ਗੁਰਦਾਸਪੁਰ, 20 ਜੂਨ (ਅਸ਼ੋਕ ਸ਼ਰਮਾ)-ਸਾਹਿਲ ਪਠਾਨੀਆ ਨੇ ਬਤੌਰ ਅੱੈਸ. ਐੱਚ. ਓ. ਪੁਰਾਣਾ ਸ਼ਾਲਾ ਦਾ ਚਾਰਜ ਸੰਭਾਲਣ ਉਪਰੰਤ ਦਫ਼ਤਰੀ ਕੰਮਕਾਜ ਆਰੰਭ ਕਰ ਦਿੱਤਾ ਹੈ | ਇਸ ਸਬੰਧੀ ਸਾਹਿਲ ਪਠਾਨੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਤੇ ਐੱਸ. ਐੱਸ. ਪੀ ਗੁਰਦਾਸਪੁਰ ਅਦਿੱਤਿਆ ਦੀ ਦੇਖਰੇਖ ਹੇਠ ਇਲਾਕੇ ਅੰਦਰ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਤੇਜ਼ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਲਾਕੇ ਅੰਦਰ ਅਮਨ ਸ਼ਾਂਤੀ ਕਾਇਮ ਰੱਖਣ ਦੇ ਨਾਲ-ਨਾਲ ਨਸ਼ੇ ਨੂੰ ਖ਼ਤਮ ਕਰਨ ਵਾਸਤੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਖ਼ਾਸ ਹਦਾਇਤਾਂ ਹਨ ਕਿ ਇਲਾਕੇ ਅੰਦਰ ਕਿਸੇ ਨਸ਼ਾ ਤਸਕਰ ਦੇ ਨਾਲ ਕੋਈ ਢਿੱਲ ਮੱਠ ਨਾ ਵਰਤੀ ਜਾਵੇ | ਉਨ੍ਹਾਂ ਕਿਹਾ ਕਿ ਇਲਾਕੇ ਅੰਦਰ ਗੁੰਡਾਗਰਦੀ ਖ਼ਤਮ ਕਰਨ ਦੇ ਨਾਲ-ਨਾਲ ਲੋਕਾਂ ਨੂੰ ਸਾਫ਼ ਸੁਥਰਾ ਪੁਲਿਸ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇਗਾ | ਉਨ੍ਹਾਂ ਜ਼ੋਰ ਦੇ ਕੇ ਇਹ ਗੱਲ ਆਖੀ ਕਿ ਥਾਣੇ ਵਿਚ ਕੁਤਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਮੈਡੀਕਲ ਸਟੋਰਾਂ 'ਤੇ ਗ਼ਲਤ ਕੰਮ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਕੋਈ ਵੀ ਜੇਕਰ ਨਾਜਾਇਜ਼ ਧੰਦਾ ਕਰਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਟਰੈਫ਼ਿਕ ਸਬੰਧੀ ਦੱਸਿਆ ਤੇ ਬੁਲਟ ਮੋਟਰਸਾਈਕਲ ਦੇ ਚਾਲਕਾਂ ਨੂੰ ਪਟਾਕੇ ਮਾਰਨ 'ਤੇ ਤਾੜਨਾ ਕੀਤੀ | ਉਨ੍ਹਾਂ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕਿਸੇ ਵੀ ਮੁਸ਼ਕਿਲ ਸਬੰਧੀ ਉਨ੍ਹਾਂ ਨਾਲ ਸਿੱਧੇ ਤੌਰ 'ਤੇ ਰਾਬਤਾ ਕਾਇਮ ਕਰ ਸਕਦੇ ਹਨ | ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਵੀ ਥਾਣੇ ਅੰਦਰ ਆਉਣ ਵਾਲੇ ਲੋਕਾਂ ਦੀ ਹਰ ਮੁਸ਼ਕਿਲ ਨੂੰ ਹੱਲ ਕਰਨ ਦੇ ਨਾਲ-ਨਾਲ ਪਿਆਰ ਨਾਲ ਪੇਸ਼ ਆਉਣ ਦੀਆਂ ਹਦਾਇਤਾਂ ਕੀਤੀਆਂ | ਉਨ੍ਹਾਂ ਕਿਹਾ ਕਿ ਜਲਦ ਹੀ ਇਲਾਕੇ ਦੇ ਪੰਚਾਂ, ਸਰਪੰਚਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਵਿਚਾਰ ਲਏ ਜਾਣਗੇ |