29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਕਾਂਗਰਸ ਪਾਰਟੀ ਵਲੋਂ ਦੀਨਾਨਗਰ ਵਿਖੇ ਵਿਸ਼ਾਲ ਸੰਵਿਧਾਨ ਬਚਾਓ ਰੈਲੀ <br/>

ਦੀਨਾਨਗਰ ਵਿਖੇ ਹੋਏ ਸੰਵਿਧਾਨ ਬਚਾਓ ਰੈਲੀ ਵਿਚ ਮੰਚ 'ਤੇ ਬੈਠੇ ਸੀਨੀਅਰ ਕਾਂਗਰਸੀ ਆਗੂ | <br/> 23-06-2025
ਦੀਨਾਨਗਰ, 22 ਜੂਨ (ਸੋਢੀ/ਸ਼ਰਮਾ)-ਪੰਜਾਬ ਕਾਂਗਰਸ ਪਾਰਟੀ ਦੇ ਆਦੇਸ਼ਾਂ ਅਨੁਸਾਰ ਸੂਬੇ ਵਿਚ ਜਾਰੀ ਸੰਵਿਧਾਨ ਬਚਾਓ ਰੈਲੀਆਂ ਦੀ ਕੜੀ ਵਿਚ ਅੱਜ ਦੀਨਾਨਗਰ ਦੇ ਤਾਜ ਹੈਰੀਟੇਜ ਵਿਖੇ ਵਿਧਾਇਕਾ ਅਰੁਣਾ ਚੌਧਰੀ ਦੀ ਪ੍ਰਧਾਨਗੀ 'ਚ ਵਿਸ਼ਾਲ ਸੰਵਿਧਾਨ ਬਚਾਓ ਰੈਲੀ ਹੋਈ ਜਿਸ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਸੁਜਾਨਪੁਰ ਦੇ ਵਿਧਾਇਕ ਨਰੇਸ਼ ਪੁਰੀ, ਕਾਂਗਰਸੀ ਆਗੂ ਅਸ਼ੋਕ ਚੌਧਰੀ, ਸੂਬਾ ਤੇ ਜ਼ਿਲ੍ਹਾ ਪੱਧਰ ਦੇ ਹੋਰ ਸੀਨੀਅਰ ਆਗੂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਗ਼ਲਤ ਤੇ ਲੋਕ ਵਿਰੋਧੀ ਨੀਤੀਆਂ ਸਦਕਾ ਅੱਜ ਸੂਬਾ ਵਿਕਾਸ ਦੇ ਪੱਖੋਂ ਪੰਜੀ ਸਾਲ ਪੱਛੜ ਗਿਆ ਹੈ ਤੇ ਸੂਬੇ ਦੇ ਲੋਕ ਸਰਕਾਰ ਦੀ ਕਾਰਜ ਸ਼ੈਲੀ ਤੋਂ ਪੂਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਹਨ | ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਸੰਵਿਧਾਨ ਦਾ ਉਲੰਘਣ ਕਰ ਰਹੀ ਹੈ ਤੇ ਸਰਕਾਰ ਨੂੰ ਸੰਵਿਧਾਨ ਨਾਲ ਖਿਲਵਾੜ ਕਿਸੇ ਵੀ ਹਾਲਤ 'ਚ ਨਹੀਂ ਕਰਨ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸੰਵਿਧਾਨ ਨੇ ਸਾਨੂੰ ਬਹੁਤ ਸਾਰੇ ਅਧਿਕਾਰ ਦਿੱਤੇ ਹਨ ਤੇ ਉਨ੍ਹਾਂ ਅਧਿਕਾਰਾਂ ਨੂੰ ਕੇਂਦਰ ਸਰਕਾਰ ਖੋਹਣ ਦੀ ਨਾਕਾਮ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸਦਾ ਕਿਸਾਨਾਂ ਦੇ ਹੱਕਾਂ ਦੀ ਲੜਾਈ ਲੜੀ, ਉਹ ਕਿਸਾਨਾਂ ਤੇ ਕਿਸਾਨੀ ਨੂੰ ਇਨਸਾਫ਼ ਦੁਆਉਣ ਲਈ ਹਮੇਸ਼ਾ ਕਿਸਾਨਾਂ ਦੇ ਨਾਲ ਖੜੀ ਰਹੇਗੀ | ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਾਂਗਰਸ ਪਾਰਟੀ 'ਚ ਵਰਕਰਾਂ ਦਾ ਪੂਰਾ ਮਾਣ ਸਤਿਕਾਰ ਹੁੰਦਾ ਹੈ, ਜਿਹੜਾ ਵਰਕਰ ਪਾਰਟੀ ਨਾਲ ਖੜ੍ਹਾ ਹੁੰਦਾ ਹੈ ਪਾਰਟੀ ਉਸ ਦਾ ਸਹਿਯੋਗ ਕਰਦੀ ਹੈ | ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਤੇ ਸੁਨੀਲ ਜਾਖੜ ਦੀ ਕੜੇ ਸ਼ਬਦਾਂ 'ਚ ਨਿੰਦਾ ਕਰਦਿਆਂ ਕਿਹਾ ਕਿ ਇਨ੍ਹਾਂ ਨੂੰ ਕਾਂਗਰਸ ਪਾਰਟੀ ਨੇ ਨੇਤਾ ਬਣਾਇਆ ਤੇ ਕਾਂਗਰਸ ਪਾਰਟੀ ਦੀ ਪਿੱਠ ਵਿਚ ਛੁਰਾ ਮਾਰ ਕੇ ਇਹ ਭਾਜਪਾ 'ਚ ਸ਼ਾਮਿਲ ਹੋ ਗਏ, ਅਜਿਹੇ ਨੇਤਾਵਾਂ ਨੂੰ ਲੋਕ ਕਦੇ ਮੂੰਹ ਨਹੀਂ ਲਗਾਉਣਗੇ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ | ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਕੇਂਦਰ ਸਰਕਾਰ ਸਾਡੇ ਦੇਸ਼ ਦੇ ਸੰਵਿਧਾਨ ਨੂੰ ਬਦਲਣ ਦੀ ਕੋਸ਼ਿਸ਼ ਕਰ ਰਹੀ ਹੈ ਤੇ ਲੋਕਾਂ ਨੂੰ ਸੰਵਿਧਾਨ ਨੂੰ ਬਚਾਉਣ ਲਈ ਇੱਕਜੁੱਟ ਹੋ ਕੇ ਯਤਨ ਕਰਨ ਸਬੰਧੀ ਜਾਗਰੂਕ ਕਰਨ ਦੇ ਮੰਤਵ ਨਾਲ ਇਹ ਰੈਲੀ ਕੀਤੀ ਜਾ ਰਹੀ ਹੈ | ਪ੍ਰਤਾਪ ਸਿੰਘ ਬਾਜਵਾ ਨੇ ਸੂਬਾ ਸਰਕਾਰ ਦੀ ਕੜੇ ਸ਼ਬਦਾਂ 'ਚ ਨਿੰਦਾ ਕਰਦਿਆਂ ਕਿਹਾ ਕਿ 'ਆਪ' ਨੇ ਸੂਬੇ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ, ਕੇਜਰੀਵਾਲ ਨੇ ਸੂਬੇ ਦੀਆਂ ਮਹਿਲਾਵਾਂ ਨੂੰ ਇਕ ਹਜ਼ਾਰ ਮਹੀਨਾ ਦੇਣ ਦਾ ਵਾਅਦਾ ਪੂਰਾ ਨਾ ਕਰਕੇ ਮਹਿਲਾਵਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਹਰ ਖੇਤਰ 'ਚ ਵਿਤਕਰਾ ਕਰ ਰਹੀ ਹੈ | ਸੂਬਾ ਸਰਕਾਰ ਸੂਬੇ ਦੇ ਵਿਕਾਸ ਵੱਲ ਧਿਆਨ ਨਾ ਦੇ ਕੇ ਝੂਠੇ ਇਸ਼ਤਿਹਾਰਾਂ ਤੇ ਪੋਸਟਰਾਂ ਰਾਹੀਂ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਸਹਿਯੋਗ ਕਰਨ ਤੇ ਕਾਂਗਰਸ ਪਾਰਟੀ ਹਮੇਸ਼ਾ ਵਾਂਗੂ ਸੂਬੇ ਦੇ ਲੋਕਾਂ ਦੀਆਂ ਆਸ਼ਾਵਾਂ 'ਤੇ ਖਰਾ ਉੱਤਰੇਗੀ | ਵਿਧਾਇਕਾ ਅਰੁਣਾ ਚੌਧਰੀ ਨੇ ਕਿਹਾ ਕਿ ਆਪ ਸਰਕਾਰ ਨੇ ਸੂਬੇ ਵਿਚ ਲੁੱਟਣ ਤੇ ਕੁੱਟਣ ਦਾ ਕੰਮ ਕੀਤਾ ਹੈ ਤੇ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਪੰਜਾਬ ਪੱਛੜ ਗਿਆ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ, ਭਾਜਪਾ ਸਾਡੇ ਸੰਵਿਧਾਨ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਸਾਡੇ ਅਧਿਕਾਰਾਂ 'ਤੇ ਡਾਕਾ ਮਾਰਨ ਦੀ ਕੋਸ਼ਿਸ਼ ਕਰ ਰਹੀ ਹੈ | ਸੀਨੀਅਰ ਕਾਂਗਰਸੀ ਆਗੂ ਅਸ਼ੋਕ ਚੌਧਰੀ ਨੇ ਆਏ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਪਾਰਟੀ ਨੂੰ ਇੱਗਜੁੱਟ ਹੋ ਕੇ ਮਜ਼ਬੂਤ ਬਣਾਉਣ ਦਾ ਸੱਦਾ ਦਿੱਤਾ | ਰੈਲੀ ਦੇ ਬਾਅਦ ਵਿਧਾਇਕਾ ਅਰੁਣਾ ਚੌਧਰੀ ਤੇ ਅਸ਼ੋਕ ਚੌਧਰੀ ਵਲੋਂ ਆਏ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ |

ਪਿਛਲੀ ਖ਼ਬਰ ਸਹਾਰਾ ਕਲੱਬ ਵਲੋਂ ਨਸ਼ਿਆਂ ਵਿਰੁੱਧ ਰੈਲੀ ਕੱਢੀ-ਡੀ. ਐੱਸ. ਪੀ. ਕਸਤੂਰੀ ਲਾਲ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਅਗਲੀ ਖ਼ਬਰ ਸੋੋਨੀਆ ਮਾਨ ਵਲੋਂ ਸਰਕਾਰੀ ਨਸ਼ਾ ਛੁਡਾਊ ਤੇ ਪੁਨਰਵਾਸ ਕੇਂਦਰ ਗੁਰਦਾਸਪੁਰ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।