ਬਟਾਲਾ, 21 ਜੂਨ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਬਟਾਲਾ ਦੇ ਚੱਲ ਰਹੇ ਵਿਕਾਸ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਵਾਰਡ ਨੰਬਰ 46 ਵਿਚ ਲੋਕਾਂ ਦੀ ਮੰਗ ਪੂਰੀ ਕਰਦਿਆਂ ਨਵੀਂ ਗਲੀ ਬਣਾਉਣ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਗਲੀ ਦੇ ਨਿਰਮਾਣ ਕਾਰਜ ਹੋਣ ਨਾਲ ਆਵਾਜਾਈ ਸੁਖਾਲੀ ਹੋਵੇਗੀ ਤੇ ਰਾਹਗੀਰਾਂ ਨੂੰ ਵੱਡੀ ਰਾਹਤ ਮਿਲੇਗੀ | ਸ਼ਹਿਰ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਵਿਕਾਸ ਕਾਰਜ ਸ਼ੁਰੂ ਕਰਵਾਉਣ ਉਪਰੰਤ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਦੇ ਵਿਕਾਸ ਕਾਰਜ ਤੇਜ਼ ਗਤੀ ਨਾਲ ਜਾਰੀ ਹਨ ਅਤੇ ਵਿਕਾਸ ਪੱਖੋਂ ਬਟਾਲਾ ਦੀ ਨੁਹਾਰ ਬਦਲੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਅੰਦਰ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਉਹ ਦਿਨ-ਰਾਤ ਬਟਾਲਾ ਦੇ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ 24 ਘੰਟੇ ਲੋਕਾਂ ਦੀ ਕਚਹਿਰੀ ਵਿਚ ਹਾਜ਼ਰ ਰਹਿੰਦੇ ਹਨ | ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜ ਵਿਚ ਕਿਸੇ ਪ੍ਰਕਾਰ ਦੀ ਕੋਈ ਅਣਗਹਿਲੀ ਨਾ ਵਰਤੀ ਜਾਵੇ ਅਤੇ ਵਿਕਾਸ ਕੰਮ ਗੁਣਵੱਤਾ ਭਰਪੂਰ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾਵੇ | ਉਨਾਂ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਵਿਕਾਸ ਕਾਰਜਾਂ ਵਿਚ ਕਿਸੇ ਕਿਸਮ ਦੀ ਢਿੱਲਮੱਠ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ |