ਸ੍ਰੀ ਹਰਿਗੋਬਿੰਦਪੁਰ, 19 ਜੂਨ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਬਲਾਕ ਦੇ ਖੇਤੀਬਾੜੀ ਅਫ਼ਸਰ ਡਾ. ਸ਼ਾਹਬਾਜ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੇ ਬਦਲ ਦੇ ਰੂਪ ਵਿਚ ਮੱਕੀ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਾਇਲਟ ਪ੍ਰਾਜੈਕਟ ਅਧੀਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀ ਵਲੋਂ ਪਿੰਡ-ਪਿੰਡ ਪੁੱਜ ਕਿ ਕਿਸਾਨਾਂ ਨੂੰ ਮੱਕੀ ਦੀ ਫ਼ਸਲ ਬੀਜਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਸ੍ਰੀ ਹਰਿਗੋਬਿੰਦਪੁਰ ਬਲਾਕ ਦੇ ਕਈ ਪਿੰਡਾਂ ਦਾ ਦੌਰਾ ਬਲਾਕ ਦੇ ਖੇਤੀਬਾੜੀ ਅਧਿਕਾਰੀਆਂ ਨੂੰ ਨਾਲ ਲੈ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਖੇਤੀਬਾੜੀ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਮੱਕੀ ਦੀ ਫ਼ਸਲ ਦੀ ਬਿਜਾਈ ਕਰਨ ਲਈ ਨੁਮੈਟਿਕ ਸੀਡ ਡਰਿੱਲ ਵੀ ਕਿਸਾਨਾਂ ਨੂੰ ਸਬਸਿਡੀ 'ਤੇ ਮੁਹੱਈਆ ਕਰਵਾਈ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਪਾਇਲਟ ਪ੍ਰੋਜੈਕਟ ਨੂੰ ਕਾਮਯਾਬ ਕਰਨ ਲਈ ਖੇਤੀਬਾੜੀ ਵਿਭਾਗ ਵਲੋਂ ਬਲਾਕ ਪੱਧਰ 'ਤੇ ਕਿਸਾਨ ਮਿੱਤਰ ਵੀ ਰੱਖੇ ਗਏ ਹਨ, ਜੋ ਕਿ ਕਿਸਾਨਾਂ ਨਾਲ ਰਾਬਤਾ ਕਾਇਮ ਕਰ ਕੇ ਮੱਕੀ ਦੀ ਕਾਸ਼ਤ ਕਰਨ ਨੂੰ ਉਤਸ਼ਾਹਿਤ ਕਰਨ ਵਿਚ ਆਪਣਾ ਯੋਗਦਾਨ ਪਾ ਰਹੇ ਹਨ | ਇਸ ਸਮੇਂ ਬਲਾਕ ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਬਲਵਿੰਦਰ ਕੌਰ ਸਰਕਲ ਘੁਮਾਣ ਵਲੋਂ ਮੱਕੀ ਦੀ ਫ਼ਸਲ ਵਿਚ ਖਾਦਾਂ ਦੀ ਸੁਚੱਜੀ ਵਰਤੋਂ ਕਰਨ ਬਾਰੇ ਵੀ ਕਿਸਾਨਾਂ ਨੂੰ ਅਪੀਲ ਕੀਤੀ | ਇਸ ਸਮੇਂ ਗੁਰਸੇਵਕ ਸਿੰਘ ਖੇਤੀਬਾੜੀ ਉੱਪ ਨਿਰੀਖਿਕ, ਸਰਬਜੀਤ ਸਿੰਘ ਏਟੀਐੱਮ, ਦਲਜੀਤ ਸਿੰਘ ਦਕੋਹਾ, ਗੁਰਸ਼ਰਨਜੀਤ ਸਿੰਘ, ਪ੍ਰਦੀਪ ਸਿੰਘ, ਸ਼ੁੱਭਪ੍ਰੀਤ ਸਿੰਘ ਆਦਿ ਹਾਜ਼ਰ ਸਨ |