ਗੁਰਦਾਸਪੁਰ, 17 ਅਕਤੂਬਰ (ਚੱਕਰਾਜਾ)-ਅੱਜ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੱਦੇ 'ਤੇ ਇਕੱਤਰ ਹੋਏ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ | ਇਸ ਸਬੰਧੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਗੁਰਦਾਸਪੁਰ ਦੇ ਜ਼ਿਲ੍ਹਾ ਆਗੂਆਂ ਅਨਿਲ ਕੁਮਾਰ ਲਾਹੌਰੀਆ, ਪੇ੍ਰਮ ਕੁਮਾਰ, ਕੁਲਦੀਪ ਪੁਰੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 16 ਫੀਸਦੀ ਡੀ.ਏ. ਕੇਂਦਰ ਸਰਕਾਰ ਨਾਲੋਂ ਘੱਟ ਦਿੱਤਾ ਜਾ ਰਿਹਾ ਹੈ, ਪੁਰਾਣੀ ਪੈਨਸ਼ਨ ਬਹਾਲ ਨਹੀਂ ਕੀਤੀ ਗਈ, ਕੱਚੇ ਮੁਲਾਜ਼ਮਾਂ ਨੂੰ ਪੂਰੇ ਲਾਭ ਦੇ ਕੇ ਪੱਕੇ ਨਹੀਂ ਕੀਤਾ ਜਾ ਰਿਹਾ, ਮਿਡ ਡੇਅ ਮੀਲ ਵਰਕਰਾਂ, ਆਸ਼ਾ ਵਰਕਰਾਂ, ਆਂਗਣਵਾੜੀ ਸਫ਼ਾਈ ਕਰਮਚਾਰੀ, ਨਿਗੁਣੇ ਭੱਤਿਆਂ 'ਤੇ ਕੰਮ ਕਰ ਰਹੇ ਹਨ, 4/9/14 ਏ.ਸੀ.ਪੀ. ਸਕੀਮ ਬਹਾਲ ਨਹੀਂ ਕੀਤੀ ਜਾ ਰਹੀ, ਨਵੇਂ ਭਰਤੀ ਮੁਲਾਜ਼ਮਾਂ ਨੂੰ 6ਵਾਂ ਪੇਅ ਕਮਿਸ਼ਨ ਨਹੀਂ ਦਿੱਤਾ ਜਾ ਰਿਹਾ, ਹਜ਼ਾਰਾਂ ਖ਼ਾਲੀ ਅਸਾਮੀਆਂ ਉੱਪਰ ਭਰਤੀ ਨਹੀਂ ਕੀਤੀ ਜਾ ਰਹੀ, ਤਰੱਕੀਆਂ ਸਮਾਂ ਬੱਧ ਨਹੀਂ ਹੋ ਰਹੀਆਂ | ਆਗੂਆਂ ਨੇ ਕਿਹਾ ਕਿ ਸੂਬਾ ਆਗੂਆਂ ਨਾਲ ਕਈ ਵਾਰ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਹੋਰ ਮੰਤਰੀਆਂ ਵਲੋਂ ਲਾਰੇ ਲੱਪੇ ਲਗਾਏ ਜਾ ਰਹੇ ਹਨ | ਆਗੂਆਂ ਨੇ ਕਿਹਾ ਕਿ ਮੰਗਾਂ ਦਾ ਹੱਲ ਨਾ ਹੋਣ ਕਾਰਨ 16 ਨਵੰਬਰ ਨੂੰ ਸੰਗਰੂਰ ਵਿਖੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ ਕੀਤੀ ਜਾਣ ਵਾਲੀ ਰੈਲੀ ਵਿਚ ਗੁਰਦਾਸਪੁਰ ਤੋਂ ਵੱਡੀ ਗਿਣਤੀ ਵਿਚ ਮੁਲਾਜ਼ਮ ਹਿੱਸਾ ਲੈਣਗੇ | ਇਸ ਮੌਕੇ ਰਾਜਿੰਦਰ ਸਿੰਘ, ਹਰਜੀਤ ਸਿੰਘ, ਜੋਤ ਪ੍ਰਕਾਸ਼ ਸਿੰਘ, 6635 ਆਗੂ ਰਾਜਸੁਖਵਿੰਦਰ ਸਿੰਘ, ਗੁਰਮੁੱਖ ਸਿੰਘ,ਬਲਕਾਰ ਸਿੰਘ, ਕਪਿਲ ਸ਼ਰਮਾ, ਅਜੀਤ ਸਿੰਘ, ਰਜਨੀਸ਼ ਕੁਮਾਰ, ਰਮੇਸ਼ ਖੁੰਡਾ, ਕੁਲਵੰਤ ਸਿੰਘ, ਤਰਸੇਮ ਮਸੀਹ, ਮਹਿੰਦਰ ਸਿੰਘ, ਸਲੀਮ, ਲਵਜੀਤ, ਯਕੂਬ, ਵਰਿੰਦਰ ਆਦਿ ਹਾਜ਼ਰ ਸਨ |