ਬਟਾਲਾ, 4 ਦਸੰਬਰ (ਸਤਿੰਦਰ ਸਿੰਘ)- ਅੱਜ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪਿੰਡ ਸੇਖਵਾਂ ਤੋਂ ਸ: ਹਰਬੀਰ ਸਿੰਘ ਆਪਣੇ ਪਰਿਵਾਰ ਨਾਲ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ | ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਵਲੋਂ ਜਿੱਥੇ ਹਲਕੇ ਦੇ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਆਰੰਭਿਆ ਗਿਆ ਹੈ, ਉਸ ਦੇ ਨਾਲ ਵਿਰੋਧੀ ਪਾਰਟੀਆਂ ਖ਼ਾਸ ਕਰ ਕੇ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਿਵਾਰਾਂ ਨੂੰ 'ਆਪ' ਵਿਚ ਸ਼ਾਮਿਲ ਕਰਵਾਉਣ ਵਿਚ ਸਫ਼ਲ ਹੋਏ ਹਨ | 'ਆਪ' ਵਿਚ ਸ਼ਾਮਲ ਹੋਏ ਪਿੰਡ ਸੇਖਵਾਂ ਤੋਂ ਸ: ਹਰਬੀਰ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਦਾ ਨਿੱਘਾ ਸਵਾਗਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਲੋਕ ਵਿਕਾਸ ਦੀ ਰਾਜਨੀਤੀ ਵਿਚ ਵਿਸ਼ਵਾਸ ਰੱਖਦੇ ਹਨ ਅਤੇ 'ਆਪ' ਦੀ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ | ਹਲਕਾ ਬਟਾਲਾ ਦੇ ਵਿਕਾਸ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਕਰੋੜਾਂ ਰੁਪਏ ਦੇ ਵਿਕਾਸ ਕੰਮ ਕਰਵਾਏ ਜਾ ਚੁੱਕੇ ਹਨ | ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾ ਰਹੀ ਹੈ, ਜਿਸ ਤਹਿਤ ਪਿੰਡਾਂ ਵਿਚ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਗਏ ਹਨ | ਪਿੰਡਾਂ ਵਿਚ ਸ਼ਾਨਦਾਰ ਪਾਰਕਾਂ ਦੀ ਉਸਾਰੀ ਕੀਤੀ ਗਈ ਹੈ | ਪਿੰਡਾਂ ਵਿਚ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਏ ਜਾ ਰਹੇ ਹਨ ਤੇ ਹਲਕੇ ਦੇ ਪਿੰਡਾਂ ਵਿਚ ਵਿਕਾਸ ਕਾਰਜ ਨਿਰੰਤਰ ਜਾਰੀ ਹਨ | ਪਿੰਡ ਸੇਖਵਾਂ ਤੋਂ ਸ: ਹਰਬੀਰ ਸਿੰਘ ਨੇ 'ਆਪ' 'ਚ ਸ਼ਾਮਲ ਹੋਣ ਉਪਰੰਤ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਪਾਰਦਰਸ਼ੀ ਢੰਗ ਨੀਲ ਸਮੁੱਚੇ ਹਲਕੇ 'ਚ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਵਿਕਾਸ ਕੰਮ ਕਰਵਾ ਰਹੇ ਹਨ ਅਤੇ ਉਹ ਵਿਧਾਇਕ ਸ਼ੈਰੀ ਕਲਸੀ ਵਲੋਂ ਕਰਵਾਏ ਜਾ ਰਹੇ ਸਰਬਪੱਖੀ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ 'ਆਪ' ਨਾਲ ਜੁੜੇ ਹਨ |