ਗੁਰਦਾਸਪੁਰ, 16 ਜੂਨ (ਅਸ਼ੋਕ ਸ਼ਰਮਾ)-ਵਧੀਕ ਡਿਪਟੀ ਕਮਿਸ਼ਨਰ (ਜ) ਡਾ: ਹਰਜਿੰਦਰ ਸਿੰਘ ਬੇਦੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬਿਨਾਂ ਕਿਸੇ ਦੇਰੀ ਆਪਣੇ ਵਿਭਾਗ ਨਾਲ ਸਬੰਧਿਤ ਹੜ੍ਹ ਰੋਕੂ ਪ੍ਰਬੰਧਾਂ ਨੂੰ ਮੁਕੰਮਲ ਕਰ ਲੈਣ ਤਾਂ ਜੋ ਆਉਣ ਵਾਲੇ ਬਰਸਾਤੀ ਸੀਜ਼ਨ ਦੌਰਾਨ ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਟਾਲਿਆ ਜਾ ਸਕੇ | ਇਸ ਸਬੰਧੀ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਡਾ: ਹਰਜਿੰਦਰ ਸਿੰਘ ਬੇਦੀ ਨੇ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿਚ ਪੈਂਦੇ ਸੇਮ ਨਾਲਿਆਂ ਨੂੰ ਸਾਫ਼ ਕਰਨ ਦਾ ਜੋ ਕੰਮ ਚੱਲ ਰਿਹਾ ਹੈ, ਉਸ ਨੂੰ ਜਲਦ ਮੁਕੰਮਲ ਕਰ ਲਿਆ ਜਾਵੇ ਤਾਂ ਜੋ ਬਰਸਾਤਾਂ ਦੌਰਾਨ ਪਾਣੀ ਦੀ ਨਿਕਾਸੀ 'ਚ ਰੋਕ ਨਾ ਆਵੇ | ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹੜ੍ਹ ਵਰਗੀ ਕਿਸੇ ਵੀ ਸੰਭਾਵੀ ਤ੍ਰਾਸਦੀ ਤੋਂ ਬਚਾਅ ਲਈ ਮੈਡੀਕਲ ਟੀਮਾਂ ਤੇ ਦਵਾਈਆਂ ਆਦਿ ਦੇ ਅਗੇਤੇ ਪ੍ਰਬੰਧ ਕਰਕੇ ਰੱਖਣ | ਉਨ੍ਹਾਂ ਕਿਹਾ ਕਿ ਸਬੰਧਿਤ ਵਿਭਾਗਾਂ ਵਲੋਂ ਲੋੜੀਂਦੀ ਗਿਣਤੀ 'ਚ ਕਿਸ਼ਤੀਆਂ, ਫੂਡ ਪੈਕ, ਪੀਣ ਵਾਲੇ ਪਾਣੀ ਤੇ ਹੋਰ ਲੋੜੀਂਦੇ ਪ੍ਰਬੰਧ ਕਰਕੇ ਵੀ ਰੱਖੇ ਜਾਣ | ਉਨ੍ਹਾਂ ਨੇ ਨਗਰ ਨਿਗਮ ਬਟਾਲਾ ਤੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸ਼ਹਿਰਾਂ ਵਿਚ ਸੀਵਰੇਜ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਤਾਂ ਜੋ ਨੀਵੇਂ ਇਲਾਕਿਆਂ ਵਿਚ ਪਾਣੀ ਭਰਨ ਤੋਂ ਰੋਕਿਆ ਜਾ ਸਕੇ | ਇਸ ਦੇ ਨਾਲ ਇਹ ਯਕੀਨੀ ਬਣਾਇਆ ਜਾਵੇ ਕਿ ਸ਼ਹਿਰਾਂ 'ਚੋਂ ਲੰਘਦੇ ਨਾਲੇ ਪੂਰੀ ਤਰਾਂ ਸਾਫ਼ ਹੋਣ ਤਾਂ ਜੋ ਉਨ੍ਹਾਂ ਦਾ ਪਾਣੀ ਸ਼ਹਿਰਾਂ 'ਚ ਹੜ੍ਹ ਦਾ ਕਾਰਨ ਨਾ ਬਣੇ | ਇਸ ਮੌਕੇ ਐੱਸ. ਡੀ. ਐੱਮ. ਦੀਨਾਨਗਰ ਜਸਪਿੰਦਰ ਸਿੰਘ, ਐੱਸ. ਡੀ. ਐੱਮ ਗੁਰਦਾਸਪੁਰ ਮਨਜੀਤ ਸਿੰਘ ਰਾਜਲਾ, ਸਹਾਇਕ ਕਮਿਸ਼ਨਰ ਰੁਪਿੰਦਰਪਾਲ ਸਿੰਘ, ਸਹਾਇਕ ਕਮਿਸ਼ਨਰ ਕੁਲਦੀਪ ਚੰਦ, ਜ਼ਿਲ੍ਹਾ ਮਾਲ ਅਫ਼ਸਰ ਜਸਕਰਨ ਸਿੰਘ, ਐਕਸੀਅਨ ਡਰੇਨਜ਼ ਦਿਲਪ੍ਰੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |