ਫ਼ਤਹਿਗੜ੍ਹ ਸਾਹਿਬ, 23 ਅਕਤੂਬਰ (ਬਲਜਿੰਦਰ ਸਿੰਘ)-ਗੁਰਦੁਆਰਾ ਬਾਬਾ ਬੁੱਢਾ ਜੀ ਆਦਰਸ਼ ਨਗਰ ਸਰਹਿੰਦ ਵਿਖੇ ਬਾਬਾ ਬੁੱਢਾ ਜੀ ਦਾ 519ਵਾਂ ਜਨਮ ਦਿਹਾੜਾ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਜੋਤ ਸਿੰਘ ਦੇ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਸ਼ਬਦ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ | ਇਸ ਧਾਰਮਿਕ ਸਮਾਗਮ ਵਿਚ ਨੇੜਲੇ ਇਲਾਕਿਆਂ ਤੋਂ ਸੈਂਕੜਿਆਂ ਦੀ ਗਿਣਤੀ ਸੰਗਤਾਂ ਨੇ ਸ਼ਰਧਾ ਨਾਲ ਹਾਜ਼ਰੀ ਲਗਵਾਈ ਅਤੇ ਬਾਬਾ ਜੀ ਦੇ ਉਪਦੇਸ਼ਾਂ ਨੂੰ ਯਾਦ ਕੀਤਾ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮਹਿੰਦਰ ਸਿੰਘ ਮਾਨ, ਪ੍ਰਧਾਨ ਪਿ੍ਤਪਾਲ ਸਿੰਘ ਅਤੇ ਗ੍ਰੰਥੀ ਰਜਿੰਦਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਚ ਬਾਬਾ ਬੁੱਢਾ ਜੀ ਦਾ 519ਵਾਂ ਜਨਮ ਦਿਹਾੜਾ ਮਨਾਇਆ ਗਿਆ ਹੈ | ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਬਾਬਾ ਬੁੱਢਾ ਜੀ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੱਕ ਛੇ ਗੁਰੂ ਸਾਹਿਬਾਨਾਂ ਦੀ ਸੇਵਾ ਕਰਨ ਵਾਲੇ ਮਹਾਨ ਗੁਰਸਿੱਖ ਸਨ | ਉਨ੍ਹਾਂ ਦਾ ਜੀਵਨ ਸਾਨੂੰ ਨਿਮਰਤਾ, ਸੇਵਾ ਅਤੇ ਨਾਮ-ਸਿਮਰਨ ਦਾ ਪਾਠ ਪੜ੍ਹਾਉਂਦਾ ਹੈ | ਸਮਾਗਮ ਮਗਰੋਂ ਲੰਗਰ ਦਾ ਪ੍ਰਬੰਧ ਕੀਤਾ ਗਿਆ ਜਿਸ ਵਿਚ ਮਿੱਸੇ ਪ੍ਰਸ਼ਾਦਿਆਂ ਦੇ ਨਾਲ-ਨਾਲ ਅਚਾਰ, ਦਹੀਂ ਅਤੇ ਲੱਸੀ ਦਾ ਵਿਸ਼ੇਸ਼ ਲੰਗਰ ਵਰਤਾਇਆ ਗਿਆ | ਇਸ ਮੌਕੇ 'ਤੇ ਖ਼ਜ਼ਾਨਚੀ ਸਿਮਰਨਜੀਤ ਸਿੰਘ, ਪ੍ਰਤਾਪ ਸਿੰਘ ਰਾਠੌਰ, ਗੁਰਚਰਨ ਸਿੰਘ, ਗੁਰਵਿੰਦਰ ਸਿੰਘ ਰਾਜੂ, ਦਿਲਦਾਰ ਸਿੰਘ, ਰਜਿੰਦਰ ਸਿੰਘ ਰਾਠੌਰ, ਗੁਰਮੀਤ ਸਿੰਘ, ਸਰਬਜੀਤ ਸਿੰਘ, ਸਰਦਾਰ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਬੈਂਸ, ਗੁਰਦੀਸ਼ ਸਿੰਘ ਸਾਜਨ, ਸੁਰਿੰਦਰ ਸਿੰਘ, ਤਰਲੋਕ ਸਿੰਘ, ਗੁਰਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |