ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਪੋਸਟ-ਗ੍ਰੈਜੂਏਟ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਪੰਜ ਇਤਿਹਾਸਿਕ ਗੁਰਧਾਮਾਂ ਦਾ ਧਾਰਮਿਕ ਦੌਰਾ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਮਕਾਰੋਂਮਪੁਰ, ਸੈਂਪਲੀ, ਪਮੌਰ, ਨੰਦਪੁਰ ਅਤੇ ਕਲੌੜ ਵਿਖੇ ਦਰਸ਼ਨ ਦੀਦਾਰੇ ਕਰਕੇ ਉੱਥੋਂ ਦੇ ਇਤਿਹਾਸ ਬਾਰੇ ਵਡਮੁੱਲੀ ਜਾਣਕਾਰੀ ਹਾਸਲ ਕੀਤੀ | ਇਹ ਦੌਰਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪਰਿਤਪਾਲ ਸਿੰਘ ਤੇ ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ ਦੀ ਰਹਿਨੁਮਾਈ ਹੇਠ ਆਯੋਜਿਤ ਕੀਤਾ ਗਿਆ | ਜਦੋਂਕਿ ਇਤਿਹਾਸ ਵਿਭਾਗ ਦੀ ਇੰਚਾਰਜ ਡਾ. ਜਸਪ੍ਰੀਤ ਕੌਰ ਨੇ ਧਾਰਮਿਕ ਯਾਤਰਾ ਦੌਰਾਨ ਵਿਦਿਆਰਥੀਆਂ ਦੀ ਅਗਵਾਈ ਕੀਤੀ | ਵਿਦਿਆਰਥੀਆਂ ਨੂੰ ਅਸਿਸਟੈਂਟ ਪ੍ਰੋਫ਼ੈਸਰ ਡਾ. ਅਮਨਦੀਪ ਕੌਰ ਅਤੇ ਪ੍ਰਨੀਤ ਕੌਰ ਨੇ ਇਨ੍ਹਾਂ ਅਸਥਾਨਾਂ ਦੇ ਇਤਿਹਾਸ ਨਾਲ ਜਾਣੂ ਕਰਵਾਇਆ | ਡਾ. ਪਰਿਤਪਾਲ ਸਿੰਘ ਨੇ ਕਿਹਾ ਕਿ ਇਹ ਦੌਰਾ ਵਿਦਿਆਰਥੀਆਂ ਲਈ ਸਿਰਫ਼ ਗਿਆਨ ਪ੍ਰਾਪਤ ਕਰਨ ਦਾ ਮਾਧਿਅਮ ਨਹੀਂ, ਸਗੋਂ ਸਿੱਖ ਇਤਿਹਾਸ ਨਾਲ ਸਿੱਧੇ ਤੌਰ 'ਤੇ ਜੁੜਨ ਦਾ ਵਡਮੁੱਲਾ ਮੌਕਾ ਹੈ |