29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਡੀ. ਸੀ. ਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਕਿਸਾਨਾਂ ਨੂੰ ਪਰਾਲੀ ਸੰਭਾਲਣ 'ਚ ਮੋਹਰੀ ਬਣਨ ਦਾ ਦਿੱਤਾ ਸੱਦਾ <br/>

ਪਿੰਡ ਸਾਨੀਪੁਰ ਵਿਚ ਅਗਾਂਹਵਧੂ ਕਿਸਾਨਾਂ ਦੁਆਰਾ ਪਰਾਲੀ ਪ੍ਰਬੰਧਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਣ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਕਿਸਾਨਾਂ ਨਾਲ ਗੱਲਬਾਤ ਕਰਨ ਸਮੇਂ | ਤਸਵੀਰ: ਕਰਨ <br/> 01-11-2025
ਫ਼ਤਹਿਗੜ੍ਹ ਸਾਹਿਬ, 31 ਅਕਤੂਬਰ (ਬਲਜਿੰਦਰ ਸਿੰਘ)-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਨ ਦੇ ਰਾਖੇ ਬਣ ਕੇ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਭਵਿੱਖ ਵਿਚ ਕਦੇ ਵੀ ਪਰਾਲੀ ਨੂੰ ਸਾੜਿਆ ਨਹੀਂ ਜਾਵੇਗਾ ਬਲਕਿ ਧਰਤੀ ਦੀ ਉਪਜਾਊ ਸ਼ਕਤੀ ਵਧਾਉਣ ਅਤੇ ਵਿਆਪਕ ਲੋਕ ਹਿਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਖੇਤਾਂ ਵਿਚ ਹੀ ਪਰਾਲੀ ਪ੍ਰਬੰਧਨ ਨੂੰ ਤਰਜੀਹ ਦਿੱਤੀ ਜਾਵੇਗੀ | ਪਿੰਡ ਸਾਨੀਪੁਰ ਸਮੇਤ ਹੋਰ ਪਿੰਡਾਂ ਵਿਚ ਅਗਾਂਹਵਧੂ ਕਿਸਾਨਾਂ ਦੁਆਰਾ ਪਰਾਲੀ ਪ੍ਰਬੰਧਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਣ ਅਤੇ ਹੌਸਲਾ ਅਫ਼ਜ਼ਾਈ ਕਰਨ ਲਈ ਖੇਤੀਬਾੜੀ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਪੁੱਜੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਨਿਰੰਤਰ ਚਲਾਈਆਂ ਜਾਗਰੂਕਤਾ ਗਤੀਵਿਧੀਆਂ ਸਦਕਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸੂਝਵਾਨ ਕਿਸਾਨਾਂ ਨੇ ਪ੍ਰਸ਼ਾਸਨ ਨੂੰ ਭਰਪੂਰ ਸਹਿਯੋਗ ਦਿੱਤਾ ਹੈ ਜਿਸ ਦੇ ਚੱਲਦਿਆਂ ਇਸ ਵਾਰ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਵੱਡੀ ਕਟੌਤੀ ਦੇਖਣ ਨੂੰ ਮਿਲੀ ਹੈ | ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਜ਼ਿਲ੍ਹੇ ਦੇ ਕਈ ਪਿੰਡ ਪਰਾਲੀ ਸਾੜਨ ਦੇ ਮਾਮਲਿਆਂ 'ਚ ਹੌਟ ਸਪਾਟ ਮੰਨੇ ਜਾਂਦੇ ਸਨ ਪਰ ਕਿਸਾਨਾਂ ਨੇ ਪਰਾਲੀ ਨਾ ਸਾੜ ਕੇ ਹੁਣ ਮਨੁੱਖਤਾ ਦੀ ਸੇਵਾ ਦੇ ਸੁਹਿਰਦ ਫ਼ੈਸਲੇ ਲਏ ਹਨ ਅਤੇ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਜ਼ੀਰੋ ਸਹਿਣਸ਼ੀਲਤਾ ਅਪਣਾਈ ਜਾ ਰਹੀ ਹੈ | ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਪੁਲਿਸ ਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਤੇ ਅਧਾਰਤ ਚੌਕਸੀ ਟੀਮਾਂ 24 ਘੰਟੇ ਕਾਰਜਸ਼ੀਲ ਹਨ ਅਤੇ ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਵੀ ਸਰਕਾਰ ਦੇ ਹੁਕਮਾਂ ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ | ਇਸ ਦੌਰਾਨ ਉੱਚ ਅਧਿਕਾਰੀਆਂ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਦਰਪੇਸ਼ ਸਮੱਸਿਆਵਾਂ ਦਾ ਜਾਇਜ਼ਾ ਲੈਂਦੇ ਹੋਏ ਉਚਿੱਤ ਹੱਲ ਦਾ ਵਿਸ਼ਵਾਸ ਦਿਵਾਇਆ | ਇਸ ਦੌਰੇ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੇਵ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਦਮਨ ਝਾਂਜੀ, ਐਕਸੀਅਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਮੋਹਿਤ ਸਿੰਗਲਾ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਗੰਡਾਸੇ ਨਾਲ ਹਮਲਾ ਕਰ ਕੇ ਵਿਅਕਤੀ ਦਾ ਅੰਗੂਠਾ ਵੱਢਣ ਦੇ ਦੋਸ਼ 'ਚ ਖ਼ਿਲਾਫ਼ ਮੁਕੱਦਮਾ ਦਰਜ <br/> ਅਗਲੀ ਖ਼ਬਰ ਮੁੱਲਾਂਪੁਰ ਸੀਨੀ. ਸੈਕੰ. ਸਕੂਲ 'ਚ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।