜਾਂਦਾ ਹੈ | ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ ਡੀਨ ਅਕਾਦਮਿਕ ਮਾਮਲੇ ਨੇ ਸਿੱਖਿਆ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕਲਿਆਣਕਾਰੀ ਉਪਦੇਸ਼ ਨੂੰ ਗ੍ਰਹਿਣ ਕਰਨ ਦੇ ਨਾਲ-ਨਾਲ ਪ੍ਰਚਾਰ ਤੇ ਪ੍ਰਸਾਰ ਵੀ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਵਿਭਾਗ ਨੇ ਸ਼ਰਧਾ ਨਾਲ ਸਮਾਗਮ ਆਯੋਜਿਤ ਕੀਤਾ ਅਤੇ ਵਿਦਿਆਰਥੀਆਂ ਵਿਚ ਅਧਿਆਤਮਿਕ ਤੇ ਨੈਤਿਕ ਮੁੱਲਾਂ ਦੇ ਪ੍ਰਚਾਰ ਲਈ ਯੋਗਦਾਨ ਪਾਇਆ | ਸਮਾਗਮ ਦੀ ਸਮਾਪਤੀ ਗੁਰੂ ਦਾ ਲੰਗਰ ਨਾਲ ਵਰਤਾਉਣ ਮਗਰੋਂ ਹੋਈ, ਜੋ ਸਮਾਨਤਾ, ਸੇਵਾ ਅਤੇ ਭਾਈਚਾਰੇ ਦੀ ਭਾਵਨਾ ਦਾ ਪ੍ਰਤੀਕ ਹੈ |