ਧਿਆਨਪੁਰ, 22 ਜੂਨ (ਕੁਲਦੀਪ ਸਿੰਘ ਸੋਨੂੰ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਦਿਆਲਾ , ਭਾਈ ਮਤੀ ਦਾਸ ਅਤੇ ਭਾਈ ਸਤੀ ਦਾਸ ਦੀ ਸ਼ਹੀਦੀ ਸ਼ਤਾਬਦੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਗੱਦੀ ਦਿਵਸ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗਰਮੀਆਂ ਦੀਆਂ ਛੁੱਟੀਆਂ ਵਿਚ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਲਈ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਉਦੋਵਾਲੀ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਅਤੇ ਪਿੰਡ ਖੋਦੇ ਬਾਂਗਰ ਦੇ ਗੁਰਦੁਆਰਾ ਸਿੰਘ ਸਭਾ ਚੜਦੀ ਪੱਤੀ ਵਿਖੇ ਬੱਚਿਆਂ ਦੇ ਗੁਰਮਤਿ ਸਿਖਲਾਈ ਕੈਂਪ ਲਗਾਏ ਗਏ | ਇਨ੍ਹਾਂ ਗੁਰਮਤਿ ਸਿਖਲਾਈ ਕੈਂਪਾਂ ਵਿਚ ਵੱਡੀ ਗਿਣਤੀ ਵਿਚ ਬੱਚਿਆਂ ਵਲੋਂ ਹਾਜ਼ਰੀ ਭਰੀ ਗਈ, ਜਿਨਾਂ ਨੂੰ ਗੋਲਡ ਮੈਡਲਿਸਟ ਕਵੀਸ਼ਰ ਭਾਈ ਸੁੱਚਾ ਸਿੰਘ ਡੇਰਾ ਪਠਾਣਾਂ, ਭਾਈ ਹਰਪਾਲ ਸਿੰਘ ਭੋਲੇਕੇ ਪ੍ਰਚਾਰਕ, ਬੀਬੀ ਸਰਬਜੋਤ ਕੌਰ ਪ੍ਰਚਾਰਕ, ਭਾਈ ਹਿੰਮਤਬੀਰ ਸਿੰਘ ਵੀਲ੍ਹਾ ਪ੍ਰਚਾਰਕ ਜਥੇ ਵਲੋਂ ਸਿੱਖ ਇਤਿਹਾਸ, ਸਿੱਖ ਰਹਿਤ ਮਰਿਯਾਦਾ, ਸਿੱਖੀ ਸਿਧਾਂਤਾਂ ਦੀ ਮੁਢਲੀ ਜਾਣਕਾਰੀ ਦਿੱਤੀ ਗਈ | ਗੁਰਮਤਿ ਸਿਖਲਾਈ ਕੈਂਪਾਂ ਦੀ ਸਮਾਪਤੀ 'ਤੇ ਬੱਚਿਆਂ ਨੂੰ ਧਰਮ ਪ੍ਰਚਾਰ ਕਮੇਟੀ ਵਲੋਂ ਤਗਮੇ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਾਬਾ ਬਲਵਿੰਦਰ ਸਿੰਘ, ਬਾਬਾ ਸੁੱਚਾ ਸਿੰਘ, ਰਾਗੀ ਭਾਈ ਬਰਿੰਦਰ ਸਿੰਘ, ਬਿਕਰਮਜੀਤ ਸਿੰਘ ਉਦੋਵਾਲੀ ਅਤੇ ਹੋਰ ਸੰਗਤਾਂ ਵਲੋਂ ਹਾਜ਼ਰੀ ਭਰੀ ਗਈ |