ਗੁਰਦਾਸਪੁਰ, 17 ਅਕਤੂਬਰ (ਅਸ਼ੋਕ ਸ਼ਰਮਾ)-ਪੰਜਾਬ ਦੀ ਬਿਹਤਰੀ ਤੇ ਲੋਕ ਭਲਾਈ ਕੰਮਾਂ ਨੂੰ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਦੀ ਪਾਰਟੀ ਹਮੇਸ਼ਾ ਪਹਿਲ ਦਿੰਦੀ ਹੈ ਤੇ ਲੋਕਾਂ ਨੂੰ ਹਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਪਰਮਵੀਰ ਸਿੰਘ ਲਾਡੀ ਨੇ ਗੁਰਦਾਸਪੁਰ ਵਿਖੇ ਕੀਤਾ | ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਦੁਆਰਾ ਪਹਿਲੀਆਂ ਸਰਕਾਰਾਂ ਵਲੋਂ ਜਿਹੜੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਨ, ਉਨ੍ਹਾਂ ਦੇ ਦੁਬਾਰਾ ਉਦਘਾਟਨ ਕਰਕੇ ਹਾਸੋਹੀਣ ਕੰਮ ਕੀਤਾ ਜਾ ਰਿਹਾ ਹੈ | ਜਿਸ ਨਾਲ ਪਾਰਟੀ ਇਕ ਮਜ਼ਾਕ ਜਿਹਾ ਬਣ ਗਈ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਅੰਦਰ ਲਾਅ ਐਂਡ ਆਰਡਰ ਬਹੁਤ ਬੁਰੀ ਤਰ੍ਹਾਂ ਨਾਲ ਫ਼ੇਲ੍ਹ ਹੋਣ ਦੇ ਨਾਲ ਗੁੰਡਾਗਰਦੀ ਵਿਚ ਅਥਾਹ ਵਾਧਾ ਹੋਇਆ ਹੈ ਤੇ ਹਰੇਕ ਨਾਗਰਿਕ ਆਪਣੇ-ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ | ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਪੂਰੀ ਤਰ੍ਹਾਂ ਭੰਗ ਹੋ ਚੁੱਕਾ ਹੈ ਅਤੇ ਸਰਕਾਰ ਤੋਂ ਲੋਕਾਂ ਦਾ ਵਿਸ਼ਵਾਸ ਉੱਠ ਚੁੱਕਿਆ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਦਾ ਵਿਕਾਸ ਅਸਲ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਹੋਇਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ 2027 ਦੀਆਂ ਵਿਧਾਨ ਸਭਾ ਚੋਣਾਂ ਆ ਰਹੀਆਂ ਹਨ ਤੇ ਪਾਰਟੀ ਵਰਕਰਾਂ ਤੇ ਆਗੂਆਂ ਵਲੋਂ ਪਹਿਲਾਂ ਤੋਂ ਹੀ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਆਰੰਭ ਕਰ ਦਿੱਤਾ ਗਿਆ ਹੈ | ਜਿਸ ਨਾਲ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਗਭਗ ਬਣਨਾ ਤੈਅ ਹੈ |