19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ 'ਚ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ

ਅਜੀਤ ਡੈਸਕ 23-11-2025
ਫ਼ਤਹਿਗੜ੍ਹ ਸਾਹਿਬ, 22 ਨਵੰਬਰ (ਮਨਪ੍ਰੀਤ ਸਿੰਘ)-ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਜਾਏ ਗਏ ਮਹਾਨ ਨਗਰ ਕੀਰਤਨ ਦਾ ਪਹੁੰਚਣਾ ਇਕ ਅਲੌਕਿਕ ਦਿ੍ਸ਼ ਪੇਸ਼ ਕਰ ਗਿਆ | ਗੁਰਦੁਆਰਾ ਸਾਹਿਬ ਤੋਂ ਰਵਾਨਗੀ ਸਮੇਂ ਸੰਗਤਾਂ ਦਾ ਹਜ਼ਾਰਾਂ ਦੀ ਗਿਣਤੀ ਵਿਚ ਇਕੱਠ, ਸ਼ਰਧਾ ਦੇ ਸਾਗਰ ਵਾਂਗ ਉਮੜ ਪਿਆ | ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਤੇ ਜੈਕਾਰਿਆਂ ਦੀ ਗੂੰਜ ਨਾਲ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ | ਸ਼ਹਿਰ ਵਾਸੀਆਂ ਦੀ ਭਾਈਚਾਰਕ ਸਾਂਝ ਤੇ ਗੁਰੂ ਪ੍ਰਤੀ ਅਥਾਹ ਸ਼ਰਧਾ ਨੇ ਇਸ ਪਲ ਨੂੰ ਯਾਦਗਾਰੀ ਬਣਾ ਦਿੱਤਾ | ਇਸ ਮੌਕੇ ਸੰਤ ਬਾਬਾ ਲੱਖਾ ਸਿੰਘ, ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ, ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਏ.ਡੀ.ਸੀ. ਅਰਵਿੰਦ ਗੁਪਤਾ, ਮੁੱਖ ਮੰਤਰੀ ਫ਼ੀਲਡ ਅਫ਼ਸਰ ਸ਼ੰਕਰ ਸ਼ਰਮਾ ਸਮੇਤ ਵੱਡੀ ਗਿਣਤੀ ਵਿਚ ਹੋਰ ਪ੍ਰਸ਼ਾਸਨਿਕ, ਸਿਆਸੀ, ਧਾਰਮਿਕ, ਸਮਾਜਿਕ ਸ਼ਖ਼ਸੀਅਤਾਂ ਤੇ ਹਜ਼ਾਰਾਂ ਦੀ ਗਿਣਤੀ 'ਚ ਹਲਕਾ ਨਿਵਾਸੀ, ਸੰਗਤੀ ਰੂਪ 'ਚ ਸ਼ਾਮਿਲ ਹੋਏ | ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਨਮਾਨ ਵਜੋਂ ਗਾਰਡ ਆਫ਼ ਆਨਰ ਵੀ ਦਿੱਤਾ ਗਿਆ | ਵੱਡੀ ਗਿਣਤੀ ਸ਼ਰਧਾਲੂਆਂ ਸਮੇਤ ਨਗਰ ਕੀਰਤਨ ਦਾ ਸਵਾਗਤ ਕਰਨ ਪੁੱਜੇ, ਵਿਧਾਇਕ ਰਾਏ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੇ ਧਰਮ ਦੀ ਰਾਖੀ ਤੇ ਮਨੁੱਖੀ ਅਧਿਕਾਰਾਂ ਲਈ ਲੜਨ ਦਾ ਅਸੂਲ ਸਥਾਪਤ ਕੀਤਾ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹੀਦੀ ਕਿਸੇ ਇਕ ਧਰਮ ਲਈ ਨਹੀਂ, ਬਲਕਿ ਸਮੁੱਚੀ ਮਨੁੱਖਤਾ ਦੇ ਧਰਮ ਦੀ ਆਜ਼ਾਦੀ ਲਈ ਸੀ | ਇਸ ਤੋਂ ਪਹਿਲਾਂ ਬੀਤੀ ਦੇਰ ਰਾਤ ਵਿਧਾਇਕ ਰਾਏ ਸਮੇਤ ਹੋਰਨਾਂ ਨੇ ਸਾਨੀਪੁਰ ਚੌਂਕ ਵਿਖੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਅਤੇ ਗੁਰੂ ਸਾਹਿਬ ਦੀ ਮਹਾਨ ਸ਼ਹਾਦਤ ਨੂੰ ਸਿੱਜਦਾ ਕੀਤਾ | ਸ਼ਰਧਾਲੂਆਂ ਨੇ ਸੜਕ ਦੇ ਦੋਵੇਂ ਪਾਸੇ ਖੜ੍ਹ ਕੇ ਨਗਰ ਕੀਰਤਨ ਦਾ ਸ਼ਰਧਾ ਭਾਵਨਾ ਨਾਲ ਨਿੱਘਾ ਸਵਾਗਤ ਕੀਤਾ | ਨਗਰ ਕੀਰਤਨ ਵਿਚ ਸ਼ਾਮਿਲ ਪੰਜ ਪਿਆਰਿਆਂ, ਨਿਹੰਗ ਸਿੰਘ ਜਥੇਬੰਦੀਆਂ ਅਤੇ ਕੀਰਤਨੀ ਜਥਿਆਂ ਦਾ ਵੀ ਸਿਰੋਪਾਉ ਨਾਲ ਸਨਮਾਨ ਕੀਤਾ ਗਿਆ |
ਪਿਛਲੀ ਖ਼ਬਰ ਨੰਬਰਦਾਰ ਯੂਨੀਅਨ ਬਲਾਕ ਖਮਾਣੋਂ ਦੀ ਮਹੀਨਾਵਾਰ ਮੀਟਿੰਗ ਹੋਈ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।