24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਹਰ ਹੜ੍ਹ ਪੀੜਤ ਨੂੰ ਸਰਕਾਰ ਵਲੋਂ ਮੁਆਵਜ਼ਾ ਦਿੱਤਾ ਜਾਵੇਗਾ- ਸ਼ਮਸ਼ੇਰ ਸਿੰਘ

ਅਜੀਤ ਡੈਸਕ 22-09-2025
ਦੀਨਾਨਗਰ, 21 ਸਤੰਬਰ (ਸੋਢੀ/ਸ਼ਰਮਾ)-ਪੰਜਾਬ ਵਿਚ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਸੂਬੇ ਭਰ ਵਿਚ ਵਿਸ਼ੇਸ਼ ਗਿਰਦਾਵਰੀ ਦਾ ਕੰਮ ਤੇਜ਼ੀ ਨਾਲ ਜਾਰੀ ਹੈ ਅਤੇ ਸੂਬੇ ਦੇ ਕਿਸੇ ਵੀ ਹੜ੍ਹ ਪ੍ਰਭਾਵਿਤ ਵਿਅਕਤੀ ਨੂੰ ਮੁਆਵਜ਼ੇ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਹੜ੍ਹ ਪ੍ਰਭਾਵਿਤਾਂ ਨੂੰ ਕੀਤੇ ਵਾਅਦੇ ਅਨੁਸਾਰ 45 ਦਿਨਾਂ ਦੇ ਅੰਦਰ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦੇ ਮੰਤਵ ਨਾਲ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ | ਜਿਸ ਲਈ ਸੂਬਾ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਵਿਸ਼ੇਸ਼ ਗਿਰਦਾਵਰੀ ਕਰਵਾਉਣ ਲਈ ਕੁੱਲ 2167 ਪਟਵਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਸਿਰਫ਼ ਗੁਰਦਾਸਪੁਰ ਜ਼ਿਲੇ੍ਹ ਅੰਦਰ ਹੀ 343 ਪਟਵਾਰੀ ਇਸ ਕੰਮ ਵਿਚ ਲੱਗੇ ਹੋਏ ਹਨ | ਵਿਸ਼ੇਸ਼ ਗਿਰਦਾਵਰੀ ਲਈ ਤਾਇਨਾਤ ਟੀਮਾਂ ਪਿੰਡ-ਪਿੰਡ ਜਾ ਕੇ ਖੇਤਾਂ ਦਾ ਨਿਰੀਖਣ ਕਰ ਰਹੀਆਂ ਹਨ ਅਤੇ ਫ਼ਸਲਾਂ ਤੇ ਘਰਾਂ ਦੇ ਨੁਕਸਾਨ ਅਤੇ ਪਸ਼ੂਆਂ ਦੀ ਮੌਤ ਬਾਰੇ ਵੀ ਰਿਪੋਰਟਾਂ ਤਿਆਰ ਕਰ ਰਹੀਆਂ ਹਨ | ਪੰਜਾਬ ਸਰਕਾਰ ਵਲੋਂ ਸੂਬੇ ਦੇ ਇਤਿਹਾਸ ਵਿਚ ਫਸਲਾਂ ਦੇ ਹੋਏ ਨੁਕਸਾਨ ਦੀ ਹੁਣ ਤੱਕ ਦੀ ਸਭ ਤੋਂ ਵੱਧ ਮੁਆਵਜ਼ਾ ਰਾਸ਼ੀ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਕਰਦਿਆਂ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਲਈ ਨਿਸ਼ਚਿਤ ਕੀਤੀ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਰਾਸ਼ੀ ਹੁਣ ਤੱਕ ਦੀ ਸਭ ਤੋਂ ਵੱਧ ਰਾਸ਼ੀ ਹੈ | ਉਨ੍ਹਾਂ ਨੇ ਫ਼ੀਲਡ ਵਿਚ ਵਿਸ਼ੇਸ਼ ਗਿਰਦਾਵਰੀ ਦਾ ਕੰਮ ਕਰ ਰਹੇ ਕਰਮਚਾਰੀਆਂ ਨੂੰ ਬਿਨਾਂ ਕਿਸੇ ਪੱਖਪਾਤ ਦੇ ਨਿਰਪੱਖ ਢੰਗ ਨਾਲ ਕੰਮ ਕਰਨ ਲਈ ਕਿਹਾ ਤਾਂ ਕਿ ਹਰ ਹੜ੍ਹ ਪ੍ਰਭਾਵਿਤ ਵਿਅਕਤੀ ਨੂੰ ਸਹੀ ਮੁਆਵਜ਼ਾ ਮਿਲ ਸਕੇ | ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨਾਂ ਅਤੇ ਹੋਰ ਅਹੁਦੇਦਾਰਾਂ ਨੂੰ ਵੀ ਕਿਹਾ ਕਿ ਉਹ ਵੀ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਕਿਸੇ ਵੀ ਪਿੰਡ ਵਿਚ ਕੋਈ ਵੀ ਹੜ੍ਹ ਪ੍ਰਭਾਵਿਤ ਵਿਅਕਤੀ ਮੁਆਵਜ਼ੇ ਤੋਂ ਵਾਂਝਾ ਨਾ ਰਹੇ |
ਪਿਛਲੀ ਖ਼ਬਰ ਸਹਾਇਕ ਕਮਿਸ਼ਨਰ ਕੁਲਦੀਪ ਚੰਦ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਅਗਲੀ ਖ਼ਬਰ ਦਿੱਲੀ ਤੋਂ ਕਟੜਾ ਜਾਣ ਵਾਲੀਆਂ ਰੇਲ ਗੱਡੀਆਂ ਵਾਇਆ ਗੁਰਦਾਸਪੁਰ ਰਾਹੀਂ ਚਲਾਉਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।