ਬਟਾਲਾ, 15 ਜੂਨ (ਸਤਿੰਦਰ ਸਿੰਘ)-ਸਿਵਲ ਹਸਪਤਾਲ ਬਟਾਲਾ ਵਿਖੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਆਪਣੀਆਂ ਜਾਇਜ਼ ਮੰਗਾਂ ਦੀ ਸੁਣਵਾਈ ਨਾ ਹੋਣ ਕਰ ਕੇ ਸਰਕਾਰ ਪ੍ਰਤੀ ਰੋਸ ਪ੍ਰਗਟ ਕੀਤਾ ਗਿਆ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਐੱਨ. ਐੱਚ. ਐੱਮ. ਮੁਲਾਜ਼ਮਾ ਵਲੋਂ ਹਰ ਪੱਧਰ 'ਤੇ ਸਿਹਤ ਵਿਭਾਗ ਵਿਚ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਪ੍ਰੰਤੂ ਸਰਕਾਰ ਵਲੋਂ ਸਾਡੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੇ ਹੱਲ ਨਹੀਂ ਕੀਤੇ ਜਾ ਰਹੇ | ਉਨ੍ਹਾਂ ਕਿਹਾ ਕਿ ਇਸ ਸਬੰਧੀ ਯੂਨੀਅਨ ਵਲੋਂ ਸਮੇਂ-ਸਮੇਂ 'ਤੇ ਸਰਕਾਰ ਦੇ ਨੁਮਾਇੰਦਿਆਂ ਅਤੇ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਜਾਂਦਾ ਹੈ ਪਰ ਕਿਸੇ ਵਲੋਂ ਕੋਈ ਸਾਰ ਨਹੀਂ ਲਈ ਜਾ ਰਹੀ, ਜਿਸ ਕਰ ਕੇ ਅੱਜ ਸਮੂਹ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਵਲੋਂ ਆਪਣੇ-ਆਪਣੇ ਜ਼ਿਲ੍ਹੇ ਤੇ ਬਲਾਕ 'ਤੇ ਇਕੱਠੇ ਹੋ ਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ | ਉਨ੍ਹਾਂ ਦੱਸਿਆ ਕਿ 15 ਜੂਨ ਦਿਨ ਐਤਵਾਰ ਨੂੰ ਨੈਸ਼ਨਲ ਹੈਲਥ ਮਿਸ਼ਨ ਦੇ 9 ਹਜ਼ਾਰ ਮੁਲਾਜ਼ਮ ਲੁਧਿਆਣਾ ਵਿਖੇ ਇਕ ਵੱਡੀ ਰੈਲੀ ਕਰ ਕੇ ਸਰਕਾਰ ਦਾ ਪਿੱਟ ਸਿਆਪਾ ਕਰਨਗੇ | ਇਸ ਮੌਕੇ ਬਲਾਕ ਬਟਾਲਾ ਦੇ ਨੈਸ਼ਨਲ ਹੈਲਥ ਦੇ ਪ੍ਰਧਾਨ ਗੌਰਵ ਸ਼ਰਮਾ, ਪ੍ਰੈੱਸ ਸਕੱਤਰ ਗੁਰਚਰਨ ਸਿੰਘ, ਮੋਨਿਕਾ ਯਾਦਵ, ਬਲਜਿੰਦਰ ਸਿੰਘ, ਸਾਕਸ਼ੀ ਗੁਪਤਾ, ਸੁਖਦੀਪ ਸਿੰਘ, ਦਲਜੀਤ ਕੌਰ, ਗੀਤਾ ਦੇਵੀ, ਭੁਪਿੰਦਰ ਕੌਰ ਅਤੇ ਰਣਜੀਤ ਕੌਰ ਆਦਿ ਹਾਜ਼ਰ ਸਨ |