ਗੁਰਦਾਸਪੁਰ, 19 ਜੂਨ (ਚੱਕਰਾਜਾ)-ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੇ ਹੁਕਮਾਂ 'ਤੇ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਖ਼ਾਸ ਕਰਕੇ ਹਾੜੀ ਦੀਆਂ ਫ਼ਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਜ਼ਿਲ੍ਹਾ ਗੁਰਦਾਸਪੁਰ 'ਚ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ | ਜਿਸ ਤਹਿਤ ਜ਼ਿਲ੍ਹਾ ਪੱਧਰੀ ਟੀਮ ਵਲੋਂ ਬਲਾਕ ਦੀਨਾਨਗਰ ਦੇ ਪੇਂਡੂ ਖੇਤਰਾਂ ਵਿਚ ਖਾਦ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਤੇ ਗੁਦਾਮਾਂ ਦੀ ਚੈਕਿੰਗ ਕੀਤੀ ਗਈ | ਇਸ ਟੀਮ ਦੀ ਅਗਵਾਈ ਡਾ: ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੀ ਜਦੋਂ ਕਿ ਡਾ: ਮਨਪ੍ਰੀਤ ਸਿੰਘ ਖੇਤੀਬਾੜੀ ਅਫ਼ਸਰ, ਡਾ: ਗੁਰਪ੍ਰੀਤ ਸਿੰਘ, ਡਾ: ਬਲਜਿੰਦਰ ਸਿੰਘ ਖੇਤੀਬਾੜੀ ਅਫ਼ਸਰ ਅਤੇ ਡਾ: ਅੰਮਿ੍ਤਪਾਲ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਵੀ ਸ਼ਾਮਿਲ ਸਨ | ਮੁੱਖ ਖੇਤੀਬਾੜੀ ਅਫ਼ਸਰ ਡਾ: ਅਮਰੀਕ ਸਿੰਘ ਨੇ ਕਿਹਾ ਕਿ ਕਿਸਾਨਾਂ ਨੰੂ ਸਰਕਾਰ ਵਲੋਂ ਨਿਰਧਾਰਿਤ ਮੁੱਲ 'ਤੇ ਖੇਤੀ ਸਮਗਰੀ ਤੇ ਖਾਦਾਂ ਉਪਲਬਧ ਕਰਵਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਖਾਦ ਵਿਕ੍ਰੇਤਾਵਾਂ ਦੇ ਕਾਰੋਬਾਰ ਨਾਲ ਸਬੰਧਿਤ ਦੁਕਾਨਾਂ ਤੇ ਗੁਦਾਮਾਂ ਦੀ ਚੈਕਿੰਗ ਤੋਂ ਇਲਾਵਾ ਕਾਗ਼ਜ਼ਾਤਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਝੋਨੇ ਦੀ ਫ਼ਸਲ ਦੀ ਲਵਾਈ ਨੂੰ ਦੇਖਦਿਆਂ ਖਾਦਾਂ ਜਿਵੇਂ ਯੂਰੀਆ ਦੇ ਅਗਾਂਊਾ ਪ੍ਰਬੰਧ ਕੀਤੇ ਹਨ ਤਾਂ ਜੋ ਕਿਸੇ ਕਿਸਾਨ ਨੰੂ ਖਾਦ ਦੀ ਖ਼ਰੀਦ ਸਮੇਂ ਮੁਸ਼ਕਿਲ ਪੇਸ਼ ਨਾ ਆਵੇ | ਉਨ੍ਹਾਂ ਖਾਦ ਵਿਕ੍ਰੇਤਾਵਾਂ ਨੂੰ ਹਦਾਇਤ ਕੀਤੀ ਕਿ ਪੌਸ਼ ਮਸ਼ੀਨਾਂ 'ਚ ਮੌਜੂਦ ਵਿੱਕਰੀ ਕੀਤੀ ਖਾਦ ਦਾ ਸਟਾਕ ਨਿੱਲ ਕੀਤੀ ਜਾਵੇ ਅਤੇ ਯਕੀਨੀ ਬਣਾਇਆ ਜਾਵੇ ਕਿ ਪੌਸ਼ ਮਸ਼ੀਨਾਂ ਅਤੇ ਦੁਕਾਨ 'ਤੇ ਅਣਵਿਕੀ ਖਾਦ ਦਾ ਸਟਾਕ ਇਕਸਾਰ ਹੋਵੇ ਤਾਂ ਜੋ ਜ਼ਰੂਰਤ ਅਨੁਸਾਰ ਭਾਰਤ ਸਰਕਾਰ ਤੋਂ ਡੀ.ਏ.ਪੀ ਖਾਦ ਮਿਲ ਸਕੇ | ਉਨ੍ਹਾਂ ਸਮੂਹ ਡੀਲਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੈਂਸ ਅਤੇ ਹੋਰ ਦਸਤਾਵੇਜ਼ ਪੂਰੇ ਕਰਕੇ ਰੱਖਣ ਅਤੇ ਸਟਾਕ ਬੋਰਡ ਉੱਪਰ ਰੋਜ਼ਾਨਾ ਖਾਦ ਦਾ ਸਟਾਕ ਤੇ ਰੇਟ ਲਿਖਿਆ ਜਾਵੇ | ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ, ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ ਖ਼ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀੇ ਸ਼ਿਕਾਇਤ ਸੰਬੰਧਿਤ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫ਼ਸਰ ਨੂੰ ਕਰਨ |