ਬਟਾਲਾ, 21 ਸਤੰਬਰ (ਸਤਿੰਦਰ ਸਿੰਘ)-ਸਾਬਕਾ ਕੇਂਦਰੀ ਮੰਤਰੀ ਤੇ ਅਬਜ਼ਰਵਰ ਭਾਰਤ ਸਿਨ੍ਹਾ ਸੌਲੰਕੀ ਅੱਜ ਬਟਾਲਾ ਵਿਖੇ ਪਹੁੰਚੇ, ਜਿਨ੍ਹਾਂ ਦਾ ਸੀਨੀਅਰ ਕਾਂਗਰਸੀ ਲੀਡਰ ਐਡਵੋਕੇਟ ਅਮਨਦੀਪ ਜੈਂਤੀਪੁਰ ਵਲੋਂ ਆਪਣੇ ਸਾਥੀਆਂ ਸਮੇਤ ਕਾਂਗਰਸ ਭਵਨ ਵਿਖੇ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਸ੍ਰੀ ਭਾਰਤ ਸਿਨ੍ਹਾ ਸੌਲੰਕੀ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਦਾ ਮੁੱਖ ਮਕਸਦ ਕਾਂਗਰਸ ਦੇ ਨਵੇਂ ਜ਼ਿਲ੍ਹਾ ਪ੍ਰਧਾਨ ਦੀ ਚੋਣ ਸਬੰਧੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਪੂਰੇ ਪੰਜਾਬ 'ਚ ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਜਾਣਗੇ ਤੇ ਇਸੇ ਕੜੀ ਤਹਿਤ ਜ਼ਿਲ੍ਹਾ ਗੁਰਦਾਸਪੁਰ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਜਾਣਾ ਹੈ, ਜਿਸ ਨੂੰ ਲੈ ਕੇ ਪਾਰਟੀ ਵਲੋਂ ਉਨ੍ਹਾਂ ਦੀ ਡਿਊਟੀ ਲਗਾਈ ਗਈ ਹੈ ਤੇ ਉਹ ਪਾਰਟੀ ਦੇ ਲੀਡਰਾਂ ਤੇ ਜ਼ਮੀਨੀ ਪੱਧਰ 'ਤੇ ਕੰਮ ਕਰਨ ਵਾਲੇ ਵਰਕਰਾਂ ਨਾਲ ਮੁਲਾਕਾਤ ਤੇ ਮੀਟਿੰਗਾਂ ਕਰਕੇ ਉਨ੍ਹਾਂ ਦੀ ਰਾਏ ਜਾਣ ਰਹੇ ਹਨ ਤੇ ਸਾਰਿਆਂ ਦੇ ਸਲਾਹ-ਮਸ਼ਵਰੇ ਨਾਲ ਹੀ ਨਵੇਂ ਜ਼ਿਲ੍ਹਾ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੂਰੇ ਸੰਵਿਧਾਨਿਕ ਢੰਗ ਨਾਲ ਜ਼ਿਲ੍ਹਾ ਪ੍ਰਧਾਨ ਦੀ ਚੋਣ ਕਰੇਗੀ ਤੇ ਸਾਰਿਆਂ ਦੀ ਰਾਏ ਉਪਰੰਤ ਹੀ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਜਾਵੇਗਾ | ਇਸ ਮੌਕੇ ਬਟਾਲਾ ਹਲਕੇ ਦੇ ਸੀਨੀਅਰ ਕਾਂਗਰਸੀ ਲੀਡਰ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਕਿਹਾ ਕਿ ਅੱਜ ਛੋਟੇ ਜਿਹੇ ਸੱਦੇ 'ਤੇ ਵੱਡੀ ਗਿਣਤੀ ਵਿਚ ਕਾਂਗਰਸ ਭਵਨ ਵਿਖੇ ਪਹੁੰਚੇ ਕਾਂਗਰਸੀ ਆਗੂ, ਕੌਂਸਲਰ, ਸਰਪੰਚ, ਪੰਚ ਤੇ ਸਾਬਕਾ ਸਰਪੰਚਾਂ ਸਮੇਤ ਕਾਂਗਰਸੀ ਵਰਕਰਾਂ ਦਾ ਮੈਂ ਤਹਿ ਦਿਲੋਂ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਇਥੇ ਪਹੁੰਚ ਕੇ ਮੇਰਾ ਮਾਣ ਵਧਾਇਆ ਹੈ | ਉਨ੍ਹਾਂ ਕਿਹਾ ਕਿ ਸ੍ਰੀ ਭਾਰਤ ਸਿਨ੍ਹਾ ਸੌਲੰਕੀ, ਜੋ ਕਿ ਸਾਬਕਾ ਕੇਂਦਰੀ ਮੰਤਰੀ ਵੀ ਹਨ ਤੇ ਉਨ੍ਹਾਂ ਦੀ ਪਾਰਟੀ ਵਲੋਂ ਜ਼ਿਲ੍ਹਾ ਪ੍ਰਧਾਨ ਬਣਾਉਣ ਲਈ ਡਿਊਟੀ ਲਗਾਈ ਗਈ ਹੈ, ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਅਸੀਂ ਕਾਂਗਰਸ ਪਾਰਟੀ ਦੇ ਵਰਕਰ ਹਾਂ ਤੇ ਪਾਰਟੀ ਜਿਸ ਨੂੰ ਵੀ ਜ਼ਿਲ੍ਹਾ ਪ੍ਰਧਾਨ ਲਗਾਵੇਗੀ, ਅਸੀਂ ਖਿੜੇ ਮੱਥੇ ਪ੍ਰਵਾਨ ਕਰਾਂਗੇ | ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਖਾਸੀਅਤ ਹੈ ਤੇ ਬਹੁਤ ਹੀ ਵਧੀਆ ਕੰਮ ਹੈ ਕਿ ਕਾਂਗਰਸ ਪਾਰਟੀ ਵਰਕਰਾਂ ਦੀ ਸਲਾਹ ਅਨੁਸਾਰ ਹੀ ਨਵਾਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਕਰਨ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਾਨੂੰ ਪੂਰੀ ਉਮੀਦ ਹੈ ਕਿ ਪਾਰਟੀ ਹਾਈਕਮਾਨ ਜ਼ਿਲ੍ਹੇ ਨੂੰ ਨਵਾਂ ਕਾਂਗਰਸ ਦਾ ਪ੍ਰਧਾਨ ਜਲਦ ਹੀ ਮਿਲੇਗਾ | ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਕਿਹਾ ਕਿ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦਾ ਇਕ-ਇਕ ਵਰਕਰ ਪੂਰੀ ਤਰ੍ਹਾਂ ਤਿਆਰ ਹੈ ਤੇ ਇਸ ਵਾਰ ਪੰਜਾਬ ਅੰਦਰ ਮੁੜ ਕਾਂਗਰਸ ਸਰਕਾਰ ਬਣੇਗੀ, ਕਿਉਂਕਿ ਸੂਬੇ ਦੇ ਲੋਕ ਕਾਂਗਰਸ ਸਰਕਾਰ ਸਮੇਂ ਮਿਲੀਆਂ ਸਹੂਲਤਾਂ ਨੂੰ ਯਾਦ ਕਰ ਰਹੇ ਹਨ ਤੇ ਹੁਣ ਆਪਣਾ ਮਨ ਬਣਾ ਚੁੱਕੇ ਹਨ ਕਿ ਉਹ 2027 ਵਿਚ ਕਾਂਗਰਸ ਪਾਰਟੀ ਦੀ ਸਰਕਾਰ ਹੀ ਬਣਾਉਣਗੇ |