ਬਸੀ ਪਠਾਣਾਂ, 4 ਨਵੰਬਰ (ਐਚ.ਐਸ.ਗੌਤਮ)-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪਿੰਡ ਰੈਲੋਂ ਵਿਖੇ ਕੀਰਤਨ ਦਰਬਾਰ ਸਜਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੁੰਦਿਆਂ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕੀਰਤਨ ਦਰਬਾਰ ਵਿਚ ਹਾਜ਼ਰੀ ਭਰੀ ਅਤੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਵਿਆਪਕ ਪੱਧਰ 'ਤੇ ਮਨਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਵਿਚ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸਿੱਜਦਾ ਕਰਨ ਲਈ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਸਿਧਾਂਤਾਂ, ਫ਼ਲਸਫ਼ੇ, ਬਾਣੀ ਤੇ ਮਹਾਨ ਕੁਰਬਾਨੀ ਬਾਰੇ ਜਾਣੂ ਕਰਵਾਇਆ ਜਾ ਸਕੇ | ਵਿਧਾਇਕ ਹੈਪੀ ਨੇ ਕਿਹਾ ਕਿ ਸਰਕਾਰ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ ਤੇ ਨੌਵੇਂ ਪਾਤਸ਼ਾਹ ਜੀ ਦੇ ਸੰਦੇਸ਼ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਲਈ ਅਹਿਮ ਕਦਮ ਹੈ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਕਿਸੇ ਇਕ ਧਰਮ ਜਾਂ ਫ਼ਿਰਕੇ ਲਈ ਨਹੀਂ ਬਲਕਿ ਸਮੁੱਚੀ ਮਾਨਵਤਾ ਦੇ ਮੌਲਿਕ ਅਧਿਕਾਰਾਂ ਤੇ ਸਨਮਾਨ ਲਈ ਸੀ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਬਾਰੇ ਬੱਚਿਆਂ ਤੇ ਨੌਜਵਾਨਾਂ ਨੂੰ ਜਾਣੂ ਕਰਵਾਉਣ ਲਈ ਹਲਕਾ ਬਸੀ ਪਠਾਣਾਂ ਦੇ ਵੱਖ-ਵੱਖ ਪਿੰਡਾਂ ਵਿਚ ਅਜਿਹੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਤਾਂ ਜੋ ਇਸ ਮਹਾਨ ਕੁਰਬਾਨੀ ਤੋਂ ਪ੍ਰੇਰਨਾ ਤੇ ਸੇਧ ਲਈ ਜਾ ਸਕੇ | ਇਸ ਮੌਕੇ ਸੰਗਤਾਂ ਨੇ ਇਲਾਹੀ ਬਾਣੀ ਦਾ ਆਨੰਦ ਮਾਣਿਆ | ਇਸ ਮੌਕੇ ਬੀ. ਡੀ. ਪੀ. ਓ. ਗੁਰਮਿੰਦਰ ਸਿੰਘ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ, ਗ੍ਰਾਮ ਪੰਚਾਇਤ ਤੇ ਪਿੰਡ ਦੇ ਵੱਡੀ ਗਿਣਤੀ 'ਚ ਪਤਵੰਤੇ ਵੀ ਹਾਜ਼ਰ ਸਨ |