ਗੁਰਦਾਸਪੁਰ, 16 ਅਕਤੂਬਰ (ਸੰਜੀਵ ਗੁਪਤਾ)-ਸਰਪੰਚਾਂ ਲਈ ਇਕ ਵਿਸ਼ੇਸ਼ ਸੈਮੀਨਾਰ ਬਲਾਕ ਘਰੋਟਾ ਵਿਖੇ ਆਯੋਜਿਤ ਕੀਤਾ ਗਿਆ | ਸੈਮੀਨਾਰ ਦਾ ਮੁੱਖ ਉਦੇਸ਼ ਮਹਿਲਾ ਸਰਪੰਚਾਂ ਨੂੰ ਪੰਚਾਇਤੀ ਪ੍ਰਣਾਲੀ ਵਿਚ ਉਨ੍ਹਾਂ ਦੀ ਭੂਮਿਕਾ, ਜ਼ਿੰਮੇਵਾਰੀਆਂ ਤੇ ਸਰਕਾਰੀ ਯੋਜਨਾਵਾਂ ਬਾਰੇ ਜਾਣੂ ਕਰਵਾਉਣਾ ਸੀ, ਤਾਂ ਜੋ ਉਹ ਪੇਂਡੂ ਪੱਧਰ 'ਤੇ ਵਿਕਾਸ ਕਾਰਜਾਂ ਵਿਚ ਹੋਰ ਪ੍ਰਭਾਵਸ਼ਾਲੀ ਤਰੀਕੇ ਨਾਲ ਯੋਗਦਾਨ ਪਾ ਸਕਣ | ਸੈਮੀਨਾਰ ਦੌਰਾਨ ਪ੍ਰਦੇਸ਼ਿਕ ਦਿਹਾਤੀ ਵਿਕਾਸ ਤੇ ਪੰਚਾਇਤੀ ਰਾਜ ਸੰਸਥਾ ਵਲੋਂ ਮੀਨੂ ਬਾਲਾ ਤੇ ਰਿਤੂ ਕਾਲੀਆ ਨੇ ਮਹਿਲਾ ਸਰਪੰਚਾਂ ਨੂੰ ਵੱਖ-ਵੱਖ ਖੇਡ ਗਤੀਵਿਧੀਆਂ ਰਾਹੀਂ ਪ੍ਰੇਰਿਤ ਕੀਤਾ | ਉਨ੍ਹਾਂ ਦੱਸਿਆ ਕਿ ਪੰਚਾਇਤੀ ਕਾਰਜਾਂ ਵਿਚ ਸਰਪੰਚ ਦੀ ਸਿਰਫ਼ ਪ੍ਰਸ਼ਾਸਨਿਕ ਹੀ ਨਹੀਂ, ਸਗੋਂ ਸਮਾਜਿਕ ਜ਼ਿੰਮੇਵਾਰੀ ਵੀ ਹੁੰਦੀ ਹੈ | ਮਹਿਲਾ ਸਰਪੰਚਾਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦੇ ਹੱਲ ਵੱਲ ਸਹਿਯੋਗੀ ਭੂਮਿਕਾ ਨਿਭਾਉਣੀ ਚਾਹੀਦੀ ਹੈ | ਬਲਾਕ ਡਿਵੈਲਪਮੈਂਟ ਐਂਡ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਵਿਜੇ ਕੁਮਾਰ ਨੇ ਪੰਚਾਇਤੀ ਪ੍ਰਣਾਲੀ ਦੇ ਕਾਨੂੰਨੀ ਤੇ ਪ੍ਰਸ਼ਾਸਨਿਕ ਪੱਖਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਵੱਖ-ਵੱਖ ਵਿਕਾਸ ਪ੍ਰੋਗਰਾਮਾਂ ਜਿਵੇਂ ਕਿ ਪਿੰਡਾਂ 'ਚ ਸਫ਼ਾਈ, ਸਿਹਤ, ਸਿੱਖਿਆ ਤੇ ਅÏਰਤਾਂ ਦੇ ਸਸ਼ਕਤੀਕਰਨ ਨਾਲ ਜੁੜੀਆਂ ਯੋਜਨਾਵਾਂ ਬਾਰੇ ਸਰਪੰਚਾਂ ਨੂੰ ਪੂਰੀ ਜਾਣਕਾਰੀ ਰੱਖਣੀ ਚਾਹੀਦੀ ਹੈ |