ਫ਼ਤਹਿਗੜ੍ਹ ਸਾਹਿਬ, 4 ਨਵੰਬਰ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਜਿਸ ਲੜੀ ਤਹਿਤ ਅੱਜ ਸ਼ਾਮ ਖੇਡ ਸਟੇਡੀਅਮ ਮਾਧੋਪੁਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਨੂੰ ਉਜਾਗਰ ਕਰਦਾ ਵਿਸ਼ੇਸ਼ ਲਾਈਟ ਐਂਡ ਸਾਊਾਡ ਸ਼ੋਅ ਕਰਵਾਇਆ ਗਿਆ | ਇਸ ਮੌਕੇ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸੌਂਦ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਇਸ ਉੱਦਮ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਮਾਗਮ ਨਾ ਕੇਵਲ ਪੰਜਾਬ ਲਈ ਸਗੋਂ ਸਮੁੱਚੇ ਦੇਸ਼ ਤੇ ਮਾਨਵਤਾ ਲਈ ਹਨ, ਜੋ ਕੁਰਬਾਨੀ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਦੇ ਪ੍ਰਤੀਕ ਵਜੋਂ ਬੇਮਿਸਾਲ ਮਹੱਤਵ ਰੱਖਦੇ ਹਨ | ਉਨ੍ਹਾਂ ਕਿਹਾ ਕਿ ਅਕਾਲ ਪੁਰਖ ਦੀ ਬਖਸ਼ਿਸ਼ ਨਾਲ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਤੇ ਉਨ੍ਹਾਂ ਦੇ ਪਿਆਰੇ ਸ਼ਹੀਦ ਗੁਰਸਿੱਖਾਂ ਨੂੰ ਯਾਦ ਕਰ ਰਹੀ ਹੈ | ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ 350 ਸਾਲਾ ਸ਼ਹੀਦੀ ਪੁਰਬ ਸੰਬੰਧੀ ਪੰਜਾਬ ਸਰਕਾਰ ਵਲੋਂ ਮਹੀਨੇ ਨਵੰਬਰ ਦੌਰਾਨ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿਚ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਤਾਂ ਜੋ ਮਹਾਨ ਸ਼ਹੀਦਾਂ ਦੇ ਜੀਵਨ ਸਿਧਾਂਤਾਂ ਬਾਰੇ ਬੱਚਿਆਂ, ਨੌਜਵਾਨ ਪੀੜ੍ਹੀ ਅਤੇ ਹਰੇਕ ਉਮਰ ਵਰਗ ਦੇ ਲੋਕਾਂ ਨੂੰ ਜਾਣੂ ਕਰਵਾਇਆ ਜਾ ਸਕੇ | ਕੈਬਨਿਟ ਮੰਤਰੀ ਸੌਂਦ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਵਲੋਂ ਵਸਾਈ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ 23 ਤੋਂ 25 ਨਵੰਬਰ ਤੱਕ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਏ ਜਾਣਗੇ | ਸਮਾਗਮਾਂ ਦੀ ਸ਼ੁਰੂਆਤ 23 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਨਾਲ ਹੋਵੇਗੀ, ਜਿਸ ਉਪਰੰਤ ਸਰਬ ਧਰਮ ਸੰਮੇਲਨ, ਵਿਰਾਸਤ-ਏ-ਖਾਲਸਾ ਵਿਖੇ ਇਕ ਪ੍ਰਦਰਸ਼ਨੀ, ਸ਼ਾਮ 5 ਵਜੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਅਤੇ ਕੁਰਬਾਨੀ ਨੂੰ ਦਰਸਾਉਂਦਾ ਆਪਣੀ ਕਿਸਮ ਦਾ ਪਹਿਲਾ ਡ੍ਰੋਨ ਸ਼ੋਅ ਅਤੇ ਸ਼ਾਮ 6 ਵਜੇ ਕੀਰਤਨ ਦਰਬਾਰ ਹੋਵੇਗਾ | ਉਨ੍ਹਾਂ ਦੱਸਿਆ ਕਿ 24 ਨਵੰਬਰ ਨੂੰ ਨਗਰ ਕੀਰਤਨ 'ਸੀਸ ਭੇਟ' ਸ੍ਰੀ ਕੀਰਤਪੁਰ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਆਵੇਗਾ | ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਵਲੋਂ ਇਤਿਹਾਸ ਵਿਚ ਪਹਿਲੀ ਵਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਦੀ ਯਾਦਗਾਰ ਵਿਖੇ ਵਿਸ਼ੇਸ਼ ਇਜਲਾਸ ਕਰਵਾਇਆ ਜਾਵੇਗਾ ਤੇ 25 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪ੍ਰਸਿੱਧ ਕੀਰਤਨੀ ਜਥਿਆਂ ਵਲੋਂ ਨੌਵੇਂ ਪਾਤਸ਼ਾਹ ਜੀ ਦੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਜਾਵੇਗਾ | ਲਾਈਟ ਐਂਡ ਸਾਊਾਡ ਸ਼ੋਅ ਦੌਰਾਨ ਵਿਧਾਇਕ ਫ਼ਤਹਿਗੜ੍ਹ ਸਾਹਿਬ ਐਡਵੋਕੇਟ ਲਖਬੀਰ ਸਿੰਘ ਰਾਏ, ਵਿਧਾਇਕ ਬਸੀ ਪਠਾਣਾਂ ਰੁਪਿੰਦਰ ਸਿੰਘ ਹੈਪੀ ਤੇ ਵਿਧਾਇਕ ਅਮਲੋਹ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਵੀ ਸੰਗਤਾਂ ਨੂੰ ਸੰਬੋਧਨ ਕੀਤਾ | ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵਲੋਂ ਆਯੋਜਿਤ ਇਸ ਲਾਈਟ ਐਂਡ ਸਾਊਾਡ ਸ਼ੋਅ ਦਾ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਆਨੰਦ ਮਾਣਿਆ ਅਤੇ ਪੰਜਾਬ ਸਰਕਾਰ ਦਾ ਇਸ ਵਿਸ਼ੇ ਦੇ ਉਪਰਾਲੇ ਲਈ ਧੰਨਵਾਦ ਕੀਤਾ | ਸਮਾਗਮ ਦੀ ਸ਼ੁਰੂਆਤ ਵਿਚ ਭਾਈ ਸੁਖਵਿੰਦਰ ਸਿੰਘ ਅਨਮੋਲ ਦੇ ਢਾਡੀ ਜਥੇ ਨੇ ਗੁਰੂ ਸਾਹਿਬਾਨ ਦੇ ਜੀਵਨ ਅਤੇ ਸ਼ਹਾਦਤ ਨਾਲ ਸੰਬੰਧਿਤ ਵਾਰਾਂ ਗਾਇਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਵਰ੍ਹਦੇ ਮੀਂਹ ਵਿਚ ਵੀ ਹਜ਼ਾਰਾਂ ਸੰਗਤਾਂ ਨੇ ਪਰਿਵਾਰਾਂ ਸਮੇਤ ਲਾਈਟ ਐਂਡ ਸਾਊਾਡ ਸ਼ੋਅ ਦਾ ਆਨੰਦ ਮਾਣਿਆ | ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਐੱਸ.ਐੱਸ.ਪੀ. ਸ਼ੁਭਮ ਅਗਰਵਾਲ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ, ਰਾਜਸੀ ਆਗੂ ਸਮੇਤ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ |